ਸੰਭਾਵੀ ਹੜ੍ਹਾਂ ਤੋਂ ਬਚਾਅ ਲਈ DC ਵੱਲੋਂ ਸੱਤਲੁਜ ਬੰਨ੍ਹ ਦਾ ਦੌਰਾ
*ਬੰਨ੍ਹ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼*
ਪ੍ਰਮੋਦ ਭਾਰਤੀ
ਨਵਾਂਸ਼ਹਿਰ 16 ਅਪ੍ਰੈਲ, 2026
ਆਗਾਮੀ ਮੌਨਸੂਨ ਸੀਜ਼ਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵੱਲੋਂ ਵੀਰਵਾਰ ਨੂੰ ਅਧਿਕਾਰੀਆਂ ਸਮੇਤ ਜ਼ਿਲ੍ਹੇ ਅੰਦਰ ਦਰਿਆ ਸੱਤਲੁਜ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਸੰਭਾਵੀ ਹੜ੍ਹਾਂ ਤੋਂ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕਰਕੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਨੂੰ ਦੇਖਿਆ। ਇਸ ਮੌਕੇ ’ਤੇ ਐਸ.ਡੀ.ਐਮ ਨਵਾਂਸ਼ਹਿਰ ਅਨਮਜਯੋਤ ਕੌਰ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਬੁਰਜ ਟਹਿਲ ਦਾਸ, ਤਲਵੰਡੀ ਸਿਬੂ, ਮੰਡਾਲਾ ਅਤੇ ਧੈਂਗੜਪੁਰ ਵਿਖੇ ਸੱਤਲੁਜ ਬੰਨ੍ਹ ਦਾ ਦੌਰਾ ਕੀਤਾ ਅਤੇ ਸੰਭਾਵੀ ਹੜ੍ਹ ਰੋਕਥਾਮ ਲਈ ਬੰਨ੍ਹਾਂ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦਾ ਨਿਰੀਖਣ ਕੀਤਾ।
ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸੰਭਾਵੀ ਹੜ੍ਹ ਰੋਕਥਾਮ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਤੇਜ਼ੀ ਲਿਆਉਣ ਅਤੇ ਜਿਹੜੇ ਕੰਮ ਅੱਜੇ ਤੱਕ ਸ਼ੁਰੂ ਨਹੀਂ ਹੋਏ ਹਨ, ਉਨ੍ਹਾਂ ਕੰਮਾਂ ਨੂੰ ਜਲਦੀ ਸ਼ੁਰੂ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਫਿਰ ਇੱਕ ਹਫ਼ਤੇ ਬਾਅਦ ਬੰਨ੍ਹਾਂ ਦਾ ਨਿਰੀਖਣ ਕਰਨਗੇ ਅਤੇ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣਗੇ। ਉਨ੍ਹਾਂ ਕਿਹਾ ਕਿ ਸੰਭਾਵੀ ਹੜ੍ਹ ਰੋਕਥਾਮ ਲਈ ਕੀਤੇ ਜਾ ਰਹੇ ਕੰਮਾਂ ਵਿੱਚ ਕਿਸੇ ਵੀ ਕਿਸਮ ਦੀ ਢਿਲ ਬਰਦਾਸ਼ ਨਹੀਂ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਸੱਤਲੁਜ ਦਰਿਆ ਦੇ ਕੰਢੇ ਧੁੱਸੀ ਬੰਨ੍ਹ ਉੱਪਰ ਕਿਸੇ ਵੀ ਸੰਭਾਵੀ ਖਤਰੇ ਦੇ ਟਾਕਰੇ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਹੜ੍ਹਾਂ ਤੋਂ ਬਚਾਅ ਲਈ ਕੰਮ ਮੁਕੰਮਲ ਕਰ ਲਏ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨ੍ਹਾਂ ਦਰਿਆ ਨਾਲ ਲੱਗਦੇ ਇਲਾਕਾ ਵਾਸੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਦੇ ਹੱਲ ਲਈ ਮੌਕੇ ’ਤੇ ਹੀ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ।
Click to Follow Babushahi Facebook page →