ਚੋਰੀ ਦੇ ਸ਼ੱਕ ’ਚ ਨੌਜਵਾਨ ਨੂੰ ਬੰਧਕ ਬਣਾ ਕੇ ਸਿਰ ਮੁੰਨਿਆ, ਵੀਡੀਓ ਵਾਇਰਲ- ਪੜ੍ਹੋ ਪੁਲਿਸ ਨੇ ਕੀ ਕਿਹਾ?
ਲੁਧਿਆਣਾ 'ਚ ਗੁੰਡਾਗਰਦੀ ਦਾ ਨੰਗਾ ਨਾਚ: ਨੌਜਵਾਨ ਨੂੰ ਬੰਧਕ ਬਣਾ ਕੇ ਸਿਰ ਮੁੰਨਿਆ, ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਹਰਕਤ 'ਚ
ਸੁਖਮਿੰਦਰ ਭੰਗੂ
ਲੁਧਿਆਣਾ 20 ਅਪ੍ਰੈਲ 2026- ਉਦਯੋਗਿਕ ਨਗਰੀ ਲੁਧਿਆਣਾ ਵਿੱਚ ਸ਼ਰਾਰਤੀ ਅੰਸਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਉਨ੍ਹਾਂ ਨੂੰ ਹੁਣ ਕਾਨੂੰਨ ਦਾ ਕੋਈ ਡਰ ਨਹੀਂ ਰਿਹਾ। ਤਾਜ਼ਾ ਮਾਮਲਾ ਕਮਿਸ਼ਨਰੇਟ ਪੁਲਿਸ ਅਧੀਨ ਆਉਂਦੇ ਥਾਣਾ ਬਸਤੀ ਜੋਧੇਵਾਲ ਦੇ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਕਰਤੂਤ ਨੂੰ ਅੰਜਾਮ ਦਿੱਤਾ ਗਿਆ।
ਕੀ ਹੈ ਪੂਰਾ ਮਾਮਲਾ?
ਸੋਸ਼ਲ ਮੀਡੀਆ 'ਤੇ ਇੱਕ ਬੇਹੱਦ ਦੁਖਦਾਈ ਅਤੇ ਖੌਫ਼ਨਾਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਸੀ ਜਿੱਥੇ, ਕੁਝ ਅਣਪਛਾਤੇ ਸ਼ਰਾਰਤੀ ਅਨਸਰਾਂ ਨੇ ਇੱਕ ਵਿਅਕਤੀ ਨੂੰ ਜ਼ਬਰਦਸਤੀ ਬੰਧਕ ਬਣਾਇਆ ਹੋਇਆ ਹੈ।ਪੀੜਤ ਦੀ ਕੁੱਟਮਾਰ ਕਰਨ ਤੋਂ ਬਾਅਦ, ਮੁਲਜ਼ਮਾਂ ਨੇ ਬੇਰਹਿਮੀ ਦੀਆਂ ਹੱਦਾਂ ਪਾਰ ਕਰਦਿਆਂ ਉਸ ਦਾ ਸਿਰ ਮੁੰਨ ਦਿੱਤਾ। ਘਟਨਾ ਦੌਰਾਨ ਮੁਲਜ਼ਮਾਂ ਵੱਲੋਂ ਪੀੜਤ ਦੀ ਵੀਡੀਓ ਵੀ ਬਣਾਈ ਗਈ, ਤਾਂ ਜੋ ਉਸ ਨੂੰ ਜਨਤਕ ਤੌਰ 'ਤੇ ਜ਼ਲੀਲ ਕੀਤਾ ਜਾ ਸਕੇ।
ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਬਸਤੀ ਜੋਧੇਵਾਲ ਦੀ ਪੁਲਿਸ ਨੇ ਤੁਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਏ ਸੀ ਪੀ ਕਿੱਕਰ ਸਿੰਘ ਭੁੱਲਰ ਨੇ ਦੱਸਿਆ ਕਿ ਵਾਇਰਲ ਵੀਡੀਓ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ। ਕਾਨੂੰਨ ਨੂੰ ਹੱਥ ਵਿੱਚ ਲੈਣ ਵਾਲੇ ਕਿਸੇ ਵੀ ਸ਼ਖਸ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਜਲਦ ਹੀ ਮੁਲਜ਼ਮ ਸਲਾਖਾਂ ਦੇ ਪਿੱਛੇ ਹੋਣਗੇ।
ਪੁਲਿਸ ਵੱਲੋਂ ਇਲਾਕੇ ਦੇ ਸੀਸੀਟੀਵੀ (CCTV) ਫੁਟੇਜ ਖੰਗਾਲੇ ਜਾ ਰਹੇ ਹਨ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਸ਼ਰਾਰਤੀ ਅਨਸਰ ਕੌਣ ਸਨ ਅਤੇ ਇਸ ਵਾਰਦਾਤ ਪਿੱਛੇ ਉਨ੍ਹਾਂ ਦਾ ਕੀ ਮਕਸਦ ਸੀ। ਫਿਲਹਾਲ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਮਨ-ਸ਼ਾਂਤੀ ਬਣਾਈ ਰੱਖਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।
Click to Follow Babushahi Facebook page →