ਗੁਪਤ ਸ਼ਿਕਾਇਤ ਲੀਕ ਹੋਣ ਦੇ ਦੋਸ਼ਾਂ ਤੋਂ ਬਾਅਦ ਘਰ ’ਤੇ ਹਮਲਾ, ਪੀੜਤ ਨੇ ਜਾਨ-ਮਾਲ ਦੇ ਨੁਕਸਾਨ ਦਾ ਜਤਾਇਆ ਖ਼ਦਸ਼ਾ
ਐਸ.ਐਸ.ਪੀ. ਡਾ. ਅੰਕੁਰ ਗੁਪਤਾ ਨੇ ਕਿਹਾ- ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਤੱਥਾਂ ਅਨੁਸਾਰ ਹੋਵੇਗੀ ਕਾਰਵਾਈ
ਦੀਪਕ ਜੈਨ
ਜਗਰਾਉਂ 27 ਅਪ੍ਰੈਲ 2026- ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਆਮ ਲੋਕਾਂ ਤੋਂ ਸਹਿਯੋਗ ਮੰਗਦਿਆਂ ਸੂਚਨਾ ਦੇਣ ਵਾਲਿਆਂ ਦੀ ਪਹਿਚਾਣ ਗੁਪਤ ਰੱਖਣ ਦੇ ਦਾਅਵਿਆਂ ਵਿਚਕਾਰ ਜਗਰਾਉਂ ਦੇ ਮੁਹੱਲਾ ਰਾਣੀ ਵਾਲਾ ਖੂਹ ਤੋਂ ਇੱਕ ਗੰਭੀਰ ਮਾਮਲਾ ਸਾਹਮਣੇ ਆਇਆ ਹੈ। ਇਲਾਕਾ ਵਾਸੀ ਸੁਖਦੇਵ ਸਿੰਘ ਨੇ ਦੋਸ਼ ਲਗਾਇਆ ਹੈ ਕਿ ਉਸ ਵੱਲੋਂ ਇਲਾਕੇ ਵਿੱਚ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲਿਆਂ ਬਾਰੇ ਪੁਲਿਸ ਨੂੰ ਦਿੱਤੀ ਗਈ ਗੁਪਤ ਸ਼ਿਕਾਇਤ ਲੀਕ ਹੋ ਗਈ, ਜਿਸ ਤੋਂ ਬਾਅਦ ਕੁਝ ਲੋਕਾਂ ਵੱਲੋਂ ਉਸਦੇ ਘਰ ’ਤੇ ਇੱਟਾਂ-ਰੋੜਿਆਂ ਨਾਲ ਹਮਲਾ ਕੀਤਾ ਗਿਆ।
ਪੀੜਤ ਸੁਖਦੇਵ ਸਿੰਘ ਵਾਸੀ ਮੁਹੱਲਾ ਰਾਣੀ ਵਾਲਾ ਖੂਹ ਨੇ ਦੱਸਿਆ ਕਿ ਉਸਦੇ ਇਲਾਕੇ ਵਿੱਚ ਕੁਝ ਲੋਕਾਂ ਵੱਲੋਂ ਕਥਿਤ ਤੌਰ ’ਤੇ ਚਿੱਟੇ ਨਸ਼ੇ ਦੀ ਵਿਕਰੀ ਕੀਤੀ ਜਾਂਦੀ ਹੈ, ਜਿਸ ਕਾਰਨ ਮੁਹੱਲੇ ਦੀਆਂ ਲੜਕੀਆਂ ਅਤੇ ਆਮ ਲੋਕਾਂ ਦਾ ਆਉਣਾ-ਜਾਣਾ ਮੁਸ਼ਕਲ ਹੋ ਗਿਆ ਹੈ। ਉਸਨੇ ਦੱਸਿਆ ਕਿ ਇਸ ਸਬੰਧੀ ਉਸ ਵੱਲੋਂ ਪੁਲਿਸ ਵਿਭਾਗ ਨੂੰ ਗੁਪਤ ਸ਼ਿਕਾਇਤ ਦਿੱਤੀ ਗਈ ਸੀ। ਪੀੜਤ ਦੇ ਦੋਸ਼ਾਂ ਅਨੁਸਾਰ ਸ਼ਿਕਾਇਤ ਦੀ ਜਾਣਕਾਰੀ ਕਥਿਤ ਨਸ਼ਾ ਤਸਕਰਾਂ ਤੱਕ ਪਹੁੰਚਣ ਤੋਂ ਬਾਅਦ ਉਹ ਇਕੱਠੇ ਹੋ ਕੇ ਉਸਦੇ ਘਰ/ਦਫ਼ਤਰ ’ਤੇ ਆਏ ਅਤੇ ਇੱਟਾਂ-ਰੋੜੇ ਚਲਾਏ।
ਸੁਖਦੇਵ ਸਿੰਘ ਨੇ ਕਿਹਾ ਕਿ ਹਮਲੇ ਦੌਰਾਨ ਉਹ ਬਾਲ-ਬਾਲ ਬਚ ਗਿਆ, ਪਰ ਹੁਣ ਉਸਨੂੰ ਆਪਣੀ ਜਾਨ ਅਤੇ ਮਾਲੀ ਨੁਕਸਾਨ ਦਾ ਡਰ ਹੈ। ਉਸਨੇ ਦੋਸ਼ ਲਗਾਇਆ ਕਿ ਜੇਕਰ ਭਵਿੱਖ ਵਿੱਚ ਉਸਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਇਸ ਲਈ ਜ਼ਿੰਮੇਵਾਰ ਕਥਿਤ ਹਮਲਾਵਰ ਅਤੇ ਉਹ ਪ੍ਰਸ਼ਾਸਨਿਕ ਲਾਪਰਵਾਹੀ ਹੋਵੇਗੀ, ਜਿਸ ਕਾਰਨ ਉਸਦੀ ਗੁਪਤ ਸ਼ਿਕਾਇਤ ਸੁਰੱਖਿਅਤ ਨਹੀਂ ਰਹੀ।
ਪੀੜਤ ਨੇ ਹੋਰ ਦੱਸਿਆ ਕਿ ਹਮਲੇ ਤੋਂ ਬਾਅਦ ਉਸ ਵੱਲੋਂ ਥਾਣਾ ਸਿਟੀ ਜਗਰਾਉਂ ਦੇ ਮੁਖੀ ਇੰਸਪੈਕਟਰ ਪਰਮਿੰਦਰ ਸਿੰਘ ਨੂੰ ਫੋਨ ਕਰਕੇ ਮਾਮਲੇ ਦੀ ਜਾਣਕਾਰੀ ਦਿੱਤੀ ਗਈ। ਉਸਦੇ ਦੱਸਣ ਮੁਤਾਬਕ ਮੌਕੇ ’ਤੇ ਦੋ ਪੁਲਿਸ ਮੁਲਾਜ਼ਮ ਪਹੁੰਚੇ, ਪਰ ਕਥਿਤ ਹਮਲਾਵਰਾਂ ਬਾਰੇ ਦੱਸਣ ਦੇ ਬਾਵਜੂਦ ਕੋਈ ਤੁਰੰਤ ਕਾਰਵਾਈ ਨਹੀਂ ਕੀਤੀ ਗਈ ਅਤੇ ਮੁਲਾਜ਼ਮ ਵਾਪਸ ਚਲੇ ਗਏ। ਪੀੜਤ ਨੇ ਇਸਨੂੰ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੱਸਦਿਆਂ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਹੈ।
