ਜੈਤੋ ਵਿੱਚ ਨਸ਼ੇ ਦੀ ਓਵਰਡੋਜ਼ ਨਾਲ 30 ਸਾਲਾ ਨੌਜਵਾਨ ਦੀ ਮੌਤ
ਨਸ਼ਿਆਂ ਖ਼ਿਲਾਫ਼ ਸਰਕਾਰੀ ਦਾਅਵਿਆਂ ’ਤੇ ਉਠੇ ਸਵਾਲ, ਇਲਾਕੇ ਵਿੱਚ ਰੋਸ ਦੀ ਲਹਿਰ
ਜੈਤੋ, 14 ਅਪ੍ਰੈਲ (ਮਨਜੀਤ ਸਿੰਘ ਢੱਲਾ): ਜੈਤੋ ਵਿੱਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਆਈ.ਟੀ.ਆਈ. ਦੇ ਸਾਹਮਣੇ ਖਾਲੀ ਪਲਾਟ ਵਿੱਚ 30 ਸਾਲਾ ਰਾਜ ਕੁਮਾਰ ਪੁੱਤਰ ਜਸਵੰਤ ਸਿੰਘ ਬੇਹੋਸ਼ ਹਾਲਤ ਵਿੱਚ ਪਿਆ ਮਿਲਿਆ। ਉਸਦੀ ਸੱਜੀ ਬਾਂਹ ਵਿੱਚ ਸਰਿੰਜ ਲੱਗੀ ਹੋਈ ਸੀ।
ਮੌਕੇ ’ਤੇ ਮੌਜੂਦ ਲੋਕਾਂ ਨੇ ਤੁਰੰਤ ਉਸਨੂੰ ਜੈਤੋ ਦੇ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਿਊਟੀ ’ਤੇ ਤਾਇਨਾਤ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਘਟਨਾ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।
ਇਹ ਮਾਮਲਾ ਨਸ਼ਿਆਂ ਦੇ ਵਧਦੇ ਪ੍ਰਭਾਵ ਅਤੇ ਨੌਜਵਾਨ ਪੀੜ੍ਹੀ ਦੀ ਬਰਬਾਦੀ ਬਾਰੇ ਗੰਭੀਰ ਚਿੰਤਾ ਖੜੀ ਕਰ ਰਿਹਾ ਹੈ। ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਦਾਅਵਿਆਂ ਦੇ ਬਾਵਜੂਦ ਜ਼ਮੀਨੀ ਹਕੀਕਤ ਉੱਤੇ ਸਵਾਲ ਉਠ ਰਹੇ ਹਨ।
ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਨਸ਼ਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਫਿਰ ਨੌਜਵਾਨਾਂ ਤੱਕ ਨਸ਼ੇ ਕਿਵੇਂ ਪਹੁੰਚ ਰਹੇ ਹਨ। ਲੋਕਾਂ ਵੱਲੋਂ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਰੋਕਥਾਮ ਲਈ ਹੋਰ ਸਖ਼ਤ ਅਤੇ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਮੰਗ ਕੀਤੀ ਜਾ ਰਹੀ ਹੈ, ਤਾਂ ਜੋ ਅਜਿਹੀਆਂ ਦੁਖਦਾਈ ਘਟਨਾਵਾਂ ਨੂੰ ਰੋਕਿਆ ਜਾ ਸਕੇ।
Click to Follow Babushahi Facebook page →