ਪੰਜਾਬ ਦੇ ਗਦਾਰਾਂ ਨੂੰ ਪੰਜਾਬੀ ਕਦੇ ਮੁਆਫ਼ ਨਹੀਂ ਕਰਨਗੇ - ਚੇਅਰਮੈਨ ਇੰਦਰਜੀਤ ਸਿੰਘ ਮਾਨ
ਅਸ਼ੋਕ ਵਰਮਾ
ਬਠਿੰਡਾ, 26 ਅਪ੍ਰੈਲ 2026 :ਮਾਰਕਫੈਡ ਪੰਜਾਬ ਦੇ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਛੇ ਰਾਜ ਸਭਾ ਸੰਸਦਾਂ ਵੱਲੋਂ ਹਾਲ ਹੀ ਵਿੱਚ ਪੰਜਾਬ ਦੇ ਲੋਕਾਂ ਨਾਲ ਗਦਾਰੀ ਕਰਦੇ ਹੋਏ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣਾ ਬਹੁਤ ਹੀ ਦੁੱਖਦਾਈ ਹੈ। ਇੱਕ ਪ੍ਰੈਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਭਲੀਭਾਂਤੀ ਜਾਣਦੇ ਹਨ ਕਿ ਬੀਜੇਪੀ ਕਿਵੇਂ ਈਡੀ ਅਤੇ ਹੋਰ ਏਜੰਸੀਆਂ ਰਾਹੀਂ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਡਰਾਉਂਦੀ ਅਤੇ ਦਬਾਅ ਬਣਾਉਂਦੀ ਹੈ, ਅਤੇ ਉਨ੍ਹਾਂ ਨੂੰ ਆਪਣੀ ਪਾਰਟੀ ਵਿੱਚ ਸ਼ਾਮਿਲ ਕਰਨ ਲਈ ਮਜਬੂਰ ਕਰਦੀ ਹੈ।ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦਾ ਪੰਜਾਬ ਵਿੱਚ ਦਿਨੋਂ-ਦਿਨ ਵਧਦਾ ਪ੍ਰਭਾਵ ਦੇਖ ਕੇ ਕੇਂਦਰ ਦੀ ਬੀਜੇਪੀ ਸਰਕਾਰ ਘਬਰਾਹਟ ਵਿੱਚ ਹੈ ਅਤੇ ਇਸੇ ਕਾਰਨ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਲਾਲਚ ਜਾਂ ਦਬਾਅ ਦੇ ਰਾਹੀਂ ਆਪਣੀ ਪਾਰਟੀ ਵਿੱਚ ਸ਼ਾਮਿਲ ਕੀਤਾ ਜਾ ਰਿਹਾ ਹੈ।
ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦਾ ਇਤਿਹਾਸ ਗਵਾਹ ਹੈ ਕਿ ਜਿਸ ਵੀ ਕਿਸੇ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ, ਉਹਨੂੰ ਪੰਜਾਬ ਦੇ ਲੋਕ ਕਦੇ ਮਾਫ ਨਹੀਂ ਕਰਦੇ ਅਤੇ ਸਮੇਂ ਆਉਣ 'ਤੇ ਮੂੰਹਤੋੜ ਜਵਾਬ ਦਿੰਦੇ ਹਨ। ਉਨ੍ਹਾਂ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਪੰਜਾਬ ਦੀ ਜਨਤਾ ਐਸੇ ਲੋਕਾਂ ਨੂੰ ਕਰਾਰਾ ਜਵਾਬ ਦੇਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਪਾਰਟੀਆਂ ਚਾਹੇ ਕਿੰਨੀਆਂ ਵੀ ਚਾਲਾਂ ਚੱਲਣ, ਮਾਨ ਸਰਕਾਰ ਹਮੇਸ਼ਾਂ ਲੋਕ-ਹਿੱਤ ਦੇ ਫੈਸਲੇ ਕਰਨ ਲਈ ਵਚਨਬੱਧ ਰਹੀ ਹੈ ਅਤੇ ਰਹੇਗੀ। ਮਾਨ ਸਰਕਾਰ ਦਾ ਮੁੱਖ ਉਦੇਸ਼ ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਖਾਤਮਾ ਕਰਨਾ, ਹਰ ਵਰਗ ਨੂੰ ਸਹੂਲਤਾਂ ਪ੍ਰਦਾਨ ਕਰਨਾ, ਬੱਚਿਆਂ ਨੂੰ ਵਧੀਆ ਸਿੱਖਿਆ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਅਤੇ ਨੌਜਵਾਨਾਂ ਨੂੰ ਬਿਨਾਂ ਸਿਫਾਰਸ਼ ਅਤੇ ਬਿਨਾਂ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਦੇਣਾ ਹੈ।
ਅੰਤ ਵਿੱਚ ਚੇਅਰਮੈਨ ਇੰਦਰਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਅਤੇ ਪੂਰੇ ਪੰਜਾਬ ਵਿੱਚ ਮਾਨ ਸਰਕਾਰ ਵੱਲੋਂ ਕੀਤੇ ਗਏ ਲੋਕ-ਹਿੱਤ ਫੈਸਲਿਆਂ ਦੀ ਚਰਚਾ ਹੋ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਵਿੱਚ ਫਿਰ ਤੋਂ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਡੇ ਬਹੁਮਤ ਨਾਲ ਬਣੇਗੀ।
Click to Follow Babushahi Facebook page →