ਥਰਮਲ ਦੇ ਠੇਕਾ ਮੁਲਾਜ਼ਮਾਂ ਵੱਲੋਂ 1 ਮਈ ਦੀ ਸੂਬਾ ਪੱਧਰੀ ਰੈਲੀ ਵਿੱਚ ਪ੍ਰੀਵਾਰਾਂ ਸਮੇਤ ਹੋਣਗੇ ਸ਼ਾਮਿਲ
ਅਸ਼ੋਕ ਵਰਮਾ
ਲਹਿਰਾ ਮੁਹੱਬਤ, 27 ਅਪ੍ਰੈਲ 2026 ਜੀ.ਐੱਚ.ਟੀ.ਪੀ.ਠੇਕਾ ਮੁਲਾਜ਼ਮ ਯੂਨੀਅਨ (ਆਜ਼ਾਦ) ਦੇ ਬੈਨਰ ਹੇਠ ਗੁਰੂ ਹਰਿਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਇੱਕ ਮਈ ਦੇ ਸੂਬਾ ਪੱਧਰੀ ਸੰਘਰਸ਼ ਦੀ ਤਿਆਰੀ ਵਜੋਂ ਕੀਤੀ ਗੇਟ ਰੈਲੀ ਦੌਰਾਨ 1 ਮਈ ਨੂੰ ਵਿੱਤ ਮੰਤਰੀ ਦੀ ਸੰਗਰੂਰ ਵਿਖੇ ਸਥਿਤ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਰੋਸ ਧਰਨੇ ਵਿੱਚ ਪਰਿਵਾਰਾਂ ਸਮੇਤ ਸ਼ਾਮਿਲ ਹੋਣ ਦਾ ਐਲਾਨ ਕੀਤਾ ਹੈ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ,ਗੁਰਵਿੰਦਰ ਪੰਨੂੰ,ਜਸਬੀਰ ਜੱਸੀ,ਜਗਸੀਰ ਭੰਗੂ,ਹਰਦੀਪ ਤੱਗੜ ਅਤੇ ਲਛਮਣ ਰਾਮਪੁਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ 'ਆਪ ਸਰਕਾਰ' ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ। ਉਹਨਾਂ ਕਿਹਾ ਕਿ ਸਰਕਾਰ ਦਾ ਸਮਾਂ ਖਤਮ ਹੋਣ ਵੱਲ ਵੱਧ ਰਿਹਾ ਹੈ ਤਾਂ ਅਜੇ ਤੱਕ ਵੀ ਉਹਨਾਂ ਨੂੰ ਪੱਕਾ ਕਰਨ ਦੀ ਕੋਈ ਨੀਤੀ ਨਹੀਂ ਬਣਾਈ ਹੈ।
ਆਗੂਆਂ ਨੇ ਕਿਹਾ ਕਿ ਇਸ ਦੇ ਵਿਰੋਧ ਵਜੋਂ "ਮੋਰਚੇ" ਦੇ ਬੈਨਰ ਹੇਠ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਮਜ਼ਦੂਰ ਦਿਵਸ ਮੌਕੇ 01 ਮਈ ਨੂੰ ਵਿੱਤ ਮੰਤਰੀ ਪੰਜਾਬ ਸਰਕਾਰ ਦੀ ਸੰਗਰੂਰ ਸਥਿਤ ਰਿਹਾਇਸ਼ ਦੇ ਸਾਹਮਣੇ ਪਰਿਵਾਰਾਂ-ਬੱਚਿਆਂ ਸਮੇਤ ਸੂਬਾ ਪੱਧਰੀ ਰੋਸ਼ ਧਰਨਾ ਦਿੱਤਾ ਜਾਵੇਗਾ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948/ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ,ਗੇਟ ਰੈਲੀ ਦੌਰਾਨ ਜਮਹੂਰੀ ਹੱਕਾਂ ਦੇ ਰਾਖੇ ਐੱਨ.ਕੇ.ਜੀਤ ਨੂੰ ਸ਼ਰਧਾਂਜਲੀ ਦਿੱਤੀ ਗਈ ।
Click to Follow Babushahi Facebook page →