ਅੰਮ੍ਰਿਤਸਰ ਦੇ ਭਿੰਡੀ ਸੈਦਾਂ ਥਾਣੇ ਦਾ SHO 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ, 1 ਦਿਨ ਦੇ ਰਿਮਾਂਡ 'ਤੇ
ਡਰੋਨ ਰਾਹੀਂ ਆਈ ਹੈਰੋਇਨ ਖੁਰਦ-ਬੁਰਦ ਕਰਨ ਦੇ ਦੋਸ਼ਾਂ 'ਚ SHO ਸ਼ਸ਼ਪਾਲ ਸਿੰਘ ਫੜਿਆ ਗਿਆ
ਨਸ਼ੇ ਦੇ ਮਾਮਲੇ 'ਚ ਕੋਈ ਬਖ਼ਸ਼ਿਆ ਨਹੀਂ ਜਾਵੇਗਾ:ਧਾਲੀਵਾਲ
ਕੁਲਵਿੰਦਰ ਸਿੰਘ
ਅੰਮ੍ਰਿਤਸਰ ਦਿਹਾਤੀ ਦੇ ਥਾਣਾ ਭਿੰਡੀ ਸੈਦਾਂ ਦੇ ਐਸ.ਐਚ.ਓ ਸ਼ਸ਼ਪਾਲ ਸਿੰਘ ਨੂੰ 2 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤੇ ਜਾਣ ਨਾਲ ਪੁਲਿਸ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਸ਼ਸ਼ਪਾਲ ਸਿੰਘ ਨੂੰ ਅਜਨਾਲਾ ਦੀ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਅਦਾਲਤ ਵੱਲੋਂ ਉਸਦਾ 1 ਦਿਨ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਹੁਣ ਰਿਮਾਂਡ ਦੌਰਾਨ ਮੁਲਜ਼ਮ ਕੋਲੋਂ ਪੁੱਛਗਿੱਛ ਕਰਕੇ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਜਾਣਕਾਰੀ ਮੁਤਾਬਕ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਹੈਰੋਇਨ ਨੂੰ ਐਸ.ਐਚ.ਓ ਸ਼ਸ਼ਪਾਲ ਸਿੰਘ ਵੱਲੋਂ ਖੁਰਦ-ਬੁਰਦ ਕਰਨ ਦੇ ਦੋਸ਼ ਹਨ। ਮਾਮਲਾ ਜਦੋਂ ਪੁਲਿਸ ਦੇ ਵੱਡੇ ਅਧਿਕਾਰੀਆਂ ਦੇ ਧਿਆਨ ਵਿੱਚ ਆਇਆ ਤਾਂ ਤੁਰੰਤ ਵੱਡੀ ਕਾਰਵਾਈ ਕਰਦਿਆਂ ਉਸਦੇ ਖਿਲਾਫ ਥਾਣਾ ਭਿੰਡੀ ਸੈਦਾਂ ਵਿੱਚ ਹੀ ਕੇਸ ਦਰਜ ਕੀਤਾ ਗਿਆ। ਇਸ ਘਟਨਾ ਤੋਂ ਬਾਅਦ ਪੁਲਿਸ ਵਿਭਾਗ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ। ਉਧਰ ਇਸ ਮਾਮਲੇ 'ਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਅੰਦਰ ਨਸ਼ੇ ਦੇ ਮਾਮਲੇ ਵਿੱਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕੋਈ ਪੁਲਿਸ ਅਫਸਰ ਹੀ ਕਿਉਂ ਨਾ ਹੋਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਲਗਾਤਾਰ ਨਤੀਜੇ ਸਾਹਮਣੇ ਆ ਰਹੇ ਹਨ। ਧਾਲੀਵਾਲ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ਾ ਭੇਜਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਸਰਹੱਦੀ ਇਲਾਕਿਆਂ ਵਿੱਚ ਐਂਟੀ ਡਰੋਨ ਸਿਸਟਮ ਲਗਾਉਣੇ ਚਾਹੀਦੇ ਹਨ। ਹੁਣ ਸਭ ਦੀਆਂ ਨਜ਼ਰਾਂ ਪੁਲਿਸ ਰਿਮਾਂਡ ਦੌਰਾਨ ਹੋਣ ਵਾਲੀ ਪੁੱਛਗਿੱਛ 'ਤੇ ਟਿਕੀਆਂ ਹਨ, ਕਿਉਂਕਿ ਇਸ ਨਾਲ ਹੋਰ ਕਈ ਚਿਹਰੇ ਬੇਨਕਾਬ ਹੋ ਸਕਦੇ ਹਨ।
Click to Follow Babushahi Facebook page →