ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਰੀਜ਼ਾਂ ਦੀ ਵਿਸ਼ੇਸ਼ ਜਾਂਚ
ਪ੍ਰਮੋਦ ਭਾਰਤੀ / ਬਾਬੂਸ਼ਾਹੀ ਬਿਊਰੋ
ਨਵਾਂਸ਼ਹਿਰ, 30 ਅਪ੍ਰੈਲ 2026
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਵੱਲੋਂ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਦੇ ਸਹਿਯੋਗ ਨਾਲ “ਸਟਾਪ ਐਪੀਲੈਪਸੀ ਪ੍ਰੋਜੈਕਟ” ਤਹਿਤ ਮਿਰਗੀ (ਐਪੀਲੈਪਸੀ) ਦੀ ਬਿਮਾਰੀ ਦੇ ਇਲਾਜ ਨੂੰ ਹੋਰ ਬਿਹਤਰ, ਪ੍ਰਭਾਵਸ਼ਾਲੀ ਅਤੇ ਆਮ ਲੋਕਾਂ ਲਈ ਪਹੁੰਚਣਯੋਗ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।
ਇਸੇ ਕੜੀ ਤਹਿਤ ਦਯਾਨੰਦ ਮੈਡੀਕਲ ਕਾਲਜ ਤੇ ਹਸਪਤਾਲ, ਲੁਧਿਆਣਾ ਦੇ ਨਿਊਰੋਲੋਜੀ ਵਿਭਾਗ ਦੇ ਮੁਖੀ ਪ੍ਰੋਫੈਸਰ ਡਾ. ਗਗਨਦੀਪ ਸਿੰਘ ਵੱਲੋਂ ਵੀਰਵਾਰ ਨੂੰ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ 44 ਮਿਰਗੀ ਤੋਂ ਪੀੜਤ ਗੰਭੀਰ ਮਰੀਜ਼ਾਂ ਦੀ ਵਿਸ਼ੇਸ਼ ਸਿਹਤ ਜਾਂਚ ਕੀਤੀ ਗਈ। ਇਸ ਦੌਰਾਨ ਮਰੀਜ਼ਾਂ ਦੀ ਵਿਸਥਾਰ ਨਾਲ ਜਾਂਚ ਕਰਕੇ ਉਨ੍ਹਾਂ ਨੂੰ ਇਲਾਜ ਸਬੰਧੀ ਲੋੜੀਂਦੀ ਸਲਾਹ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਡਾ. ਗਗਨਦੀਪ ਸਿੰਘ ਨੇ ਦੱਸਿਆ ਕਿ ਮਿਰਗੀ ਇੱਕ ਲੰਬੇ ਸਮੇਂ ਤੱਕ ਚੱਲਣ ਵਾਲੀ ਨਿਊਰੋਲੋਜੀਕਲ ਬਿਮਾਰੀ ਹੈ, ਪਰ ਸਮੇਂ ਸਿਰ ਸਹੀ ਜਾਂਚ ਅਤੇ ਨਿਯਮਤ ਇਲਾਜ ਨਾਲ ਇਸ ਨੂੰ ਕਾਫੀ ਹੱਦ ਤੱਕ ਨਿਯੰਤਰਿਤ ਕੀਤਾ ਜਾ ਸਕਦਾ ਹੈ। ਮਿਰਗੀ ਇਲਾਜ ਵਿੱਚ ਲਗਾਤਾਰਤਾ ਬਹੁਤ ਜ਼ਰੂਰੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮਿਰਗੀ ਦੇ ਇਲਾਜ ਵਿੱਚ ਲਗਾਤਾਰ ਫਾਲੋਅੱਪ ਹੀ ਸਫਲ ਇਲਾਜ ਦੀ ਕੁੰਜੀ ਹੈ। ਉਨ੍ਹਾਂ ਕਿਹਾ ਕਿ “ਸਟਾਪ ਐਪੀਲੈਪਸੀ ਪ੍ਰੋਜੈਕਟ” ਦਾ ਮੁੱਖ ਉਦੇਸ਼ ਮਿਰਗੀ ਬਾਰੇ ਲੋਕਾਂ ਵਿੱਚ ਜਾਗਰੂਕਤਾ ਵਧਾਉਣਾ, ਗੰਭੀਰ ਮਰੀਜ਼ਾਂ ਦੀ ਪਛਾਣ ਕਰਨਾ ਅਤੇ ਉਨ੍ਹਾਂ ਨੂੰ ਉੱਚ ਪੱਧਰੀ ਇਲਾਜ ਨਾਲ ਜੋੜਨਾ ਹੈ।
ਇਸ ਮੌਕੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸਤਵਿੰਦਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਆਏ ਮਿਰਗੀ ਮਰੀਜ਼ਾਂ ਨੂੰ ਇਸ ਕੈਂਪ ਰਾਹੀਂ ਮਾਹਿਰ ਡਾਕਟਰਾਂ ਦੀ ਸੇਵਾ ਮਿਲੀ ਹੈ। ਡਾ ਸਤਵਿੰਦਰਪਾਲ ਸਿੰਘ ਨੇ ਮਿਰਗੀ ਮਰੀਜ਼ਾਂ ਨੂੰ ਇਸ ਪ੍ਰੋਜੈਕਟ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
Click to Follow Babushahi Facebook page →