ਸਾਬਕਾ ਮੇਅਰ ਪਦਮਜੀਤ ਮਹਿਤਾ ਦੇ ਭਰੋਸੇ ਤੋਂ ਬਾਅਦ ਬੱਸ ਅੱਡਾ ਬਦਲਣ ਖਿਲਾਫ ਸੰਘਰਸ਼ ਖਤਮ
ਅਸ਼ੋਕ ਵਰਮਾ
ਬਠਿੰਡਾ, 24 ਅਪ੍ਰੈਲ 2026 : ਬਠਿੰਡਾ ਦਾ ਮੌਜੂਦਾ ਬੱਸ ਅੱਡਾ ਮਲੋਟ ਰੋਡ ਤੇ ਲਿਜਾਣ ਖਿਲਾਫ ਚੱਲ ਰਿਹਾ ਸੰਘਰਸ਼ ਅੱਜ ਸਾਬਕਾ ਮੇਅਰ ਪਦਮਜੀਤ ਸਿੰਘ ਮਹਿਤਾ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਖਤਮ ਕਰ ਦਿੱਤਾ ਗਿਆ ਹੈ। ਅੱਜ ਤੋਂ ਇੱਕ ਸਾਲ ਪਹਿਲਾਂ ਸ਼ਹਿਰ ਦੇ ਵਪਾਰੀਆਂ, ਵਿਦਿਆਰਥੀਆਂ, ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ, ਕਿਸਾਨਾਂ ਅਤੇ ਟਰਾਂਸਪੋਰਟਰਾਂ ਨੇ ਇਕੱਠੇ ਹੋ ਕੇ ਇਹ ਅੰਦੋਲਨ ਸ਼ੁਰੂ ਕੀਤਾ ਸੀ, ਜੋ ਕਿ ਬਠਿੰਡਾ ਦੇ ਅੰਬੇਡਕਰ ਪਾਰਕ ਵਿੱਚ ਪੱਕੇ ਧਰਨੇ ਦੇ ਰੂਪ ਵਿੱਚ ਜਾਰੀ ਰਿਹਾ।ਇਸ ਸੰਘਰਸ਼ ਦੀ ਸ਼ੁਰੂਆਤ ਇੱਕ ਸਾਲ ਪਹਿਲਾਂ ਉਸ ਵੇਲੇ ਹੋਈ ਸੀ, ਜਦੋਂ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਤਬਾਦਲਾ ਕਰਨ ਦਾ ਪ੍ਰਸਤਾਵ ਆਇਆ। ਇਸ ਫੈਸਲੇ ਦੇ ਵਿਰੋਧ ਵਿੱਚ ਸ਼ਹਿਰ ਦੇ ਹਰ ਵਰਗ ਨੇ ਇਕੱਠੇ ਹੋ ਕੇ ਸਰਕਾਰ ਖ਼ਿਲਾਫ਼ ਆਵਾਜ਼ ਬੁਲੰਦ ਕੀਤੀ ਅਤੇ ਲਗਾਤਾਰ ਧਰਨੇ, ਰੋਸ ਮਾਰਚ ਅਤੇ ਮੀਟਿੰਗਾਂ ਰਾਹੀਂ ਆਪਣੀ ਮੰਗ ਰੱਖੀ ਕਿ ਬੱਸ ਅੱਡਾ ਮੌਜੂਦਾ ਸਥਾਨ ‘ਤੇ ਹੀ ਬਣਿਆ ਰਹੇ।
ਬੱਸ ਅੱਡਾ ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਸਿੰਘ ਬਾਂਦਰ ਦਾ ਕਹਿਣਾ ਸੀ ਕਿ ਅੰਦੋਲਨ ਦੌਰਾਨ ਸਮੇਂ-ਸਮੇਂ ‘ਤੇ ਸਰਕਾਰ ਦੇ ਖ਼ਿਲਾਫ਼ ਤਿੱਖੇ ਪ੍ਰਦਰਸ਼ਨ ਕੀਤੇ ਗਏ। ਕਈ ਵਾਰ ਬਾਜ਼ਾਰ ਬੰਦ ਕਰਵਾ ਕੇ ਪ੍ਰਸ਼ਾਸਨ ਅਤੇ ਸਰਕਾਰ ਦਾ ਧਿਆਨ ਇਸ ਮੁੱਦੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜਿੱਥੇ ਬੱਸ ਅੱਡਾ ਲਿਜਾਣ ਦੀ ਯੋਜਨਾ ਸੀ ਉੱਥੇ ਭਾਰੀ ਮਾਤਰਾ ਵਿੱਚ ਜ਼ਹਿਰੀਲੇ ਤੱਤ ਮੌਜੂਦ ਹਨ ਜੋ ਕੈਂਸਰ ਵਰਗੀਆਂ ਬਿਮਾਰੀਆਂ ਦਾ ਕਾਰਣ ਬਣ ਸਕਦੇ ਹਨ। ਇਸ ਸੰਬੰਧੀ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵਿਆਪਕ ਮੁਹਿੰਮ ਚਲਾਈ ਗਈ, ਜਿਸ ਨਾਲ ਅੰਦੋਲਨ ਨੂੰ ਵੱਡਾ ਸਮਰਥਨ ਮਿਲਿਆ। ਸੰਘਰਸ਼ ਕਮੇਟੀ ਦੇ ਆਗੂ ਬਲਤੇਜ ਵਾਂਦਰ ਨੇ ਦੱਸਿਆ ਕਿ ਇਸ ਇੱਕ ਸਾਲ ਦੌਰਾਨ ਅੰਦੋਲਨਕਾਰੀਆਂ ਨੂੰ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਪਰ ਸਭ ਨੇ ਧੀਰਜ ਅਤੇ ਏਕਤਾ ਕਾਇਮ ਰੱਖੀ। ਉਨ੍ਹਾਂ ਕਿਹਾ ਕਿ ਇਹ ਜਿੱਤ ਸ਼ਹਿਰ ਦੇ ਹਰ ਨਾਗਰਿਕ ਦੀ ਇਕੱਠ ਦੀ ਤਾਕਤ ਦਾ ਨਤੀਜਾ ਹੈ।
ਆਗੂਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਸਰਕਾਰ ਵੱਲੋਂ ਸਕਾਰਾਤਮਕ ਸੁਨੇਹਾ ਪ੍ਰਾਪਤ ਹੋਇਆ, ਜਿਸ ਵਿੱਚ ਸਾਬਕਾ ਮੇਅਰ ਪਦਮਜੀਤ ਵੱਲੋਂ ਇਹ ਭਰੋਸਾ ਦਿੱਤਾ ਗਿਆ ਕਿ ਬੱਸ ਅੱਡੇ ਨੂੰ ਸ਼ਹਿਰ ਤੋਂ ਬਾਹਰ ਨਹੀਂ ਲਿਜਾਇਆ ਜਾਵੇਗਾ। ਇਸ ਭਰੋਸੇ ਤੋਂ ਬਾਅਦ ਸੰਘਰਸ਼ ਕਮੇਟੀ ਵੱਲੋਂ ਧਰਨਾ ਸਮਾਪਤ ਕਰਨ ਦਾ ਐਲਾਨ ਕੀਤਾ ਗਿਆ। ਗੁਰਪ੍ਰੀਤ ਆਰਟਿਸਟ ਅਤੇ ਸੰਦੀਪ ਬਾਬੀ ਨੇ ਸਰਕਾਰ ਦੇ ਇਸ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਹ ਲੋਕਾਂ ਦੀ ਜਿੱਤ ਹੈ ਅਤੇ ਇਹ ਸਾਬਤ ਕਰਦਾ ਹੈ ਕਿ ਇਕੱਠੀ ਆਵਾਜ਼ ਹਮੇਸ਼ਾ ਅਸਰਦਾਰ ਹੁੰਦੀ ਹੈ। ਸੰਦੀਪ ਅਗਰਵਾਲ ਨੇ ਕਿਹਾ ਕਿ ਲੋਕਾਂ ਦੁਆਰਾ ਚੁਣੀ ਗਈ ਸਰਕਾਰ ਨੂੰ ਜਨਤਾ ਦੀਆਂ ਸਮੱਸਿਆਵਾਂ ਅਤੇ ਭਾਵਨਾਵਾਂ ਨੂੰ ਸਮਝਣ ਵਿੱਚ ਦੇਰ ਨਹੀਂ ਕਰਨੀ ਚਾਹੀਦੀ। ਉਨ੍ਹਾਂ ਇਸ ਪੂਰੇ ਅੰਦੋਲਨ ਵਿੱਚ ਸਹਿਯੋਗ ਦੇਣ ਵਾਲੇ ਸ਼ਹਿਰਵਾਸੀਆਂ, ਸਮਾਜਿਕ ਸੰਸਥਾਵਾਂ ਅਤੇ ਰਾਜਨੀਤਿਕ ਪ੍ਰਤਿਨਿਧੀਆਂ ਦਾ ਧੰਨਵਾਦ ਕੀਤਾ।
Click to Follow Babushahi Facebook page →