ਬਠਿੰਡਾ ਦੇ ਕਿਸਾਨ ਮੇਲੇ ਦੌਰਾਨ ਪੰਜਾਬ ਦਾ ਪੌਣ-ਪਾਣੀ ਬਚਾਉਣ ਲਈ ਖੇਤੀ ਵਿਭਿੰਨਤਾ ਅਪਨਾਉਣ ਦਾ ਸੱਦਾ
ਅਸ਼ੋਕ ਵਰਮਾ
ਬਠਿੰਡਾ, 24 ਮਾਰਚ 2026 : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਸਤਬੀਰ ਸਿੰਘ ਗੋਸਲ ਦੀ ਪ੍ਰਧਾਨਗੀ ਹੇਠ ਸਾਉਣੀ ਦੀਆਂ ਫ਼ਸਲਾਂ ਲਈ ਲਾਏ ਕਿਸਾਨ ਮੇਲੇ ਦੌਰਾਨ ਪੰਜਾਬ ਦਾ ਪੌਣ ਪਾਣੀ ਬਚਾਉਣ ਲਈ ਫਸਲੀ ਵਿਭਿੰਨਤਾ ਅਪਣਾਉਣ ਦਾ ਸੱਦਾ ਦਿੱਤਾ ਗਿਆ। “ਖੇਤੀ ਵਿਭਿੰਨਤਾ ਅਪਣਾਓ, ਵਡਮੁੱਲਾ ਵਾਤਾਵਰਣ ਬਚਾਓ“ ਦੇ ਉਦੇਸ਼ ਨੂੰ ਲੈ ਕੇ ਲਾਏ ਇਸ ਕਿਸਾਨ ਮੇਲੇ ਵਿੱਚ ਕੈਬਨਿਟ ਮੰਤਰੀ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ਼ ਪਾਲਣ ਤੇ ਡੇਅਰੀ ਵਿਕਾਸ, ਮੱਛੀ ਪਾਲਣ ਅਤੇ ਫੂਡ ਪ੍ਰੋਸੈਸਿੰਗ ਸ. ਗੁਰਮੀਤ ਸਿੰਘ ਖੁੱਡੀਆਂ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ ਜਦੋਂ ਕਿ ਹਲਕਾ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਅਤੇ ਮੈਂਬਰ ਪ੍ਰਬੰਧਕੀ ਬੋਰਡ, ਪੀ.ਏ.ਯੂ. ਸ. ਮੋਹਨ ਸਿੰਘ ਜਾਖੜ ਵਿਸ਼ੇਸ਼ ਮਹਿਮਾਨ ਵਜੋ ਸ਼ਾਮਲ ਹੋਏ।ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 1.53 ਪ੍ਰਤੀਸ਼ਤ ਰਕਬੇ ਵਾਲੇ ਛੋਟੇ ਜਿਹੇ ਸੂਬੇ ਦੇ ਮਿਹਨਕਸ਼ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੇ ਸਖ਼ਤ ਮਿਹਨਤ ਕਰਕੇ ਅੰਨ ਦੇ ਅੰਬਾਰ ਲਗਾ ਕੇ ਦੇਸ਼ ਨੂੰ ਅਨਾਜ ਸੁਰੱਖਿਆ ਪ੍ਰਦਾਨ ਕੀਤੀ ਹੈ, ਪਰ ਖਮਿਆਜ਼ੇ ਵਜੋਂ ਹੁਣ ਸਾਡਾ ਪੌਣ-ਪਾਣੀ ਪ੍ਰਭਾਵਿਤ ਹੋ ਰਿਹਾ ਹੈ, ਜਿਸ ਨੂੰ ਬਚਾਉਣ ਲਈ ਸਾਨੂੰ ਖੇਤੀ ਵਿਭਿੰਨਤਾ ਵੱਲ ਜਾਣਾ ਸਮੇਂ ਦੀ ਲੋੜ ਹੈ।
ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਾਵੇਂ ਖੇਤੀ ਸਾਡਾ ਵਿਰਾਸਤੀ ਕਿੱਤਾ ਹੈ ਜਿੱਥੋਂ ਸਾਡਾ ਚੰਗਾ ਗੁਜ਼ਰਾ ਹੁੰਦਾ ਹੈ ਪਰ ਖੇਤੀ ਆਮਦਨ ਨੂੰ ਵਧਾਉਣ ਲਈ ਸਾਨੂੰ ਡੇਅਰੀ ਪਾਲਣ, ਮੁਰਗੀ ਪਾਲਣ, ਬੱਕਰੀ ਪਾਲਣ ਅਤੇ ਮਧੂਮੱਖੀ ਪਾਲਣ ਆਦਿ ਵਰਗੇ ਸਹਾਇਕ ਧੰਦਿਆ ਨੂੰ ਵੱਧ ਤੋਂ ਵੱਧ ਅਪਨਾਉਣਾ ਪਵੇਗਾ। ਪੌਣ-ਪਾਣੀ ਨੂੰ ਬਚਾਉਣ ਅਤੇ ਖੇਤੀ ਖੇਤਰ ਨੂੰ ਹੁਲਾਰਾ ਦੇਣ ਲਈ ਸਰਕਾਰੀ ਨੀਤੀਆ ਸਾਂਝੀਆਂ ਕਰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਖੁਦ ਮੰਡੀਕਰਨ ਕਰਕੇ ਹੀ ਅਸੀਂ ਖੇਤੀ ਦੇ ਕਿੱਤੇ ਨੂੰ ਲਾਹੇਵੰਦ ਬਣਾ ਸਕਦੇ ਹਾਂ ਅਤੇ ਇਸ ਲਈ ਸਾਨੂੰ ਵਪਾਰਕ ਖੇਤੀ ਸਿੱਖਣੀ ਪਵੇਗੀ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਲਗਾਏ ਜਾਂਦੇ ਕਿਸਾਨ ਮੇਲੇ ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਇੱਕ ਮੰਚ ਤੇ ਇਕੱਠੇ ਹੋਣ ਦਾ ਸੁਨਹਿਰੀ ਮੌਕਾ ਪ੍ਰਦਾਨ ਕਰਦੇ ਹਨ ਅਤੇ ਕਿਸਾਨਾਂ ਵੱਲੋਂ ਯੂਨੀਵਰਸਿਟੀ ਦੀਆਂ ਸਿਫ਼ਾਰਿਸ਼ਾਂ ਨੂੰ ਲੈ ਕੇ ਦਿੱਤਾ ਜਾਂਦਾ ਫੀਡਬੈਕ ਯੂਨੀਵਰਸਿਟੀ ਦੀਆਂ ਖੋਜ ਅਤੇ ਪਸਾਰ ਸੇਵਾਵਾਂ ਨੂੰ ਨਵੇਂ ਦਿਸ਼ਾ-ਨਿਰਦੇਸ਼ ਦੇਣ ਵਿੱਚ ਸਹਾਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਹੁਣ ਸਾਨੂੰ ਕਣਕ ਝੋਨੇ ਦੇ ਰਿਵਾਇਤੀ ਫ਼ਸਲੀ ਚੱਕਰ ਵਿਚੋਂ ਨਿਕਲ ਕੇ ਖੇਤੀ ਵਿਭਿੰਨਤਾ ਨੂੰ ਅਪਨਾਉਣਾ ਪਵੇਗਾ, ਤਾਂ ਜੋ ਵਾਤਾਵਰਣ ਸੁਰੱਖਿਅਤ ਰਹਿ ਸਕੇ ਅਤੇ ਖੇਤੀ ਨਿਰੰਤਰਤਾ ਬਣੀ ਰਹੇ।ਉਨ੍ਹਾਂ ਖੇਤੀ ਵੰਨ-ਸੁਵੰਨਤਾ ਨੂੰ ਹੁਲਾਰਾ ਦੇਣ ਲਈ ਮੁੱਲ ਵਾਧੇ ਵਾਲੀਆਂ ਗੁਣਵੱਤਾ ਭਰਪੂਰ ਫ਼ਸਲਾਂ ਜਿਵੇਂ ਕਿ ਦਾਲਾਂ, ਤੇਲ ਬੀਜ, ਫ਼ਲਾਂ, ਫੁੱਲਾਂ ਅਤੇ ਸਬਜ਼ੀਆਂ ਆਦਿ ਫ਼ਸਲਾਂ ਦੀ ਕਾਸ਼ਤ ਕਰਨ ਦੀ ਲੋੜ ਤੇ ਜ਼ੋਰ ਦਿੱਤਾ। ਡਾ. ਗੋਸਲ ਨੇ ਕਿਸਾਨਾਂ ਨੂੰ ਖੇਤੀ ਜਿਨਸਾਂ ਨੂੰ ਸਿੱਧਾ ਮੰਡੀ ਵਿੱਚ ਲਿਜਾਣ ਦੀ ਬਜਾਏ ਇਨ੍ਹਾਂ ਦੀ ਪ੍ਰੋਸੈਸਿੰਗ ਕਰਨ, ਡੱਬਾਬੰਦੀ ਕਰਨ ਅਤੇ ਮੰਡੀਕਰਨ ਖੁਦ ਕਰਨ ਦੀ ਸਿ਼ਫਾਰਿਸ਼ ਕੀਤੀ। ਉਨ੍ਹਾਂ ਕਿਸਾਨਾਂ ਨੂੰ ਆਉਂਦੇ ਸਾਉਣੀ ਸੀਜ਼ਨ ਵਿੱਚ ਯੂਨੀਵਰਸਿਟੀ ਵੱਲੋਂ ਫ਼ਸਲਾਂ ਦੇ ਪ੍ਰਮਾਣਿਤ ਬੀਜਾਂ ਦੀ ਕਾਸ਼ਤ ਕਰਨ ਅਤੇ ਖੇਤੀ ਸਿਫ਼ਾਰਸ਼ਾਂ ਅਪਨਾਉਣ ਲਈ ਕਿਹਾ।
ਯੂਨੀਵਰਸਿਟੀ ਦੇ ਵੱਖ-ਵੱਖ ਕਾਲਜਾਂ ਅਤੇ ਇੰਸਟੀਚਿਊਟ ਆਫ ਐਗਰੀਕਲਚਰ, ਬਠਿੰਡਾ ਅਤੇ ਗੁਰਦਾਸਪੁਰ ਵੱਲੋਂ ਚਲਾਏ ਜਾ ਰਹੇ ਅਕਾਦਮਿਕ ਪ੍ਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਾ. ਗੋਸਲ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ 10ਵੀਂ ਤੱਕ ਦੀ ਪੜ੍ਹਾਈ ਪਿੰਡਾਂ ਦੇ ਸਕੂਲਾਂ ਵਿੱਚ ਹਾਸਲ ਕਰਨ ਵਾਲੇ ਕਿਸਾਨਾਂ ਦੇ ਬੱਚਿਆਂ ਲਈ ਦਸ ਪ੍ਰਤੀਸ਼ਤ ਸੀਟਾਂ ਰਾਖਵੀਆਂ ਰੱਖੀਆਂ ਗਈਆਂ ਹਨ, ਇਸ ਕਰਕੇ ਕਿਸਾਨਾਂ ਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਵੱਧ ਖੇਤੀ ਸਿੱਖਿਆ ਮੁਹੱਈਆ ਕਰਵਾਉਣ ਦੀ ਲੋੜ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਗਿਆਨ ਵਿਗਿਆਨ ਅਤੇ ਤਕਨਾਲੋਜੀ ਨਾਲ ਜੁੜ ਕੇ ਖੇਤੀ ਨੂੰ ਲਾਹੇਵੰਦ ਧੰਦਾ ਬਣਾ ਸਕਣ। ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਮਾਣਿਤ ਬੀਜਾਂ ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ।
ਡਾਇਰੈਕਟਰ ਖੋਜ ਡਾਕਟਰ ਅਜਮੇਰ ਸਿੰਘ ਢੱਟ ਨੇ ਤਕਨਾਲੋਜੀ ਦੇ ਇਸ ਕਿਸਾਨ ਮੇਲੇ ਮੌਕੇ ਪੀ.ਏ.ਯੂ. ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ।
ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ, ਕਿਸਾਨਾਂ, ਪਤਵੰਤਿਆਂ ਅਤੇ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਆਖਿਆ।ਮੰਚ ਸੰਚਾਲਨ ਕਰਦਿਆਂ ਡਾ. ਤੇਜਿੰਦਰ ਸਿੰਘ ਰਿਆੜ, ਅੱਪਰ ਨਿਰਦੇਸ਼ਕ ਸੰਚਾਰ, ਪੀ.ਏ.ਯੂ. ਨੇ ਵਿਗਿਆਨ ਅਤੇ ਤਕਨਾਲੋਜੀ ਦੇ ਇਸ ਯੁੱਗ ਵਿੱਚ ਕਿਸਾਨਾਂ ਨੂੰ ਸਮੇਂ ਦਾ ਹਾਣੀ ਬਣ ਕੇ ਖੇਤੀ ਸਬੰਧਿਤ ਅਤਿ-ਆਧੁਨਿਕ ਜਾਣਕਾਰੀ ਹਾਸਿਲ ਕਰਨ ਲਈ ਪੀ.ਏ.ਯੂ. ਦੇ ਹਫ਼ਤ਼ਾਵਰ ਡਿਜੀਟਲ ਅਖ਼ਬਾਰ, ਖੇਤੀ ਸੰਦੇਸ਼, ਪੀ.ਏ.ਯੂ. ਫੇਸਬੁੱਕ ਲਾਈਵ ਪ੍ਰੋਗਰਾਮ, ਪੀ.ਏ.ਯੂ. ਵੱਟਸਐਪ ਗਰੁੱਪਾਂ ਅਤੇ ਯੂ-ਟਿਊਬ ਚੈਨਲਾਂ ਨਾਲ ਵੱਧ ਤੋਂ ਵੱਧ ਜੁੜਨ ਲਈ ਕਿਹਾ।
ਉਨ੍ਹਾਂ ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਜਾਂਦੇ ਖੇਤੀ ਸਹਿਤ ਨਾਲ ਜੁੜਨ ਲਈ ਪ੍ਰੇਰਦਿਆਂ ਉਨ੍ਹਾਂ ਨੇ ਖੇਤੀ ਰਸਾਲੇ, ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗੋ ਦੇ ਮੈਬਂਰ ਬਣਨ ਅਤੇ ਸਾਉਣੀ ਦੀਆਂ ਫ਼ਸਲਾਂ ਦੀਆਂ ਸਿਫ਼ਾਰਿਸਾਂ ਪੁਸਤਕ ਪੜ੍ਹਨ ਲਈ ਕਿਹਾ। ਖੇਤਰੀ ਖੋਜ ਕੇਂਦਰ ਬਠਿੰਡਾ ਦੇ ਡਾਇਰੈਕਟਰ ਡਾਕਟਰ ਅਮਰਜੀਤ ਸਿੰਘ ਸੇਖੋ ਨੇ ਸਭਨਾਂ ਦਾ ਧੰਨਵਾਦ ਕੀਤਾ।।
Click to Follow Babushahi Facebook page →