ਜਨਗਣਨਾ 2027 ਹੇਠ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਵੀ ਸਹੂਲਤ: DC ਬਠਿੰਡਾ
15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO) ਦਾ ਪਹਿਲਾ ਪੜਾਅ ਹੋਵੇਗਾ ਸ਼ੁਰੂ
ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in 'ਤੇ ਜਾਣਾ ਭਰਿਆ ਜਾ ਸਕਦਾ
ਅਸ਼ੋਕ ਵਰਮਾ
ਬਠਿੰਡਾ, 16 ਅਪ੍ਰੈਲ 2026 : ਡਿਪਟੀ ਕਮਿਸ਼ਨਰ -ਕਮ-ਪ੍ਰਿੰਸੀਪਲ ਸੈਂਸਸ ਅਫ਼ਸਰ ਸ੍ਰੀ ਰਾਜੇਸ਼ ਧੀਮਾਨ ਆਈ ਏ ਐੱਸ ਨੇ ਦੱਸਿਆ ਕਿ ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO) ਸ਼ੁਰੂ ਹੋਵੇਗਾ। ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੋਵੇਗੀ, ਜਿਸ ਵਿੱਚ 30 ਅਪ੍ਰੈਲ ਤੋਂ 14 ਮਈ 2026 ਤੱਕ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ।
ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਜ਼ਿਲ੍ਹਾ ਵਾਸੀ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਕਰਨ। ਉਨ੍ਹਾਂ ਦੱਸਿਆ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ। ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਔਨਲਾਈਨ ਭਰ ਸਕਦੇ ਹੋ।
ਉਨ੍ਹਾਂ ਦੱਸਿਆ ਕਿ ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ। ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in 'ਤੇ ਜਾਣਾ ਹੋਵੇਗਾ। ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ 'ਤੇ ਲੌਗਇਨ ਕਰੋ। ਪੋਰਟਲ 'ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਆਪਣੀ ਸਹੂਲਤ ਅਨੁਸਾਰ ਭਰੋ। ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇੱਕ 'ਸੈਲਫ-ਐਨੂਮਰੇਸ਼ਨ ਆਈ ਡੀ' (SE ID) ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।
ਉਨ੍ਹਾਂ ਦੱਸਿਆ ਕਿ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਜਨਗਣਨਾ ਕਰਮਚਾਰੀਆਂ ਦੇ ਘਰ-ਘਰ ਜਾਣ ਦੀ ਜੋ ਵੀ ਤਰੀਕ ਤੈਅ ਹੋਵੇਗੀ, ਉਸ ਤੋਂ ਠੀਕ 15 ਦਿਨ ਪਹਿਲਾਂ 'ਸਵੈ-ਗਣਨਾ' ਦਾ ਪੋਰਟਲ ਉਸ ਖੇਤਰ ਦੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਤਹਿਤ 33 ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਰਿਹਾਇਸ਼ ਦੀ ਸਥਿਤੀ (ਕੱਚਾ/ਪੱਕਾ), ਬੁਨਿਆਦੀ ਸਹੂਲਤਾਂ (ਪਾਣੀ, ਬਿਜਲੀ, ਪਖਾਨੇ ਆਦਿ) ਅਤੇ ਪਰਿਵਾਰ ਕੋਲ ਉਪਲਬਧ ਸੰਪਤੀਆਂ ਦੀ ਜਾਣਕਾਰੀ ਮੰਗੀ ਜਾਵੇਗੀ।
Click to Follow Babushahi Facebook page →