Weather Update: ਪੰਜਾਬ-ਹਰਿਆਣਾ ਅਤੇ ਚੰਡੀਗੜ੍ਹ 'ਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ
ਚੰਡੀਗੜ੍ਹ 28 ਮਾਰਚ, 2026: ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਲਈ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਾਸਤੇ 'ਯੈਲੋ ਅਲਰਟ' ਜਾਰੀ ਕੀਤਾ ਹੈ। ਮੌਸਮ ਵਿਗਿਆਨੀਆਂ ਅਨੁਸਾਰ ਇੱਕ ਹੋਰ ਪੱਛਮੀ Disturbance ਸਰਗਰਮ ਹੋਣ ਜਾ ਰਿਹਾ ਹੈ, ਜਿਸ ਦਾ ਅਸਰ ਅਗਲੇ ਕੁਝ ਦਿਨਾਂ ਤੱਕ ਦੇਖਣ ਨੂੰ ਮਿਲੇਗਾ।
28 ਤੋਂ 31 ਮਾਰਚ ਦੇ ਦਰਮਿਆਨ ਹਰਿਆਣਾ ਅਤੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ। 28 ਮਾਰਚ ਨੂੰ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ, ਜਦੋਂ ਕਿ 29 ਅਤੇ 30 ਮਾਰਚ ਨੂੰ ਇਹ ਰਫ਼ਤਾਰ 40 ਤੋਂ 50 ਕਿਲੋਮੀਟਰ ਤੱਕ ਪਹੁੰਚ ਸਕਦੀ ਹੈ। ਅਗਲੇ ਪੰਜ ਦਿਨਾਂ ਦੌਰਾਨ ਵੱਧ ਤੋਂ ਵੱਧ ਤਾਪਮਾਨ 29 ਤੋਂ 31 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 18 ਤੋਂ 19 ਡਿਗਰੀ ਦੇ ਆਸ-ਪਾਸ ਰਹਿਣ ਦਾ ਅਨੁਮਾਨ ਹੈ।
ਚੰਡੀਗੜ੍ਹ ਵਿੱਚ 26 ਮਾਰਚ ਨੂੰ ਵੱਧ ਤੋਂ ਵੱਧ ਤਾਪਮਾਨ 32.4 ਡਿਗਰੀ ਅਤੇ ਘੱਟੋ-ਘੱਟ 18.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ। ਵਿਭਾਗ ਅਨੁਸਾਰ 29 ਅਤੇ 30 ਮਾਰਚ ਨੂੰ ਸ਼ਹਿਰ ਵਿੱਚ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣਗੇ ਅਤੇ ਗਰਜ-ਚਮਕ ਦੇ ਨਾਲ ਹਲਕੀ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿੱਚ ਆਈ ਇਸ ਤਬਦੀਲੀ ਅਤੇ ਤੇਜ਼ ਹਵਾਵਾਂ ਕਾਰਨ ਕਣਕ ਦੀ ਪੱਕ ਰਹੀ ਫ਼ਸਲ ਨੂੰ ਨੁਕਸਾਨ ਹੋਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਖ਼ਾਸ ਕਰਕੇ ਗੜੇਮਾਰੀ ਦੇ ਅਲਰਟ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ।
Click to Follow Babushahi Facebook page →