ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਵੱਲੋਂ ਮੀਂਹ ਅਤੇ ਗੜੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦੇ ਨੁਕਸਾਨ ਦੀ ਗਿਰਦਾਵਰੀ ਦੇ ਨਿਰਦੇਸ਼
ਨਵੀਂ ਦਿੱਲੀ, 6 ਅਪ੍ਰੈਲ 2026:
ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਈ ਰਾਜਾਂ ਵਿੱਚ ਹੋਈ ਭਾਰੀ ਬਾਰਿਸ਼ ਅਤੇ ਗੜੇਮਾਰੀ ਦਾ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਦੇ ਨਿਰਦੇਸ਼ ਦਿੱਤੇ ਹਨ। ਚੌਹਾਨ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਨ੍ਹਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਸਰਕਾਰ ਸੰਕਟ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਅਨੁਸਾਰ, ਮੰਤਰੀ ਨੇ ਅਧਿਕਾਰੀਆਂ ਨੂੰ ਹੇਠ ਲਿਖੇ ਕਦਮ ਚੁੱਕਣ ਲਈ ਕਿਹਾ ਹੈ। ਅਧਿਕਾਰੀਆਂ ਨੂੰ ਬੇਮੌਸਮੀ ਮੀਂਹ ਅਤੇ ਗੜੇਮਾਰੀ ਦੇ ਪ੍ਰਭਾਵਾਂ ਦੀ ਸਮੀਖਿਆ ਕਰਨ ਅਤੇ ਪ੍ਰਭਾਵਿਤ ਰਾਜਾਂ ਤੋਂ ਵਿਸਤ੍ਰਿਤ ਜਾਣਕਾਰੀ ਇਕੱਠੀ ਕਰਨ ਲਈ ਕਿਹਾ ਗਿਆ ਹੈ। ਚੌਹਾਨ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਥਿਤੀ ਦੀ ਨਿਗਰਾਨੀ ਕਰਨ ਲਈ ਰਾਜ ਦੇ ਅਧਿਕਾਰੀਆਂ ਨਾਲ ਨਜ਼ਦੀਕੀ ਤਾਲਮੇਲ ਬਣਾ ਕੇ ਰੱਖਣ।
ਮੰਤਰਾਲੇ ਨੇ ਦੱਸਿਆ ਕਿ ਕੇਂਦਰੀ ਮੰਤਰੀ ਸਬੰਧਤ ਰਾਜਾਂ ਦੇ ਖੇਤੀਬਾੜੀ ਮੰਤਰੀਆਂ ਨਾਲ ਵੀ ਗੱਲਬਾਤ ਕਰਨਗੇ ਤਾਂ ਜੋ ਨੁਕਸਾਨ ਦੀ ਹੱਦ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਜਾ ਸਕਣ। ਚੌਹਾਨ ਨੇ ਦੁਹਰਾਇਆ ਕਿ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨਾ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਨੁਕਸਾਨ ਦੀ ਰਿਪੋਰਟ ਦੇ ਆਧਾਰ 'ਤੇ ਜਲਦੀ ਹੀ ਬਣਦੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ।
Click to Follow Babushahi Facebook page →