327ਵੇਂ ਖਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਰਾਹੀਂ ਸੰਗਤਾਂ ਨੇ ਗੁਰੂ ਨਾਲ ਜੋੜ ਮਜ਼ਬੂਤ ਕੀਤਾ : ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 13 ਅਪ੍ਰੈਲ,2026
327ਵੇਂ ਖਾਲਸਾ ਸਾਜਨਾ ਦਿਵਸ ਦੇ ਪਵਿੱਤਰ ਮੌਕੇ ‘ਤੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈ ਦਿੱਤੀ ਅਤੇ ਖਾਲਸਾ ਪੰਥ ਦੀ ਮਹਾਨਤਾ ਨੂੰ ਉਜਾਗਰ ਕਰਦਿਆਂ ਸੰਗਤ ਨੂੰ ਗੁਰੂ ਨਾਲ ਜੁੜਨ ਦਾ ਸੰਦੇਸ਼ ਦਿੱਤਾ।
ਸੰਗਤ ਨੂੰ ਸੰਬੋਧਨ ਕਰਦਿਆਂ ਕਾਲਕਾ ਨੇ ਕਿਹਾ ਕਿ ਇਹ ਵੱਡੀ ਵਡਿਆਈ ਅਤੇ ਮਾਣ ਦੀ ਗੱਲ ਹੈ ਕਿ ਅੱਜ ਸੰਗਤ ਨੇ ਗੁਰੂ ਸਾਹਿਬ ਵੱਲੋਂ ਬਖ਼ਸ਼ੀ ਅਨਮੋਲ ਦਾਤ ਖੰਡੇ ਬਾਟੇ ਦੀ ਪਾਹੁਲ ਪ੍ਰਾਪਤ ਕਰਕੇ ਆਪਣੇ ਜੀਵਨ ਨੂੰ ਗੁਰੂ ਵਾਲਾ ਬਣਾਇਆ ਹੈ। ਉਨ੍ਹਾਂ ਕਿਹਾ ਕਿ ਮਨੁੱਖ ਜਦੋਂ ਇਸ ਸੰਸਾਰ ਵਿੱਚ ਜਨਮ ਲੈਂਦਾ ਹੈ ਤਾਂ ਉਸਦੇ ਵੱਸ ਵਿੱਚ ਨਹੀਂ ਹੁੰਦਾ ਕਿ ਉਹ ਆਪਣੇ ਮਾਤਾ-ਪਿਤਾ ਜਾਂ ਗੁਰੂ ਦੀ ਚੋਣ ਕਰੇ, ਪਰ ਖਾਲਸਾ ਪੰਥ ਨੂੰ ਇਹ ਵਿਲੱਖਣ ਦਾਤ ਪ੍ਰਾਪਤ ਹੈ ਕਿ ਹਰ ਸਿੱਖ ਆਪਣੀ ਰੂਹਾਨੀ ਇੱਛਾ ਅਨੁਸਾਰ ਗੁਰੂ ਗੋਬਿੰਦ ਸਿੰਘ ਨੂੰ ਆਪਣਾ ਪਿਤਾ ਅਤੇ ਮਾਤਾ ਸਾਹਿਬ ਕੌਰ ਨੂੰ ਆਪਣੀ ਆਤਮਿਕ ਮਾਤਾ ਵਜੋਂ ਸਵੀਕਾਰ ਕਰਦਾ ਹੈ। ਇਹ ਬੇਮਿਸਾਲ ਆਤਮਿਕ ਰਿਸ਼ਤਾ ਖਾਲਸਾ ਪੰਥ ਦੀ ਵਿਲੱਖਣਤਾ ਅਤੇ ਮਹਾਨਤਾ ਦਾ ਪ੍ਰਤੀਕ ਹੈ।
ਉਨ੍ਹਾਂ ਅੱਗੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਦੀ ਲਹਿਰ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਅੰਮ੍ਰਿਤ ਸੰਚਾਰ ਸਮਾਗਮ ਆਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰੂ ਦੀ ਰਹਿਤ ਨਾਲ ਜੁੜ ਸਕੇ। ਉਨ੍ਹਾਂ ਗੁਰੂ ਸਾਹਿਬ ਦੇ ਬਚਨਾਂ “ਰਹਿਤ ਪਿਆਰੀ ਮੁਝ ਕੋ, ਸਿੱਖ ਪਿਆਰਾ ਨਾਹਿ” ਦਾ ਜ਼ਿਕਰ ਕਰਦਿਆਂ ਕਿਹਾ ਕਿ ਰਹਿਤ ਨਾਲ ਜੁੜਨਾ ਹੀ ਸੱਚੇ ਸਿੱਖੀ ਜੀਵਨ ਦੀ ਪਹਿਚਾਣ ਹੈ।
ਕਾਲਕਾ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਡੇ ਪੱਧਰ ‘ਤੇ ਅੰਮ੍ਰਿਤ ਸੰਚਾਰ ਕਰਵਾਉਣ ਦਾ ਪ੍ਰਣ ਲਿਆ ਗਿਆ ਸੀ, ਜਿਸ ਦੇ ਸਫਲ ਨਤੀਜੇ ਵਜੋਂ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਵਾਲੀ ਬਣ ਰਹੀ ਹੈ ਅਤੇ ਸੈਂਕੜਿਆਂ ਦੀ ਗਿਣਤੀ ਵਿੱਚ ਅੱਜ ਵੀ ਸੰਗਤ ਨੇ ਅੰਮ੍ਰਿਤ ਪਾਨ ਕਰਕੇ ਆਪਣੇ ਜੀਵਨ ਨੂੰ ਗੁਰੂ ਨਾਲ ਜੋੜਿਆ ਹੈ।
ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ 14 ਅਪ੍ਰੈਲ ਨੂੰ ਵਿਸਾਖੀ ਦੇ ਪਾਵਨ ਦਿਹਾੜੇ ਮੌਕੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਹੋਣ ਵਾਲੇ ਵਿਸ਼ਾਲ ਕੀਰਤਨ ਸਮਾਗਮ ਅਤੇ ਅੰਮ੍ਰਿਤ ਸੰਚਾਰ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਵਿੱਚ ਭਾਗੀਦਾਰ ਬਣਨ। ਉਨ੍ਹਾਂ ਕਿਹਾ ਕਿ ਜੋ ਵੀ ਸੰਗਤ ਅੰਮ੍ਰਿਤ ਪਾਨ ਕਰਨ ਦੀ ਇੱਛੁਕ ਹੈ, ਉਹ 14 ਅਪ੍ਰੈਲ ਨੂੰ ਸਵੇਰੇ 10 ਵਜੇ ਤੱਕ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਆਪਣਾ ਨਾਮ ਦਰਜ ਕਰਵਾਏ ਤਾਂ ਜੋ 11 ਵਜੇ ਅੰਮ੍ਰਿਤ ਸੰਚਾਰ ਸਮਾਗਮ ਸੁਚਾਰੂ ਢੰਗ ਨਾਲ ਆਰੰਭ ਕੀਤਾ ਜਾ ਸਕੇ।
ਕਾਲਕਾ ਨੇ ਸਮੂਹ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਪਾਵਨ ਤਿਉਹਾਰ ਦੀਆਂ ਮੁੜ ਲੱਖ-ਲੱਖ ਵਧਾਈਆਂ ਦਿੰਦਿਆਂ ਕਿਹਾ ਕਿ ਇਹ ਦਿਹਾੜਾ ਸਾਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਖਾਲਸਾ ਰੂਪ ਨੂੰ ਅਪਣਾਉਣ ਅਤੇ ਸਿੱਖੀ ਸਿਧਾਂਤਾਂ ‘ਤੇ ਅਡਿੱਗ ਰਹਿਣ ਦੀ ਪ੍ਰੇਰਣਾ ਦਿੰਦਾ ਹੈ।
Click to Follow Babushahi Facebook page →