ਹਰਿਆਣਾ ਵਿੱਚ ਵੀ ਉੱਠੀ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਦੀ ਮੰਗ; HSGMC ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਮੁੱਖ ਮੰਤਰੀ ਨੂੰ ਲਿਖਿਆ ਪੱਤਰ
Babushahi Network
ਚੰਡੀਗੜ੍ਹ, 21 ਅਪ੍ਰੈਲ 2026- ਪੰਜਾਬ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੁਣ ਗੁਆਂਢੀ ਰਾਜ ਹਰਿਆਣਾ ਵਿੱਚ ਵੀ ਅਜਿਹੇ ਹੀ ਕਾਨੂੰਨ ਦੀ ਮੰਗ ਤੇਜ਼ ਹੋ ਗਈ ਹੈ। ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਪੰਜਾਬ ਦੀ ਤਰਜ਼ 'ਤੇ ਸੂਬੇ ਵਿੱਚ ਬੇਅਦਬੀ ਵਿਰੋਧੀ ਸਖ਼ਤ ਕਾਨੂੰਨ ਬਣਾਉਣ ਦੀ ਅਪੀਲ ਕੀਤੀ ਹੈ।
ਜਗਦੀਸ਼ ਸਿੰਘ ਝੀਂਡਾ ਨੇ ਆਪਣੇ ਪੱਤਰ ਵਿੱਚ ਸਪੱਸ਼ਟ ਕੀਤਾ ਹੈ ਕਿ ਪੰਜਾਬ ਵਿੱਚ ਬੇਅਦਬੀ ਵਿਰੁੱਧ ਜੋ ਨਵਾਂ ਐਕਟ ਲਾਗੂ ਹੋਇਆ ਹੈ, ਉਸ ਦਾ ਘੇਰਾ ਸਿਰਫ਼ ਪੰਜਾਬ ਦੀਆਂ ਹੱਦਾਂ ਤੱਕ ਸੀਮਤ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਹਰਿਆਣਾ ਸਰਕਾਰ ਵੀ ਪੰਜਾਬ ਵਰਗਾ ਹੀ ਸਖ਼ਤ ਕਾਨੂੰਨ ਤਿਆਰ ਕਰੇ ਤਾਂ, ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਰਗੀਆਂ ਮੰਦਭਾਗੀਆਂ ਘਟਨਾਵਾਂ 'ਤੇ ਸਥਾਈ ਤੌਰ 'ਤੇ ਰੋਕ ਲਗਾਈ ਜਾ ਸਕੇ।
HSGMC ਪ੍ਰਧਾਨ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੇ ਵਿਸ਼ਵ ਭਰ ਦੇ ਸਿੱਖਾਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧਾਂ ਨੂੰ ਰੋਕਣ ਲਈ ਮੌਜੂਦਾ ਕਾਨੂੰਨੀ ਪ੍ਰਬੰਧ ਕਾਫੀ ਨਹੀਂ ਹਨ, ਇਸ ਲਈ ਇੱਕ ਵਿਸ਼ੇਸ਼ ਅਤੇ ਸਖ਼ਤ ਕਾਨੂੰਨ ਦੀ ਲੋੜ ਹੈ ਜੋ ਅਪਰਾਧੀਆਂ ਦੇ ਮਨਾਂ ਵਿੱਚ ਡਰ ਪੈਦਾ ਕਰ ਸਕੇ।
ਇਸ ਮੰਗ ਦੇ ਉੱਠਣ ਨਾਲ ਹੁਣ ਹਰਿਆਣਾ ਸਰਕਾਰ 'ਤੇ ਧਾਰਮਿਕ ਜਥੇਬੰਦੀਆਂ ਵੱਲੋਂ ਦਬਾਅ ਵਧਣਾ ਤੈਅ ਹੈ। ਦੇਖਣਾ ਹੋਵੇਗਾ ਕਿ ਹਰਿਆਣਾ ਸਰਕਾਰ ਇਸ ਸੰਵੇਦਨਸ਼ੀਲ ਮੁੱਦੇ 'ਤੇ ਕੀ ਰੁਖ਼ ਅਪਣਾਉਂਦੀ ਹੈ?
Click to Follow Babushahi Facebook page →