ਵਿਦਿਆਰਥੀਆਂ ਦੀ ਸੁਰੱਖਿਆ ਲਈ ਬਲਾਕ ਪੱਧਰੀ ਓਰੀਐਂਟੇਸ਼ਨ
ਕੁਲਦੀਪ ਚੰਦ, ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ
ਅਧਿਆਪਕਾਂ ਨੇ ਲਈ ਵਿਸ਼ੇਸ਼ ਟ੍ਰੇਨਿੰਗ
ਰੋਹਿਤ ਗੁਪਤਾ
ਗੁਰਦਾਸਪੁਰ, 19 ਮਾਰਚ 2026-
ਸਮੱਗਰ ਸਿੱਖਿਆ ਅਭਿਆਨ ਦੇ ਤਹਿਤ ਐਸ.ਐਮ. ਕਾਲਜ ਗੁਰਦਾਸਪੁਰ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕਤਾ ਵਧਾਉਣ ਲਈ ਪ੍ਰਾਈਮਰੀ ਅਤੇ ਮਿਡਲ ਸਕੂਲਾਂ ਦੇ ਅਧਿਆਪਕਾਂ ਲਈ ਬਲਾਕ ਪੱਧਰੀ ਇੱਕ ਰੋਜ਼ਾ ਓਰੀਐਂਟੇਸ਼ਨ ਪ੍ਰੋਗਰਾਮ ਸ਼ਾਨਦਾਰ ਢੰਗ ਨਾਲ ਕਰਵਾਇਆ ਗਿਆ।
ਇਸ ਮੌਕੇ ਵੱਖ-ਵੱਖ ਬਲਾਕਾਂ ਤੋਂ ਪਹੁੰਚੇ ਅਧਿਆਪਕਾਂ ਨੇ ਭਾਗ ਲੈ ਕੇ ਵਿਦਿਆਰਥੀ ਸੁਰੱਖਿਆ ਨਾਲ ਸੰਬੰਧਿਤ ਅਹਿਮ ਵਿਸ਼ਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕੀਤੀ।
ਇਸ ਪ੍ਰੋਗਰਾਮ ਵਿੱਚ ਸਹਾਇਕ ਕਮਿਸ਼ਨਰ (ਜਨਰਲ ) ਕੁਲਦੀਪ ਚੰਦ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਆਪਣੇ ਸੰਬੋਧਨ ਵਿੱਚ ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਸੁਰੱਖਿਆ ਸਿਰਫ਼ ਸਕੂਲ ਪ੍ਰਬੰਧਕਾਂ ਦੀ ਨਹੀਂ, ਸਗੋਂ ਪੂਰੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਬੱਚਿਆਂ ਲਈ ਸੁਰੱਖਿਅਤ ਅਤੇ ਭਰੋਸੇਯੋਗ ਮਾਹੌਲ ਤਿਆਰ ਕਰਨ ਵਿੱਚ ਅਗਵਾਈ ਭੂਮਿਕਾ ਨਿਭਾਉਣ, ਤਾਂ ਜੋ ਹਰ ਵਿਦਿਆਰਥੀ ਨਿਡਰ ਹੋ ਕੇ ਸਿੱਖਿਆ ਪ੍ਰਾਪਤ ਕਰ ਸਕੇ।
ਉਨ੍ਹਾਂ ਨੇ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ’ਤੇ ਵੀ ਜ਼ੋਰ ਦਿੱਤਾ।
ਇਹ ਪ੍ਰੋਗਰਾਮ ਜ਼ਿਲ੍ਹਾ ਸਿੱਖਿਆ ਅਧਿਕਾਰੀ ਸ੍ਰੀਮਤੀ ਪਰਮਜੀਤ ਕੌਰ ਦੀ ਦੇਖ-ਰੇਖ ਅਤੇ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ।
ਮਾਸਟਰ ਟ੍ਰੇਨਰ ਮੁਕੇਸ਼ ਵਰਮਾ ਅਤੇ ਹਰੀਸ਼ ਬਾਵਾ ਵੱਲੋਂ ਅਧਿਆਪਕਾਂ ਨੂੰ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ।
ਪ੍ਰੋਗਰਾਮ ਦੀ ਸ਼ੁਰੂਆਤ ਦੀਪ ਪ੍ਰਜਵਲਿਤ ਕਰਕੇ ਕੀਤੀ ਗਈ।
