CM ਮਾਨ ਨੇ ਵਿਦੇਸ਼ਾਂ 'ਚ ਬੈਠੇ ਗੈਂਗਸਟਰਾਂ ਨੂੰ ਸਖ਼ਤ ਦਿੱਤੀ ਚੇਤਾਵਨੀ
Babushahi Network
ਚੰਡੀਗੜ੍ਹ, 10 ਅਪ੍ਰੈਲ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਪੱਸ਼ਟ ਕੀਤਾ ਹੈ ਕਿ ਸੂਬਾ ਸਰਕਾਰ ਗੈਂਗਸਟਰ ਸੱਭਿਆਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਅਪਰਾਧੀਆਂ 'ਤੇ ਨਕੇਲ ਪਾਉਣ ਲਈ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਜੋ ਗੈਂਗਸਟਰ ਵਿਦੇਸ਼ਾਂ ਵਿੱਚ ਬੈਠ ਕੇ ਪੰਜਾਬ ਵਿੱਚ ਆਪਣਾ ਗੈਰ-ਕਾਨੂੰਨੀ ਧੰਦਾ ਚਲਾ ਰਹੇ ਹਨ, ਹਥਿਆਰ ਸਪਲਾਈ ਕਰ ਰਹੇ ਹਨ ਜਾਂ ਸ਼ੂਟਰਾਂ ਨੂੰ ਪੈਸੇ ਭੇਜ ਰਹੇ ਹਨ, ਉਨ੍ਹਾਂ ਦੀਆਂ ਸਾਰੀਆਂ ਸੂਚਨਾਵਾਂ ਸਰਕਾਰ ਕੋਲ ਮੌਜੂਦ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਕੇਂਦਰੀ ਗ੍ਰਹਿ ਮੰਤਰਾਲੇ ਅਤੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਹੈ। ਕਈ ਅਪਰਾਧੀਆਂ ਨੂੰ ਦੁਬਈ, ਪੁਰਤਗਾਲ, ਇੰਗਲੈਂਡ, ਅਮਰੀਕਾ ਅਤੇ ਕੈਨੇਡਾ ਵਰਗੇ ਦੇਸ਼ਾਂ ਤੋਂ ਵਾਪਸ ਲਿਆਉਣ ਦੀ ਪ੍ਰਕਿਰਿਆ ਜਾਰੀ ਹੈ ਅਤੇ ਕਈਆਂ ਨੂੰ ਲਿਆਂਦਾ ਵੀ ਜਾ ਚੁੱਕਾ ਹੈ।
ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਇੱਕ ਸ਼ਾਂਤੀ ਪਸੰਦ ਸੂਬਾ ਹੈ। ਇੱਥੋਂ ਦੇ ਲੋਕ "ਸਰਬੱਤ ਦਾ ਭਲਾ" ਮੰਗਣ ਵਾਲੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਵਾਲੇ ਕਿਸੇ ਵੀ ਅਪਰਾਧੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ।
ਪੁਲਿਸ ਵੱਲੋਂ ਗੈਂਗਸਟਰਾਂ ਦੇ ਪੋਸਟਰ ਜਾਰੀ ਕਰਨ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਇਹ ਜਨਤਾ ਨੂੰ ਜਾਗਰੂਕ ਕਰਨ ਅਤੇ ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਪੈਦਾ ਕਰਨ ਲਈ ਇੱਕ ਅਹਿਮ ਕਦਮ ਹੈ।
ਮੁੱਖ ਮੰਤਰੀ ਨੇ ਆਪਣੇ ਬਿਆਨ ਦੇ ਅਖੀਰ ਵਿੱਚ "ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ" ਦਾ ਹਵਾਲਾ ਦਿੰਦਿਆਂ ਪੰਜਾਬ ਦੀ ਖ਼ੁਸ਼ਹਾਲੀ ਅਤੇ ਅਮਨ-ਚੈਨ ਦੀ ਕਾਮਨਾ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਪੰਜਾਬ ਪੁਲਿਸ ਆਧੁਨਿਕ ਤਕਨੀਕ ਅਤੇ ਕੇਂਦਰ ਨਾਲ ਤਾਲਮੇਲ ਕਰਕੇ ਜਲਦ ਹੀ ਅਪਰਾਧਿਕ ਨੈੱਟਵਰਕ ਨੂੰ ਪੂਰੀ ਤਰ੍ਹਾਂ ਤੋੜ ਦੇਵੇਗੀ।
Click to Follow Babushahi Facebook page →