ਪੋਲੀਟੈਕਨਿਕ ਕਾਲਜ ਦੇ ਐਨ.ਐਸ.ਐਸ. ਯੂਨਿਟ ਵੱਲੋਂ “ਨਸ਼ਾ ਮੁਕਤ ਭਾਰਤ” ਮੁਹਿੰਮ ਤਹਿਤ ਜਾਗਰੂਕਤਾ ਰੈਲੀ
ਅਸ਼ੋਕ ਵਰਮਾ
ਬਠਿੰਡਾ, 30 ਮਾਰਚ 2026 :ਸਰਕਾਰੀ ਪੋਲੀਟੈਕਨਿਕ ਕਾਲਜ ਬਠਿੰਡਾ ਦੀ ਐਨ.ਐਸ.ਐਸ. ਯੂਨਿਟ ਵੱਲੋਂ ਮਿਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਵੂਮੈਨ ਇੰਪਾਵਰਮੈਂਟ, ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ “ਨਸ਼ਾ ਮੁਕਤ ਭਾਰਤ” ਮੁਹਿੰਮ ਤਹਿਤ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਦਾ ਉਦੇਸ਼ ਵਿਦਿਆਰਥੀਆਂ ਅਤੇ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਅਤੇ ਸਮਾਜ ਨੂੰ ਨਸ਼ਾ ਰਹਿਤ ਬਣਾਉਣ ਲਈ ਪ੍ਰੇਰਿਤ ਕਰਨਾ ਸੀ। ਇਸ ਜਾਗਰੂਕਤਾ ਰੈਲੀ ਰਾਹੀਂ ਸਮਾਜ ਨੂੰ ਨਸ਼ਿਆਂ ਦੇ ਖ਼ਿਲਾਫ ਇਕਜੁੱਟ ਹੋਣ ਅਤੇ ਨੌਜਵਾਨ ਪੀੜ੍ਹੀ ਨੂੰ ਸਹੀ ਰਾਹ ਤੇ ਲੈ ਜਾਣ ਦਾ ਸੰਦੇਸ਼ ਦਿੱਤਾ ਗਿਆ।
ਇਸ ਰੈਲੀ ਦੀ ਅਗਵਾਈ ਐਨ.ਐਸ.ਐਸ ਯੂਨਿਟ ਦੇ ਕਨਵੀਨਰ ਸ੍ਰੀ ਕਮਲ ਗਰਗ, ਲੈਕਚਰਾਰ ਇਲੈਕਟ੍ਰੀਕਲ ਇੰਜੀ: ਵੱਲੋਂ ਕੀਤੀ ਗਈ।
ਇਹ ਜਾਗਰੂਕਤਾ ਰੈਲੀ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਬੀਬੀ ਵਾਲਾ ਚੌਂਕ ਤੱਕ ਕੱਢੀ ਗਈ, ਜਿਸ ਦੌਰਾਨ ਵਿਦਿਆਰਥੀਆਂ ਦੁਆਰਾ ਨਸ਼ਾ ਰਹਿਤ ਸਮਾਜ ਦੀ ਮਹੱਤਤਾ ਬਾਰੇ ਲੋਕਾਂ ਨੂੰ ਅਗਾਹ ਕੀਤਾ ਅਤੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਦੁਆਰਾ ਹੱਥਾਂ ਵਿੱਚ ਬੈਨਰ ਅਤੇ ਤਖ਼ਤੀਆਂ ਫੜ ਕੇ ਨਸ਼ਾ ਮੁਕਤ ਸਮਾਜ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਅਨੁਜਾ ਪੁਪਨੇਜਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨੌਜਵਾਨਾਂ ਦਾ ਨਸ਼ਿਆਂ ਤੋਂ ਦੂਰ ਰਹਿਣਾ ਬਹੁਤ ਜ਼ਰੂਰੀ ਹੈ ਅਤੇ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਨਾਲ ਸਮਾਜ ਵਿੱਚ ਚੰਗਾ ਸੰਦੇਸ਼ ਜਾਂਦਾ ਹੈ। ਉਨ੍ਹਾਂ ਨੇ ਕਾਲਜ ਦੇ ਐਨ.ਐਸ.ਐਸ. ਯੂਨਿਟ ਦੇ ਯਤਨਾਂ ਦੀ ਸਰਾਹਨਾ ਕੀਤੀ। ਇਸ ਮੌਕੇ ਸ੍ਰੀਮਤੀ ਸਰਬਜੀਤ ਕੌਰ, ਮੁਖੀ ਵਿਭਾਗ ਸਿਵਲ ਇੰਜੀਨੀਅਰਿੰਗ, ਕਾਲਜ ਟੀਪੀਓ ਸ੍ਰੀ ਸੁਸ਼ੀਲ ਕੁਮਾਰ ਸਿੰਗਲਾ ਅਤੇ ਵੱਖ-ਵੱਖ ਵਿਭਾਗਾਂ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਨਸ਼ਾ ਮੁਕਤ ਭਾਰਤ ਬਣਾਉਣ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ।
Click to Follow Babushahi Facebook page →