ਕੋਟਕਪੂਰਾ ਬੱਸ ਸਟੈਂਡ ਨੇੜੇ ਬਰਸਾਤੀ ਪਾਣੀ ਦੀ ਨਿਕਾਸੀ ਲਈ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮੌਕੇ ਦਾ ਦੌਰਾ
ਲੋਕਾਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਦੇ ਪੱਕੇ ਹੱਲ ਲਈ ਤਿਆਰ ਕੀਤਾ ਜਾਵੇਗਾ ਪ੍ਰੋਜੈਕਟ
ਪਰਵਿੰਦਰ ਸਿੰਘ ਕੰਧਾਰੀ
ਬਾਬੂਸ਼ਾਹੀ ਬਿਊਰੋ
ਕੋਟਕਪੂਰਾ, 27 ਅਪ੍ਰੈਲ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਨੇੜੇ ਉਸ ਇਲਾਕੇ ਦਾ ਦੌਰਾ ਕੀਤਾ, ਜਿੱਥੇ ਪਿਛਲੇ ਕਰੀਬ 25 ਤੋਂ 30 ਸਾਲਾਂ ਤੋਂ ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਸਬੰਧਤ ਅਧਿਕਾਰੀਆਂ ਨਾਲ ਮਿਲ ਕੇ ਇਲਾਕੇ ਦਾ ਸਰਵੇ ਕੀਤਾ ਅਤੇ ਸਮੱਸਿਆ ਦੇ ਹੱਲ ਲਈ ਤੁਰੰਤ ਅਤੇ ਲੰਬੇ ਸਮੇਂ ਦੀ ਯੋਜਨਾ ਉੱਤੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਬਰਸਾਤਾਂ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਤੁਰੰਤ ਪ੍ਰਭਾਵ ਨਾਲ ਇਲਾਕੇ ਦੀ ਸਫਾਈ ਅਤੇ ਪਾਣੀ ਦੀ ਨਿਕਾਸੀ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ।
ਉਨ੍ਹਾਂ ਦੱਸਿਆ ਕਿ ਇਸ ਸਮੱਸਿਆ ਦੇ ਪੱਕੇ ਹੱਲ ਲਈ ਇੱਕ ਵਿਸਥਾਰਪੂਰਵਕ ਪ੍ਰੋਜੈਕਟ ਤਿਆਰ ਕਰਕੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਨੂੰ ਭੇਜਿਆ ਜਾਵੇਗਾ, ਤਾਂ ਜੋ ਕੋਟਕਪੂਰਾ ਵਾਸੀਆਂ ਨੂੰ ਇਸ ਲੰਬੇ ਸਮੇਂ ਤੋਂ ਚੱਲ ਰਹੀ ਸਮੱਸਿਆ ਤੋਂ ਸਦਾ ਲਈ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਮੱਸਿਆਵਾਂ ਦਾ ਹੱਲ ਕਰਨਾ ਸਰਕਾਰ ਦੀ ਪਹਿਲੀ ਤਰਜੀਹ ਹੈ ਅਤੇ ਹਰ ਸਮੱਸਿਆ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈ ਕੇ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਐਕਸੀਅਨ ਸੁਪਿੰਦਰ ਸਿੰਘ, ਐਕਸੀਅਨ ਨਵੀਨ ਕੁਮਾਰ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਪੀ.ਆਰ.ਓ, ਮਨਦੀਪ ਮੋਗਾ ਸੈਕਟਰੀ ਰੈਡ ਕ੍ਰਾਸ ਤੋਂ ਇਲਾਵਾ ਇਲਾਕਾ ਵਾਸੀ ਵੀ ਹਾਜ਼ਰ ਸਨ।
Click to Follow Babushahi Facebook page →