ਇਸ ਪੂਰੇ ਮਾਮਲੇ ਸਬੰਧੀ ਜਦੋਂ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ. ਡਾ. ਅੰਕੁਰ ਗੁਪਤਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਨਸ਼ਾ ਤਸਕਰੀ ਜਾਂ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਮਾੜੇ ਅਨਸਰਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ। ਥਾਣਾ ਸਿਟੀ ਪੁਲਿਸ ਦੀ ਕਥਿਤ ਢਿੱਲੀ ਕਾਰਗੁਜ਼ਾਰੀ ਬਾਰੇ ਪੁੱਛੇ ਜਾਣ ’ਤੇ ਐਸ.ਐਸ.ਪੀ. ਨੇ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਜਾਂਚ ਦੌਰਾਨ ਸਾਹਮਣੇ ਆਉਣ ਵਾਲੇ ਤੱਥਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਇਸ ਮਾਮਲੇ ਦਾ ਇੱਕ ਹੋਰ ਪੱਖ ਇਹ ਵੀ ਹੈ ਕਿ ਜਿੱਥੇ ਇਹ ਹਮਲਾ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਹ ਸਥਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ 9 ਤੋਂ ਉਤਾਰੇ ਗਏ ਉਮੀਦਵਾਰ ਨਾਲ ਸੰਬੰਧਿਤ ਦੱਸਿਆ ਜਾ ਰਿਹਾ ਹੈ। ਇਸ ਸਬੰਧੀ ਸਾਬਕਾ ਵਿਧਾਇਕ ਐਸ.ਆਰ. ਕਲੇਰ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਹਮਲੇ ਦੀ ਘਟਨਾ ਉਨ੍ਹਾਂ ਦੇ ਉਮੀਦਵਾਰ ਦੇ ਕਰਤੇ ਨਹੀਂ ਬਲਕਿ ਉਹਨਾਂ ਦੇ ਗੁਆਂਢੀਆਂ ਦੇ ਘਰ ਹੋਣ ਦੀ ਜਾਣਕਾਰੀ ਮਿਲੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਮਾਮਲੇ ਦੀ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਅਤੇ ਨਸ਼ਾ ਵੇਚਣ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਜਾਵੇਗੀ।
ਇਹ ਮਾਮਲਾ ਇਸ ਕਰਕੇ ਹੋਰ ਵੀ ਗੰਭੀਰ ਬਣ ਜਾਂਦਾ ਹੈ ਕਿਉਂਕਿ ਇੱਕ ਪਾਸੇ ਪੁਲਿਸ ਵੱਲੋਂ ਲੋਕਾਂ ਨੂੰ ਨਸ਼ਿਆਂ ਬਾਰੇ ਸੂਚਨਾ ਦੇਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਜੇਕਰ ਕਿਸੇ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਜਾਂ ਸ਼ਿਕਾਇਤ ਲੀਕ ਹੋਣ ਦੇ ਦੋਸ਼ ਲੱਗਦੇ ਹਨ ਤਾਂ ਇਹ ਆਮ ਲੋਕਾਂ ਦੇ ਭਰੋਸੇ ਲਈ ਚਿੰਤਾ ਦਾ ਵਿਸ਼ਾ ਹੈ। ਹੁਣ ਸਭ ਦੀ ਨਿਗਾਹ ਪੁਲਿਸ ਜਾਂਚ ’ਤੇ ਟਿਕੀ ਹੈ ਕਿ ਇਸ ਮਾਮਲੇ ਵਿੱਚ ਅਸਲ ਤੱਥ ਕੀ ਸਾਹਮਣੇ ਆਉਂਦੇ ਹਨ ਅਤੇ ਕੀ ਕਾਰਵਾਈ ਕੀਤੀ ਜਾਂਦੀ ਹੈ।
Click to Follow Babushahi Facebook page →