ਪਦਮਜੀਤ ਮਹਿਤਾ ਦੀ ਜਿੱਤ ਦੇ ਮੱਦੇਨਜ਼ਰ ਭਾਜਪਾ ਨੇ ਦਿੱਤਾ ਆਪਣੇ ਉਮੀਦਵਾਰਾਂ ਨੂੰ ਜਿੱਤਣ ਦਾ ਮੰਤਰ
ਬੂਥ ਤੋਂ ਲੈ ਕੇ ਘਰ-ਘਰ ਸੰਪਰਕ ‘ਤੇ ਜ਼ੋਰ
ਅਸ਼ੋਕ ਵਰਮਾ
ਬਠਿੰਡਾ, 21 ਮਈ 2026 : ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵੀਰਵਾਰ ਨੂੰ ਜ਼ਿਲ੍ਹਾ ਭਾਜਪਾ ਦਫ਼ਤਰ ਵਿੱਚ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੋਂ ਚੋਣ ਲੜ ਰਹੇ ਭਾਜਪਾ ਉਮੀਦਵਾਰਾਂ ਨੂੰ ਭਾਜਪਾ ਦੇ ਸੀਨੀਅਰ ਆਗੂ ਅਤੇ ਨਗਰ ਨਿਗਮ ਚੋਣ ਇੰਚਾਰਜ ਜੀਵਨ ਗੁਪਤਾ ਨੇ ਚੋਣਾਂ ਜਿੱਤਣ ਅਤੇ ਭਾਜਪਾ ਨੂੰ ਮਜਬੂਤ ਕਰਨ ਦੇ ਗੁਰ ਸਿਖਾਏ । ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਸਰੂਪ ਚੰਦ ਸਿੰਗਲਾ, ਰਾਸ਼ਟਰੀ ਕੌਂਸਲ ਮੈਂਬਰ ਐਡਵੋਕੇਟ ਮੋਹਨ ਲਾਲ ਗਰਗ, ਪ੍ਰਦੇਸ਼ ਕਮੇਟੀ ਮੈਂਬਰ ਸ਼ਿਆਮ ਲਾਲ ਬਾਂਸਲ, ਵਿਜੇ ਸਿੰਗਲਾ, ਰਾਜ ਨੰਬਰਦਾਰ, ਰਾਜੇਸ਼ ਨੋਨੀ ਅਤੇ ਹੋਰ ਅਹੁਦੇਦਾਰ ਵੀ ਮੌਜੂਦ ਸਨ।
ਇਸ ਰਣਨੀਤਿਕ ਮੀਟਿੰਗ ਵਿੱਚ ਭਾਜਪਾ ਉਮੀਦਵਾਰਾਂ ਨੂੰ ਵਾਰਡ ਪੱਧਰ ‘ਤੇ ਚੋਣ ਪ੍ਰਚਾਰ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।
ਆਪਣੇ ਸੰਬੋਧਨ ਦੌਰਾਨ ਜੀਵਨ ਗੁਪਤਾ ਨੇ ਉਮੀਦਵਾਰਾਂ ਨੂੰ ਸਪੱਸ਼ਟ ਤੌਰ ‘ਤੇ ਕਿਹਾ ਕਿ ਚੋਣਾਂ ਸਿਰਫ਼ ਨਾਰਿਆਂ ਨਾਲ ਨਹੀਂ, ਸਗੋਂ ਲੋਕਾਂ ਵਿਚ ਲਗਾਤਾਰ ਮੌਜੂਦ ