ਖੰਨਾ ਪੁਲਿਸ ਦੀ ਵੱਡੀ ਕਾਰਵਾਈ: ਜਾਅਲੀ ਡੋਪ ਟੈਸਟ ਅਤੇ ਸਰਟੀਫਿਕੇਟ ਬਣਾਉਣ ਵਾਲੇ ਗਿਰੋਹ ਦਾ ਪਰਦਾਫਾਸ਼; 02 ਦੋਸ਼ੀ ਕਾਬੂ, ਜਾਅਲੀ ਮੋਹਰਾਂ ਤੇ ਦਸਤਾਵੇਜ਼ ਬਰਾਮਦ
ਰਵਿੰਦਰ ਸਿੰਘ
ਖੰਨਾ: 1 ਅਪ੍ਰੈਲ, 2026
ਖੰਨਾ ਪੁਲਿਸ ਵੱਲੋਂ ਮਾੜੇ ਅਨਸਰਾਂ ਵਿਰੁੱਧ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਜਾਅਲੀ ਸਰਟੀਫਿਕੇਟ ਅਤੇ ਮੋਹਰਾਂ ਬਣਾਉਣ ਵਾਲੇ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਹ ਕਾਰਵਾਈ ਡਾਕਟਰ ਦਰਪਣ ਆਹਲੂਵਾਲੀਆ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ (SSP), ਖੰਨਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੀ ਪਵਨਜੀਤ, ਪੀ.ਪੀ.ਐਸ, ਕਪਤਾਨ ਪੁਲਿਸ (ਆਈ) ਦੀ ਅਗਵਾਈ ਵਿੱਚ ਅਮਲ ਵਿੱਚ ਲਿਆਂਦੀ ਗਈ। ਇਸ ਮੌਕੇ ਸਬ-ਇੰਸਪੈਕਟਰ ਜਰਨੈਲ ਸਿੰਘ, ਇੰਚਾਰਜ ਸਪੈਸ਼ਲ ਬ੍ਰਾਂਚ ਖੰਨਾ ਅਤੇ ਇੰਸਪੈਕਟਰ ਹਰਦੀਪ ਸਿੰਘ ਸਮੇਤ ਪੁਲਿਸ ਪਾਰਟੀ ਨੇ ਮੁਸਤੈਦੀ ਦਿਖਾਉਂਦੇ ਹੋਏ ਦੋਸ਼ੀਆਂ ਨੂੰ ਕਾਬੂ ਕੀਤਾ।
ਇਸ ਮਾਮਲੇ ਦਾ ਖੁਲਾਸਾ ਉਦੋਂ ਹੋਇਆ ਜਦੋਂ ਸੀਨੀਅਰ ਮੈਡੀਕਲ ਅਫ਼ਸਰ (SMO) ਇੰਚਾਰਜ ਸਿਵਲ ਹਸਪਤਾਲ ਖੰਨਾ ਵੱਲੋਂ ਪੁਲਿਸ ਨੂੰ ਇਤਲਾਹ ਦਿੱਤੀ ਗਈ ਕਿ ਹਿਮਾਂਸ਼ੂ ਅਰੌੜਾ ਨਾਮ ਦਾ ਵਿਅਕਤੀ ਆਪਣੇ ਸਾਥੀਆਂ ਨਾਲ ਮਿਲ ਕੇ ਜਾਅਲੀ ਡੋਪ ਟੈਸਟ ਅਤੇ ਹੋਰ ਜਾਅਲੀ ਸਰਟੀਫਿਕੇਟ ਤਿਆਰ ਕਰਨ ਦਾ ਗੋਰਖਧੰਦਾ ਚਲਾ ਰਿਹਾ ਹੈ। ਪੁਲਿਸ ਨੇ ਤੁਰੰਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਅਤੇ ਦੌਰਾਨੇ ਤਫ਼ਤੀਸ਼ ਰਮੇਸ਼ ਕੁਮਾਰ ਉਰਫ਼ ਟੋਨੀ ਵਾਸੀ ਫੀਲਡਗੰਜ ਲੁਧਿਆਣਾ ਨੂੰ ਗ੍ਰਿਫ਼ਤਾਰ ਕਰ ਲਿਆ। ਰਮੇਸ਼ ਕੁਮਾਰ ਤੋਂ ਸਖ਼ਤੀ ਨਾਲ ਕੀਤੀ ਗਈ ਪੁੱਛਗਿੱਛ ਦੇ ਆਧਾਰ 'ਤੇ ਪੁਲਿਸ ਨੇ ਇਸ ਮਾਮਲੇ ਵਿੱਚ ਮੰਚਿਤ ਕੁਮਾਰ ਵਾਸੀ ਪੀਰਖਾਨਾ ਰੋਡ ਖੰਨਾ ਨੂੰ ਵੀ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਮੰਚਿਤ ਕੁਮਾਰ ਪਾਸੋਂ ਪੁਲਿਸ ਨੇ ਭਾਰੀ ਮਾਤਰਾ ਵਿੱਚ ਜਾਅਲੀ ਮੋਹਰਾਂ, ਸਰਟੀਫਿਕੇਟ ਅਤੇ ਜਾਅਲੀ ਆਧਾਰ ਕਾਰਡ ਬਰਾਮਦ ਕੀਤੇ ਹਨ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੋਸ਼ੀਆਂ ਪਾਸੋਂ ਪੁੱਛਗਿੱਛ ਲਗਾਤਾਰ ਜਾਰੀ ਹੈ ਅਤੇ ਉਮੀਦ ਜਤਾਈ ਜਾ ਰਹੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਇਸ ਗਿਰੋਹ ਨਾਲ ਜੁੜੇ ਹੋਰ ਮੈਂਬਰਾਂ ਅਤੇ ਅਹਿਮ ਤੱਥਾਂ ਬਾਰੇ ਵੱਡੇ ਖੁਲਾਸੇ ਹੋ ਸਕਦੇ ਹਨ। SSP ਡਾਕਟਰ ਦਰਪਣ ਆਹਲੂਵਾਲੀਆ ਨੇ ਸਪੱਸ਼ਟ ਕੀਤਾ ਹੈ ਕਿ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ।
Click to Follow Babushahi Facebook page →