ਵਾਟਰ ਬੌਰਨ ਬਿਮਾਰੀਆਂ ਤੋਂ ਬਚਾਅ ਲਈ ਸਿਹਤ ਵਿਭਾਗ ਐਕਸ਼ਨ ਮੋਡ ’ਚ
- ਸਿਵਲ ਸਰਜਨ ਦਫ਼ਤਰ ਵਿਖੇ ਅਹਿਮ ਮੀਟਿੰਗ, ਫੀਲਡ ਸਟਾਫ ਨੂੰ ਜਾਰੀ ਹੋਏ ਨਿਰਦੇਸ਼
ਪ੍ਰਮੋਦ ਭਾਰਤੀ
ਨਵਾਂਸ਼ਹਿਰ, 12 ਮਈ 2026 : ਗਰਮੀ ਅਤੇ ਆਉਣ ਵਾਲੇ ਬਰਸਾਤੀ ਮੌਸਮ ਦੌਰਾਨ ਵਾਟਰ ਬੌਰਨ ਬਿਮਾਰੀਆਂ ਦੇ ਸੰਭਾਵਿਤ ਖਤਰੇ ਨੂੰ ਦੇਖਦਿਆਂ ਜ਼ਿਲ੍ਹਾ ਸਿਹਤ ਵਿਭਾਗ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਰੋਕਥਾਮ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਐਪੀਡੀਮੋਲੋਜਿਸਟ (ਆਈ.ਡੀ.ਐੱਸ.ਪੀ.) ਸ੍ਰੀਮਤੀ ਸ਼ਿਆਮਾਦੇਵੀਬੇਦਾ ਦੀ ਅਗਵਾਈ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਵਾਟਰ ਬੌਰਨ ਬਿਮਾਰੀਆਂ ਦੀ ਰੋਕਥਾਮ ਅਤੇ ਬਚਾਅ ਸਬੰਧੀ ਇੱਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਵਿੱਚ ਸਿਹਤ ਬਲਾਕ ਮੁਜ਼ੱਫਰਪੁਰ ਦੇ ਸਮੂਹ ਹੈਲਥ ਸੁਪਰਵਾਈਜ਼ਰਾਂ ਅਤੇ ਅਰਬਨ ਨਵਾਂਸ਼ਹਿਰ ਤੋਂ ਐੱਲ.ਐੱਚ.ਵੀਜ਼, ਏ.ਐੱਨ.ਐੱਮਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।
ਸ੍ਰੀਮਤੀ ਸ਼ਿਆਮਾਦੇਵੀਬੇਦਾ ਨੇ ਡਾਇਰੀਆ, ਗੈਸਟ੍ਰੋਐਂਟਰਾਈਟਿਸ, ਟਾਈਫਾਇਡ ਅਤੇ ਹੈਪਾਟਾਈਟਿਸ-ਏ/ਈ ਵਰਗੀਆਂ ਬਿਮਾਰੀਆਂ ਦੀ ਰੋਕਥਾਮ ਲਈ ਫੀਲਡ ਪੱਧਰ ’ਤੇ ਤੁਰੰਤ ਕਾਰਵਾਈਆਂ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਪੀਣ ਵਾਲੇ ਪਾਣੀ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਵਾਟਰ ਸੈਂਪਲਿੰਗ, ਕਲੋਰੀਨੇਸ਼ਨ ਅਤੇ ਪਾਣੀ ਦੇ ਸਰੋਤਾਂ ਦੀ ਸਾਫ-ਸਫਾਈ ਨੂੰ ਪ੍ਰਾਥਮਿਕਤਾ ਦਿੱਤੀ ਜਾਵੇ।
ਉਨ੍ਹਾਂ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜਨਤਕ ਥਾਵਾਂ ’ਤੇ ਸਫਾਈ ਪ੍ਰਬੰਧ ਮਜ਼ਬੂਤ ਕੀਤੇ ਜਾਣ ਅਤੇ ਲੋਕਾਂ ਨੂੰ ਸਾਫ ਪਾਣੀ ਅਤੇ ਸਾਫ-ਸੁਥਰੇ ਖਾਣ-ਪੀਣ ਸਬੰਧੀ ਜਾਗਰੂਕ ਕੀਤਾ ਜਾਵੇ। ਨਾਲ ਹੀ ਸਿਹਤ ਸੰਸਥਾਵਾਂ ਵਿੱਚ ਓ.ਆਰ.ਐੱਸ. ਪੈਕਟ, ਕਲੋਰੀਨ ਗੋਲੀਆਂ, ਲੋੜੀਂਦੀਆਂ ਦਵਾਈਆਂ ਅਤੇ ਹੋਰ ਜ਼ਰੂਰੀ ਸਮੱਗਰੀ ਦੀ ਉਪਲੱਬਧਤਾ ਹਰ ਹਾਲਤ ਵਿੱਚ ਯਕੀਨੀ ਬਣਾਉਣ ਦੇ ਆਦੇਸ਼ ਵੀ ਜਾਰੀ ਕੀਤੇ ਗਏ। ਮੀਟਿੰਗ ਦੌਰਾਨ ਇਹ ਵੀ ਸਪੱਸ਼ਟ ਕੀਤਾ ਗਿਆ ਕਿ ਕਿਸੇ ਵੀ ਵਾਟਰ ਬੌਰਨ ਬਿਮਾਰੀ ਦੇ ਕੇਸ ਜਾਂ ਆਊਟਬ੍ਰੇਕ ਦੀ ਸੂਚਨਾ ਤੁਰੰਤ ਆਈ.ਡੀ.ਐੱਸ.ਪੀ. ਯੂਨਿਟ ਨੂੰ ਭੇਜੀ ਜਾਵੇ ਤਾਂ ਜੋ ਸਮੇਂ ਸਿਰ ਪ੍ਰਭਾਵਸ਼ਾਲੀ ਕੰਟਰੋਲ ਕਾਰਵਾਈ ਕੀਤੀ ਜਾ ਸਕੇ।
ਉਨ੍ਹਾਂ ਸਿਹਤ ਵਿਭਾਗ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਰਫ ਸਾਫ ਅਤੇ ਉਬਾਲਿਆ ਹੋਇਆ ਪਾਣੀ ਹੀ ਵਰਤਣ, ਖਾਣ-ਪੀਣ ਦੀ ਸਫਾਈ ਦਾ ਖਾਸ ਧਿਆਨ ਰੱਖਣ ਅਤੇ ਬਿਮਾਰੀ ਦੇ ਲੱਛਣ ਦਿਖਾਈ ਦੇਣ ’ਤੇ ਤੁਰੰਤ ਨੇੜਲੇ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ।
ਇਸ ਮੌਕੇ ਹੈਲਥ ਇੰਸਪੈਕਟਰ ਰਾਜੀਵ ਕੁਮਾਰ, ਜੋਗਿੰਦਰਪਾਲ ਸਿੰਘ ਅਤੇ ਡੀ.ਈ.ਓ. ਸੁਨੀਤਾ ਸਮੇਤ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ।
- Download Babushahi App
-
-