Live Breaking: ਪੰਜਾਬ ਵਿਧਾਨ ਸਭਾ 'ਚ ਬੇਅਦਬੀ ਖ਼ਿਲਾਫ਼ ਬਿੱਲ ਪੇਸ਼; ਸਰਬਸੰਮਤੀ ਨਾਲ ਮਿਲੀ ਪ੍ਰਵਾਨਗੀ (ਵੇਖੋ ਵੀਡੀਓ)
BABUSHAHI NETWORK
ਚੰਡੀਗੜ੍ਹ, 13 ਅਪ੍ਰੈਲ 2026: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੌਰਾਨ ਅੱਜ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਇੱਕ ਅਹਿਮ ਬਿੱਲ ਪੇਸ਼ ਕੀਤਾ ਗਿਆ। ਸਦਨ ਦੀ ਕਾਰਵਾਈ ਦੌਰਾਨ ਸਾਰੇ ਮੈਂਬਰਾਂ ਨੇ ਇਕਜੁੱਟਤਾ ਦਿਖਾਉਂਦਿਆਂ ਇਸ ਮੁੱਦੇ 'ਤੇ ਆਪਣੀ ਸਹਿਮਤੀ ਪ੍ਰਗਟਾਈ। ਬਿੱਲ ਦੇ ਮੁਤਾਬਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਨੂੰ 7 ਤੋਂ 20 ਸਾਲ ਤੱਕ ਦੀ ਕੈਦ ਹੋ ਸਕਦੀ ਹੈ। ਜੇਕਰ ਸਾਜ਼ਿਸ਼ ਅਧੀਨ ਬੇਅਦਬੀ ਕੀਤੀ ਤਾਂ ਫਿਰ ਘੱਟ ਤੋੱ ਘੱਟ 10 ਸਾਲ ਦੀ ਸਜ਼ਾ ਹੋਵੇਗੀ।
ਸੈਸ਼ਨ ਦੀ ਸ਼ੁਰੂਆਤ ਬਹੁਤ ਹੀ ਗੰਭੀਰ ਮਾਹੌਲ ਵਿੱਚ ਹੋਈ। ਕਾਰਵਾਈ ਸ਼ੁਰੂ ਹੁੰਦਿਆਂ ਹੀ ਸਭ ਤੋਂ ਪਹਿਲਾਂ ਦੇਸ਼ ਅਤੇ ਸੂਬੇ ਦੀਆਂ ਉਨ੍ਹਾਂ ਮਹਾਨ ਸ਼ਖ਼ਸੀਅਤਾਂ ਅਤੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਜੋ ਪਿਛਲੇ ਸਮੇਂ ਦੌਰਾਨ ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ। ਸਮੁੱਚੇ ਸਦਨ ਨੇ ਦੋ ਮਿੰਟ ਦਾ ਮੌਨ ਰੱਖ ਕੇ ਉਨ੍ਹਾਂ ਨੂੰ ਯਾਦ ਕੀਤਾ।
ਸ਼ਰਧਾਂਜਲੀ ਤੋਂ ਬਾਅਦ, ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੇਅਦਬੀ ਵਿਰੋਧੀ ਬਿੱਲ ਸਦਨ ਦੇ ਸਾਰੇ ਮੈਂਬਰਾਂ ਨੂੰ ਪੜ੍ਹ ਕੇ ਸੁਣਾਇਆ। ਬਿੱਲ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਇਹ ਕਦਮ ਧਾਰਮਿਕ ਗ੍ਰੰਥਾਂ ਦੀ ਮਰਿਆਦਾ ਨੂੰ ਕਾਇਮ ਰੱਖਣ ਅਤੇ ਸਮਾਜਿਕ ਭਾਈਚਾਰੇ ਨੂੰ ਵਿਗਾੜਨ ਵਾਲੀਆਂ ਤਾਕਤਾਂ ਨੂੰ ਨੱਥ ਪਾਉਣ ਲਈ ਚੁੱਕਿਆ ਗਿਆ ਹੈ।
ਸਪੀਕਰ ਵੱਲੋਂ ਬਿੱਲ ਪੜ੍ਹੇ ਜਾਣ ਤੋਂ ਬਾਅਦ, ਸਦਨ ਵਿੱਚ ਮੌਜੂਦ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੇ ਇਸ ਦਾ ਸਮਰਥਨ ਕੀਤਾ। ਬਿਨਾਂ ਕਿਸੇ ਵਿਰੋਧ ਦੇ, ਸਰਬਸੰਮਤੀ ਨਾਲ ਇਸ ਬਿੱਲ ਨੂੰ ਪੇਸ਼ ਕਰਨ ਦੀ ਪ੍ਰਵਾਨਗੀ ਦਿੱਤੀ ਗਈ। ਸਦਨ ਦੇ ਮੈਂਬਰਾਂ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਬੇਅਦਬੀ ਵਰਗੇ ਸੰਵੇਦਨਸ਼ੀਲ ਮਾਮਲਿਆਂ ਵਿੱਚ ਦੋਸ਼ੀਆਂ ਨੂੰ ਅਜਿਹੀ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ ਜੋ ਭਵਿੱਖ ਵਿੱਚ ਕਿਸੇ ਨੂੰ ਅਜਿਹਾ ਕਰਨ ਦੀ ਹਿੰਮਤ ਨਾ ਦੇਵੇ। ਇਸ ਬਿੱਲ ਦੇ ਪਾਸ ਹੋਣ ਨਾਲ ਪੰਜਾਬ ਵਿੱਚ ਧਾਰਮਿਕ ਅਕੀਦਤ ਨੂੰ ਠੇਸ ਪਹੁੰਚਾਉਣ ਵਾਲੇ ਅਪਰਾਧਾਂ ਵਿਰੁੱਧ ਕਾਨੂੰਨੀ ਸ਼ਿਕੰਜਾ ਹੋਰ ਕੱਸਿਆ ਜਾਵੇਗਾ।
Click to Follow Babushahi Facebook page →