ਨਵਾਂਸ਼ਹਿਰ ਜ਼ਿਲ੍ਹੇ ਅੰਦਰ ਪਾਰਦਰਸ਼ੀ ਢੰਗ ਨਾਲ ਹੋਵੇਗੀ SIR: DC ਗੁਲਪ੍ਰੀਤ ਸਿੰਘ ਔਲਖ
ਸਪੈਸ਼ਲ ਇੰਟੈਨਸਿਵ ਰੀਵੀਜ਼ਨ ਸਬੰਧੀ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ*
*ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ SIR ਦੇ ਸ਼ਡਿਊਲ ਦੀ ਦਿੱਤੀ ਜਾਣਕਾਰੀ
ਪ੍ਰਮੋਦ ਭਾਰਤੀ
ਨਵਾਂਸ਼ਹਿਰ. 29 ਮਈ , 2026- ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਪੈਸ਼ਲ ਇੰਟੈਨਸਿਵ ਰੀਵੀਜ਼ਨ (SIR) ਸਬੰਧੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਨਸਿਵ ਰੀਵੀਜ਼ਨ ਦਾ ਕੰਮ ਸ਼ੁਰੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਦਾ ਮੁੱਖ ਉਦੇਸ਼ ਵੋਟਰ ਸੂਚੀਆਂ ਨੂੰ ਪੂਰੀ ਤਰ੍ਹਾਂ ਸ਼ੁੱਧ, ਅੱਪਡੇਟ ਅਤੇ ਨੁਕਸ ਰਹਿਤ ਬਣਾਉਣਾ ਹੈ ਤਾਂ ਜੋ ਹਰ ਯੋਗ ਨਾਗਰਿਕ ਨੂੰ ਵੋਟ ਪਾਉਣ ਦਾ ਮੌਕਾ ਮਿਲ ਸਕੇ।
ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ SIR ਦੇ ਪੂਰੇ ਸ਼ਡਿਊਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸਪੈਸ਼ਲ ਇੰਨਟੈਸਿਵ ਰਵੀਜ਼ਨ (SIR) ਅਧੀਨ ਜ਼ਿਲ੍ਹੇ ਵਿੱਚ 25 ਜੂਨ ਤੋਂ 24 ਜੁਲਾਈ 2026 ਤੱਕ ਬੀ.ਐਲ.ਓਜ਼ ਘਰੋ–ਘਰੀ ਜਾ ਕੇ ਵੋਟਰ ਦੇ ਫਾਰਮ ਭਰਵਾਉਣਗੇ। ਉਨ੍ਹਾਂ ਦੱਸਿਆ ਕਿ ਇਸ ਕੰਮ ਲਈ 615 ਬੀ.ਐਲ.ਓਜ਼, 62 ਸੁਪਰਵਾਈਜ਼ਰ, 03 ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, 6 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। SIR ਸਬੰਧੀ ਬੀ.ਐਲ.ਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ ਤੋਂ 24 ਜੂਨ 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਪੈਸ਼ਲ ਇੰਨਟੈਸਿਵ ਰਵੀਜ਼ਨ ਲਈ ਵੋਟਰ ਸੂਚੀ 2003 ਦਾ ਮੌਜੂਦ ਵੋਟਰ ਸੂਚੀ 2025 ਨਾਮ ਮੈਪਿੰਗ ਕੀਤਾ ਜਾਣਾ ਹੈ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕ ਸੰਗਤ ਕਰਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ। ਵੋਟਰ ਸੂਚੀ ਦਾ ਖਰੜਾ 31 ਜੁਲਾਈ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ 31 ਜੁਲਾਈ 2026 ਤੋਂ 30 ਅਗਸਤ 2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਦਾਅਵੇ ਅਤੇ ਇਤਰਾਜ ਦਾ ਨਿਪਟਾਰਾ 28 ਸਤੰਬਰ 2026 ਤੱਕ ਕੀਤਾ ਜਾਵੇਗਾ ਅਤੇ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01 ਅਕਤੂਬਰ 2026 ਨੂੰ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਸਾਰੇ ਬਲਾਕ ਲੈਵਲ ਅਫਸਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਕੈਂਪ ਵੀ ਲਗਾਏ ਜਾਣਗੇ ਤਾਂ ਜੋ ਵੱਧ ਤੋਂ ਵੱਧ ਯੋਗ ਨਾਗਰਿਕ ਵੋਟਰ ਸੂਚੀ ਵਿੱਚ ਆਪਣਾ ਨਾਂ ਦਰਜ ਕਰਵਾ ਸਕਣ।
ਮੀਟਿੰਗ ਵਿੱਚ ਆਮ ਆਦਮੀ ਪਾਰਟੀ ਤੋਂ ਸਤਨਾਮ ਜਲਾਲਪੁਰ, ਸਤਨਾਮ ਸਿੰਘ ਜਲਵਾਹ ਅਤੇ ਰੁਬੀ ਕੰਮ, ਸ਼੍ਰੋਮਣੀ ਅਕਾਲੀ ਦਲ ਤੋਂ ਹਰਦੀਪ ਸਿੰਘ, ਸੀ.ਪੀ.ਆਈ(ਐਮ.) ਤੋਂ ਚਰਨਜੀਤ ਸਿੰਘ, ਬਹੁਜਨ ਸਮਾਜ ਪਾਰਟੀ ਤੋਂ ਸਰਬਜੀਤ ਜਾਫਰਪੁਰ, ਭਾਰਤੀ ਜਨਤਾ ਪਾਰਟੀ ਤੋਂ ਮਨੀਸ਼ ਅਗਨੀਹੋਤਰੀ, ਇੰਡੀਅਨ ਨੈਸ਼ਨਲ ਕਾਂਗਰਸ ਤੋਂ ਅਜੈ ਮੰਗੂਪੁਰ ਅਤੇ ਸੁਭਾਸ਼ ਚੰਦਰ ਅਤੇ ਜ਼ਿਲ੍ਹਾ ਚੋਣ ਦਫ਼ਤਰ ਤੋਂ ਚੋਣ ਕਾਨੂੰਗੋ ਅਮਨਦੀਪ ਸਿੰਘ ਆਦਿ ਹਾਜ਼ਰ ਸਨ।
- Download Babushahi App
-
-