ਇੰਪਰੂਵਮੈਂਟ ਟਰੱਸਟ ਵੱਲੋਂ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਜਾਰੀ; ਪਾਰਦਰਸ਼ੀ ਨੀਤੀ ਤਹਿਤ ਹੋਈ ਨਿਲਾਮੀ: ਚੇਅਰਮੈਨ ਰਾਜੀਵ ਸ਼ਰਮਾ
ਰੋਹਿਤ ਗੁਪਤਾ, ਗੁਰਦਸਪੁਰ
ਗੁਰਦਾਸਪੁਰ: ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਨੇ ਅੱਜ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਦੱਸਿਆ ਕਿ ਟਰੱਸਟ ਵੱਲੋਂ ਸ਼ਹਿਰ ਵਾਸੀਆਂ ਦੇ ਆਪਣੇ ਘਰ ਅਤੇ ਕਾਰੋਬਾਰ ਦੇ ਸੁਪਨੇ ਨੂੰ ਸਾਕਾਰ ਕਰਦਿਆਂ ਸਫਲ ਅਲਾਟੀਆਂ ਨੂੰ ਅਲਾਟਮੈਂਟ ਪੱਤਰ ਸੌਂਪੇ ਗਏ ਹਨ।
ਮੀਡੀਆ ਨਾਲ ਜਾਣਕਾਰੀ ਸਾਂਝੀ ਕਰਦਿਆਂ ਚੇਅਰਮੈਨ ਨੇ ਦੱਸਿਆ ਕਿ ਕਰੀਬ ਦੋ-ਤਿੰਨ ਮਹੀਨੇ ਪਹਿਲਾਂ ਟਰੱਸਟ ਵੱਲੋਂ ਵੱਖ-ਵੱਖ ਪ੍ਰਾਪਰਟੀਆਂ ਦੀ ਨਿਲਾਮੀ ਕਰਵਾਈ ਗਈ ਸੀ। ਇਸ ਨਿਲਾਮੀ ਵਿੱਚ ਕੁੱਲ 17 ਪ੍ਰਾਪਰਟੀਆਂ ਸ਼ਾਮਲ ਸਨ, ਜਿਨ੍ਹਾਂ ਵਿੱਚੋਂ 7 ਰੈਂਟਲ (ਕਿਰਾਏ ਵਾਲੀਆਂ) ਪ੍ਰਾਪਰਟੀਆਂ ਅਤੇ 10 ਸੇਲ (ਵਿਕਰੀ) ਲਈ ਪਲਾਟ ਸਨ। ਉਨ੍ਹਾਂ ਕਿਹਾ ਕਿ ਇਹ ਸਾਰੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹੀ ਗਈ ਹੈ ਅਤੇ ਅੱਜ ਸਭ ਤੋਂ ਵੱਧ ਬੋਲੀ ਦੇਣ ਵਾਲੇ ਅਲਾਟੀਆਂ ਨੂੰ ਉਨ੍ਹਾਂ ਦੇ ਪੱਤਰ ਜਾਰੀ ਕਰ ਦਿੱਤੇ ਗਏ ਹਨ।
ਚੇਅਰਮੈਨ ਰਾਜੀਵ ਸ਼ਰਮਾ ਨੇ ਅੱਗੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੀਆਂ ਪ੍ਰਾਈਮ ਲੋਕੇਸ਼ਨਾਂ 'ਤੇ ਹੋਰ ਵੀ ਪ੍ਰਾਪਰਟੀਆਂ ਦੀ ਪਛਾਣ ਕੀਤੀ ਜਾ ਰਹੀ ਹੈ, ਜਿਨ੍ਹਾਂ ਦੀ ਜਲਦ ਹੀ ਨਿਲਾਮੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਉਪਰਾਲੇ ਨਾਲ ਆਮ ਲੋਕਾਂ ਨੂੰ ਵਧੀਆ ਸਹੂਲਤਾਂ ਵਾਲੇ ਖੇਤਰਾਂ ਵਿੱਚ ਰਹਿਣ ਅਤੇ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ।
ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਇੰਪਰੂਵਮੈਂਟ ਟਰੱਸਟ ਦੀਆਂ ਕਲੋਨੀਆਂ, ਚਾਹੇ ਉਹ ਬੱਸ ਸਟੈਂਡ ਦੇ ਨੇੜੇ ਹੋਣ ਜਾਂ ਸਕੀਮ ਨੰਬਰ 7 ਵਿੱਚ, ਹਰ ਜਗ੍ਹਾ 'ਤੇ ਲੋਕਾਂ ਨੂੰ ਬਿਹਤਰੀਨ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਵਿੱਖ ਵਿੱਚ ਹੋਣ ਵਾਲੀਆਂ ਨਿਲਾਮੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ ਉਹ ਆਪਣੇ ਸੁਪਨਿਆਂ ਦਾ ਘਰ ਜਾਂ ਦੁਕਾਨ ਹਾਸਲ ਕਰ ਸਕਣ।
Click to Follow Babushahi Facebook page →