ਟ੍ਰੇਨਿੰਗ ਦੌਰਾਨ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ, ਸਹਾਇਕ ਜ਼ਿਲ੍ਹਾ ਗਾਈਡੈਂਸ ਕਾਉਂਸਲਰ ਅਤੇ ਮਾਸਟਰ ਟ੍ਰੇਨਰ ਮੁਕੇਸ਼ ਵਰਮਾ ਅਤੇ ਰਿਸੋਰਸ ਪਰਸਨ ਹਰਿਸ਼ ਕੁਮਾਰ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀ ਸੁਰੱਖਿਆ ਨਾਲ ਸੰਬੰਧਿਤ ਕਾਨੂੰਨਾਂ ਅਤੇ ਵਿਹਾਰਿਕ ਪੱਖਾਂ ਬਾਰੇ ਜਾਣਕਾਰੀ ਦਿੱਤੀ।
ਮਾਸਟਰ ਟ੍ਰੇਨਰ ਮੁਕੇਸ਼ ਵਰਮਾ ਨੇ POCSO ਐਕਟ 2012, ਜੂਵੈਨਾਈਲ ਜਸਟਿਸ ਐਕਟ 2015, ਚਾਇਲਡ ਲੇਬਰ ਐਕਟ 1986, ਸੀਪੀਸੀਆਰ ਐਕਟ 2005, ਆਰਟੀਈ ਐਕਟ 2009, ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼, ਐਨਡੀਐਮਏ ਗਾਈਡਲਾਈਨਜ਼ 2021, ਡਿਜ਼ਾਸਟਰ ਮੈਨੇਜਮੈਂਟ, ਸਾਈਬਰ ਸੁਰੱਖਿਆ ਅਤੇ ਰੋਡ ਸੇਫਟੀ ਵਰਗੇ ਮਹੱਤਵਪੂਰਨ ਵਿਸ਼ਿਆਂ ’ਤੇ ਵਿਸਥਾਰ ਨਾਲ ਚਰਚਾ ਕਰਦਿਆਂ ਅਧਿਆਪਕਾਂ ਨੂੰ ਜਾਗਰੂਕ ਕੀਤਾ ਅਤੇ ਸਕੂਲਾਂ ਵਿੱਚ ਇਨ੍ਹਾਂ ਦੀ ਪ੍ਰਭਾਵਸ਼ਾਲੀ ਪਾਲਣਾ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਜ਼ਿਲ੍ਹਾ ਗਾਈਡੈਂਸ ਕਾਉਂਸਲਰ ਪਰਮਿੰਦਰ ਸਿੰਘ ਸੈਣੀ ਨੇ ਕਿਹਾ ਕਿ ਸਕੂਲਾਂ ਵਿੱਚ ਸੁਰੱਖਿਆ ਮਾਪਦੰਡਾਂ ਦੀ ਸਖ਼ਤੀ ਨਾਲ ਪਾਲਣਾ ਵਿਦਿਆਰਥੀਆਂ ਦੇ ਸਰਬ ਪੱਖੀ ਵਿਕਾਸ ਲਈ ਅਤਿਅੰਤ ਜ਼ਰੂਰੀ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਸੁਰੱਖਿਅਤ, ਸਕਾਰਾਤਮਕ ਅਤੇ ਭਰੋਸੇਯੋਗ ਮਾਹੌਲ ਬਣਾਉਣ ਵਿੱਚ ਆਪਣੀ ਭੂਮਿਕਾ ਨਿਭਾਉਣ।
ਇਸ ਮੌਕੇ ਰਿਸੋਰਸ ਪਰਸਨ ਹਰਿਸ਼ ਕੁਮਾਰ ਨੇ ਕੈਰੀਅਰ ਐਡਵਾਈਜ਼ਰ ਐਪ ਰਾਹੀਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਰੁਚੀ ਅਤੇ ਯੋਗਤਾ ਅਨੁਸਾਰ ਸਹੀ ਮਾਰਗਦਰਸ਼ਨ ਦੇਣ ਸਬੰਧੀ ਜਾਣਕਾਰੀ ਵੀ ਸਾਂਝੀ ਕੀਤੀ।
ਇਸ ਮੌਕੇ ਕਾਲਜ ਪ੍ਰਿੰਸੀਪਲ ਆਰ.ਕੇ. ਤੁਲੀ, ਪ੍ਰੋ. ਪ੍ਰਮੋਦ ਗਰੋਵਰ, ਸੋਨੂ ਮੰਗੋਤਰਾ, ਸੁਸ਼ਮਾ ਅਤਰੀ, ਪ੍ਰੋਫੈਸਰ ਸੁਬੀਰ ਰਗਬੋਤਰਾ ਸਮੇਤ ਵੱਖ-ਵੱਖ ਬਲਾਕਾਂ ਤੋਂ ਪਹੁੰਚੇ ਸਿੱਖਿਆ ਵਿਦ ਵੀ ਹਾਜ਼ਰ ਸਨ।
Click to Follow Babushahi Facebook page →