ਸਿਆਸੀ ਆਗੂਆਂ ਅਤੇ ਹਮਾਇਤੀਆਂ ਨੇ ਨਮ ਅੱਖਾਂ ਨਾਲ ਦਿੱਤੀ ਖੁਸ਼ਬਾਜ ਜਟਾਣਾ ਨੂੰ ਅੰਤਿਮ ਵਿਦਾਇਗੀ
ਅਸ਼ੋਕ ਵਰਮਾ
ਬਠਿੰਡਾ, 3 ਅਪ੍ਰੈਲ 2026: ਜ਼ਿਲ੍ਹਾ ਕਾਂਗਰਸ ਕਮੇਟੀ ਬਠਿੰਡਾ ਦਿਹਾਤੀ ਦੇ ਲੰਬਾ ਸਮਾਂ ਪ੍ਰਧਾਨ ਰਹੇ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਕਾਂਗਰਸ ਦੇ ਹਲਕਾ ਇੰਚਾਰਜ ਖੁਸ਼ਬਾਜ ਜਟਾਣਾ ਨੂੰ ਅੱਜ ਬਠਿੰਡਾ ਦੇ ਰਾਮਬਾਗ ਵਿਖੇ ਵੱਡੀ ਗਿਣਤੀ ਵਿੱਚ ਸਿਆਸੀ ਆਗੂਆਂ, ਜਟਾਣਾ ਦੇ ਹਮਾਇਤੀਆਂ, ਸਮਾਜਿਕ ਅਤੇ ਧਾਰਮਿਕ ਸ਼ਖਸ਼ੀਅਤਾਂ ਦੀ ਮੌਜੂਦਗੀ ਵਿੱਚ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਖੁਸ਼ਬਾਜ ਜਟਾਣਾ ਦਾ ਦਿੱਲੀ ਤੋਂ ਬਠਿੰਡਾ ਆਉਂਦਿਆਂ ਪਾਣੀਪਤ ਕੋਲ ਭਿਆਨਕ ਸੜਕ ਹਾਦਸੇ ਵਿੱਚ ਦੇਹਾਂਤ ਹੋ ਗਿਆ ਸੀ। ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਪ੍ਰਗਟ ਸਿੰਘ ਸਮੇਤ ਵੱਖ-ਵੱਖ ਸਿਆਸੀ ਪਾਰਟੀਆਂ ਦੇਵੱਡੀ ਗਿਣਤੀ ਵਿੱਚ ਆਗੂ ਹਾਜ਼ਰ ਸਨ। ਇਸ ਮੌਕੇ ਹੋਏ ਹਜ਼ਾਰਾਂ ਦੇ ਇਕੱਠ ਨੇ ਦਰਸਾਇਆ ਕਿ ਆਮ ਲੋਕਾਂ ਵਿੱਚ ਖੁਸ਼ਬਾਜ ਜਟਾਣਾ ਪ੍ਰਤੀ ਕਿੰਨਾ ਸਨੇਹ ਸਤਿਕਾਰ ਸੀ। ਖੁਸ਼ਬਾਜ ਜਟਾਣਾ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਸਪੁੱਤਰ ਨੇ ਦਿਖਾਈ ਤਾਂ ਇਸ ਮੌਕੇ ਮਾਹੌਲ ਗਮਗੀਨ ਅਤੇ ਭਾਵਕ ਬਣ ਗਿਆ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਖੁਸ਼ਬਾਜ ਜਟਾਣਾ ਕਾਂਗਰਸ ਦੇ ਨਿਧੜਕ ਲੀਡਰ ਸਨ ਅਤੇ ਬੂਥ ਪੱਧਰ 'ਤੇ ਜੁੜੇ ਹੋਏ ਲੀਡਰ ਸਨ, ਜਿਨ੍ਹਾਂ ਹਰ ਵਰਗ ਵਿੱਚ ਆਪਣੀ ਵਿਲੱਖਣ ਪਹਿਚਾਣ ਬਣਾਈ। ਉਨ੍ਹਾਂ ਕਿਹਾ ਕਿ ਜਟਾਣਾ ਦੀ ਮੌਤ ਨਾਲ ਕਾਂਗਰਸ ਪਾਰਟੀ ਨੂੰ ਕਦੇ ਵੀ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੱਸਿਆ ਕਿ ਉਨਾਂ ਨੂੰ ਪਾਣੀਪਤ ਪੁਲਿਸ ਨੇ ਭਰੋਸਾ ਦਵਾਇਆ ਹੈ ਕਿ ਘਟਨਾ ਦੀ ਨਿਰਪੱਖ ਜਾਂਚ ਹੋਵੇਗੀ ਅਤੇ ਸਾਰਾ ਸੱਚ ਸਾਹਮਣੇ ਲਿਆਂਦਾ ਜਾਏਗਾ। ਉਹਨਾਂ ਦੱਸਿਆ ਕਿ ਗੱਡੀ ਨੂੰ ਟੱਕਰ ਮਾਰਨ ਵਾਲੇ ਟਰੱਕ ਚਾਲਕ ਨੂੰ ਵੀ ਗ੍ਰਿਫਤਾਰ ਕਰ ਲਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਵਿਧਾਇਕ ਪ੍ਰਗਟ ਸਿੰਘ ਨੇ ਖੁਸ਼ਬਾਜ ਸਿੰਘ ਜਟਾਣਾ ਨਾਲ ਬਤਾਏ ਸਮੇਂ ਦੀਆਂ ਗੱਲਾਂ ਯਾਦ ਕਰਦੇ ਕਿਹਾ ਕਿ ਇੱਕ ਦਿਲਦਾਰ ਇਨਸਾਨ ਦਾ ਇਸ ਤਰ੍ਹਾਂ ਦੁਨੀਆਂ ਤੋਂ ਚਲੇ ਜਾਣਾ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ।
ਉਨ੍ਹਾਂ ਕਿਹਾ ਕਿ ਜਟਾਣਾ ਨੇ ਆਮ ਲੋਕਾਂ ਦੀ ਆਵਾਜ਼ ਉਠਾਈ ਤੇ ਆਪਣੀ ਵਿਲੱਖਣ ਪਹਿਚਾਣ ਬਣਾਈ ਜਿਸ ਦਾ ਰੁਤਬਾ ਪੰਜਾਬ ਦੇ ਨਾਲ ਦਿੱਲੀ ਹਾਈ ਕਮਾਂਡ ਤੱਕ ਵੀ ਸਤਿਕਾਰ ਵਜੋਂ ਸਾਹਮਣੇ ਆਉਂਦਾ ਸੀ। ਉਹਨਾਂ ਇਸ ਸੜਕ ਹਾਦਸੇ ਦੀ ਨਿਰਪੱਖ ਜਾਂਚ ਦੀ ਮੰਗ ਵੀ ਕੀਤੀ।ਇਸ ਮੌਕੇ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕਈ, ਸਾਬਕਾ ਵਿਧਾਇਕ ਗੁਰਜੰਟ ਸਿੰਘ ਕੁੱਤੀਵਾਲ, ਵਿਧਾਇਕ ਜਗਰੂਪ ਸਿੰਘ ਗਿੱਲ, ਸਾਬਕਾ ਚੇਅਰਮੈਨ ਬਿਕਰਮ ਸਿੰਘ ਮੋਫਰ, ਸਾਬਕਾ ਵਿਧਾਇਕ ਕੁਲਬੀਰ ਸਿੰਘ ਜੀਰਾ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ, ਜ਼ਿਲ੍ਹਾ ਮੀਤ ਪ੍ਰਧਾਨ ਰੁਪਿੰਦਰ ਬਿੰਦਰਾ, ਨਗਰ ਨਿਗਮ ਦੇ ਮੇਅਰ ਪਦਮਜੀਤ ਸਿੰਘ ਮਹਿਤਾ, ਚੇਅਰਮੈਨ ਨੀਲ ਗਰਗ, ਕੈਪਟਨ ਸੰਦੀਪ ਸਿੰਘ ਸੰਧੂ, ਸਾਬਕਾ ਵਿਧਾਇਕ ਜਗਦੇਵ ਸਿੰਘ ਕਮਾਲੂ, ਭਾਜਪਾ ਆਗੂ ਗੁਰਪ੍ਰੀਤ ਸਿੰਘ ਮਲੂਕਾ, ਕਾਂਗਰਸੀ ਆਗੂ ਅਨਿਲ ਭੋਲਾ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਹਾਜ਼ਰ ਸਨ।
Click to Follow Babushahi Facebook page →