ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਰੂਪਨਗਰ ਤੋਂ ਦਰਬਾਰ ਸਾਹਿਬ ਲਈ ਸ਼ਰਧਾਲੂਆਂ ਦੀ ਬੱਸ ਰਵਾਨਾ
ਰੂਪਨਗਰ, 18 ਅਪ੍ਰੈਲ: ਪੰਜਾਬ ਸਰਕਾਰ ਦੀ ਲੋਕ-ਭਲਾਈਕਾਰੀ “ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ” ਤਹਿਤ ਬੇਲਾ ਚੌਂਕ ਰੂਪਨਗਰ ਤੋਂ ਕਰੀਬ 80 ਸ਼ਰਧਾਲੂਆਂ ਦਾ ਜਥਾ ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਰਵਾਨਾ ਕੀਤਾ ਗਿਆ। ਇਹ ਯਾਤਰਾ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਆਯੋਜਿਤ ਕੀਤੀ ਗਈ।
ਇਸ ਮੌਕੇ ਐਮਸੀ ਰਾਜੂ ਸਤਿਆਲ, ਚੇਅਰਮੈਨ ਭਾਗ ਸਿੰਘ ਮਦਾਨ ਤੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਵੱਲੋਂ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ ਗਈ। ਰਵਾਨਗੀ ਦੌਰਾਨ ਪਿੰਡ ਵਿੱਚ ਖੁਸ਼ੀ ਅਤੇ ਧਾਰਮਿਕ ਉਤਸ਼ਾਹ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸ਼ਰਧਾਲੂਆਂ ਨੇ ਇਸ ਉਪਰਾਲੇ ਲਈ ਸਰਕਾਰ ਦਾ ਧੰਨਵਾਦ ਕੀਤਾ।
ਚੇਅਰਮੈਨ ਭਾਗ ਸਿੰਘ ਮਦਾਨ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਆਮ ਲੋਕਾਂ ਲਈ ਬਹੁਤ ਹੀ ਲਾਭਦਾਇਕ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹਰ ਵਰਗ ਦੇ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜੋ ਕਿ ਪਹਿਲਾਂ ਕਈਆਂ ਲਈ ਸੰਭਵ ਨਹੀਂ ਸੀ। ਉਨ੍ਹਾਂ ਨੇ ਸ਼ਰਧਾਲੂਆਂ ਨੂੰ ਸੁਖਮਈ ਅਤੇ ਆਤਮਿਕ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ।
ਇਸੇ ਤਰ੍ਹਾਂ ਐਮਸੀ ਰਾਜੂ ਸਤਿਆਲ ਅਤੇ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ ਨੇ ਕਿਹਾ ਕਿ ਤੀਰਥ ਯਾਤਰਾਵਾਂ ਸਿਰਫ ਧਾਰਮਿਕ ਆਸਥਾ ਦਾ ਪ੍ਰਗਟਾਵਾ ਨਹੀਂ ਹੁੰਦੀਆਂ, ਸਗੋਂ ਇਹ ਸਾਡੇ ਵਿਰਸੇ ਅਤੇ ਸੱਭਿਆਚਾਰ ਨਾਲ ਜੋੜ ਨੂੰ ਵੀ ਮਜ਼ਬੂਤ ਕਰਦੀਆਂ ਹਨ। ਉਨ੍ਹਾਂ ਦੱਸਿਆ ਕਿ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ ਅਤੇ ਖਾਣ-ਪੀਣ ਸਮੇਤ ਸਾਰੀਆਂ ਜ਼ਰੂਰੀ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ, ਤਾਂ ਜੋ ਸ਼ਰਧਾਲੂ ਬਿਨਾਂ ਕਿਸੇ ਦਿਕਤ ਦੇ ਯਾਤਰਾ ਦਾ ਲਾਭ ਲੈ ਸਕਣ। ਉਨ੍ਹਾਂ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਲੋਕ ਇਸ ਸਕੀਮ ਦਾ ਲਾਭ ਲੈ ਕੇ ਆਪਣੀ ਆਤਮਿਕ ਯਾਤਰਾ ਨੂੰ ਸਫਲ ਬਣਾਉਣਗੇ।
ਇਸ ਮੌਕੇ ਵੱਡੀ ਨੀਲਮ ਰਾਣੀ ਪ੍ਰਧਾਨ ਪ੍ਰਧਾਨ ਵਿਧਾਨ ਸਭਾ ਹਲਕਾ ਰੂਪਨਗਰ ਮਹਿਲਾ ਵਿੰਗ, ਜੋਤੀ ਸੈਣੀ, ਇਸ਼ੂ ਧਵਨ, ਚੇਤਨ ਕਾਲੀਆ, ਕਪੂਰ ਸਾਹਿਬ, ਵਿੱਕੀ ਧਵਨ, ਸੁਹੈਲ ਸੈਣੀ ਅਤੇ ਹੋਰ ਸ਼ਰਧਾਲੂ ਮੌਜੂਦ ਸਨ।
Click to Follow Babushahi Facebook page →