ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗ਼ਮਾਂ ਦੌਰਾਨ ਲੱਗਣਗੇ 6.50 ਲੱਖ ਬੂਟੇ : ਅਨੁਪ੍ਰਿਤਾ ਜੌਹਲ
ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਵੱਖ ਵੱਖ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਜਾਰੀ
ਅਸ਼ੋਕ ਵਰਮਾ
ਮਾਨਸਾ, 8 ਮਈ 2026 : ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਗੁਰੂ ਰਵਿਦਾਸ ਜੀ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਵੱਖ ਵੱਖ ਸਮਾਗਮਾਂ ਦਾ ਮੁੱਖ ਮੰਤਵ ਗੁਰੂ ਜੀ ਦੇ ਉਪਦੇਸ਼ਾਂ ਅਤੇ ਸਮਾਨਤਾ, ਭਾਈਚਾਰੇ ਅਤੇ ਮਨੁੱਖਤਾ ਦੇ ਸੁਨੇਹੇ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ ।
ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਸ ਸਬੰਧੀ ਮੀਟਿੰਗ ਕਰਦਿਆਂ ਦਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਇਨ੍ਹਾਂ ਸਮਾਗਮਾਂ ਦੌਰਾਨ 6.50 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਪੌਦੇ ਜੰਗਲਾਤ ਵਿਭਾਗ ਵੱਲੋਂ ਮੁਫ਼ਤ ਵਿਚ ਮੁਹੱਈਆ ਕਰਵਾਏ ਜਾਣਗੇ। ਉਨ੍ਹਾਂ ਜੰਗਲਾਤ ਅਫ਼ਸਰ ਨੂੰ ਪੌਦਿਆਂ ਅਤੇ ਨਰਸਰੀਆਂ ਬਾਰੇ ਜਾਣਕਾਰੀ ਸਮੂਹ ਵਿਭਾਗਾਂ ਨਾਲ ਸਾਂਝੀ ਕਰਨ ਲਈ ਕਿਹਾ। ਉਨ੍ਹਾਂ ਇਸ ਮੁਹਿੰਮ ਵਿਚ ਸਮੂਹ ਵਿਭਾਗਾਂ ਦੀ ਭਾਗੀਦਾਰੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਾਤਵਰਣ ਸੰਭਾਲ ਵਿਚ ਸਮੂਹਿਕ ਤੌਰ 'ਤੇ ਯੋਗਦਾਨ ਪਾਇਆ ਜਾ ਸਕੇ।
ਇਸ ਮੌਕੇ ਵਣ ਮੰਡਲ ਅਫ਼ਸਰ ਪਵਨ ਸ਼੍ਰੀਧਰ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੰਜੂ ਬਾਲਾ, ਜ਼ਿਲ੍ਹਾ ਭਾਸ਼ਾ ਅਫ਼ਸਰ ਤੇਜਿੰਦਰ ਕੌਰ, ਮੁੱਖ ਖੇਤੀਬਾੜੀ ਅਫ਼ਸਰ ਹਰਵਿੰਦਰ ਸਿੰਘ ਸਿੱਧੂ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਖੁਸ਼ਵੀਰ ਕੌਰ, ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਹਰਜਿੰਦਰ ਕੌਰ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
- Download Babushahi App
-
-