'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬੀਆਂ ਲਈ ਵਰਦਾਨ ਸਾਬਿਤ : ਸਿਹਤ ਮੰਤਰੀ ਡਾ. ਬਲਬੀਰ ਸਿੰਘ
- ਬੰਗਾ ਵਿੱਚ ਕਾਮਨ ਸਰਵਿਸ ਸੈਂਟਰਾਂ ਦਾ ਦੌਰਾ ਕਰਕੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਗਤੀ ਦੀ ਕੀਤੀ ਸਮੀਖਿਆ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 29 ਮਾਰਚ 2026: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਬੰਗਾ ਸਥਿਤ ਕਾਮਨ ਸਰਵਿਸ ਸੈਂਟਰਾਂ ਦਾ ਦੌਰਾ ਕਰਕੇ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸਿਹਤ ਕਾਰਡ ਬਣਾਉਣ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਆਮ ਲੋਕਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਕਿਸੇ ਬਿਮਾਰੀ ਦੀ ਉਡੀਕ ਕਰਨ ਦੀ ਬਜਾਇ ਪਹਿਲਾਂ ਹੀ ਆਪਣੇ ਸਿਹਤ ਕਾਰਡ ਬਣਵਾ ਲੈਣ।
ਉਨ੍ਹਾਂ ਸਿਹਤ ਵਿਭਾਗ ਸਮੇਤ ਸਬੰਧਤ ਵਿਭਾਗਾਂ ਨੂੰ ਹੋਰ ਬਿਹਤਰ ਤਾਲਮੇਲ ਨਾਲ ਕੰਮ ਕਰਨ ਲਈ ਕਿਹਾ ਤਾਂ ਜੋ ਇਸ ਲੋਕ-ਹਿਤੂ ਯੋਜਨਾ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਦਿਆਂ ਹਰ ਯੋਗ ਵਿਅਕਤੀ ਤੱਕ ਇਸ ਦਾ ਲਾਭ ਪਹੁੰਚਾਇਆ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਇਹ ਯੋਜਨਾ ਪ੍ਰਤੀ ਪਰਿਵਾਰ ਸਾਲਾਨਾ 10 ਲੱਖ ਰੁਪਏ ਤੱਕ ਦਾ ਨਕਦੀ ਰਹਿਤ ਇਲਾਜ ਪ੍ਰਦਾਨ ਕਰਦੀ ਹੈ, ਜਿਸ ਨਾਲ ਲਾਭਪਾਤਰੀ ਪੰਜਾਬ ਦੇ ਸੂਚੀਬੱਧ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾ ਸਕਦੇ ਹਨ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਇਲਾਜ ਦੇ ਲਾਭ ਲੈਣ ਲਈ ਨਿਰਧਾਰਤ ਕਾਮਨ ਸਰਵਿਸ ਸੈਂਟਰਾਂ ਜਾਂ ਕੈਂਪਾਂ ਵਿੱਚ ਜਾ ਕੇ ਆਪਣਾ ਸਿਹਤ ਕਾਰਡ ਬਣਵਾਉਣ।
ਇਸ ਮੌਕੇ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ, ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਪ੍ਰੀਤ ਸਿੰਘ, ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ, ਡਾ ਜਸਵਿੰਦਰ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਮੌਜੂਦ ਸਨ।
Click to Follow Babushahi Facebook page →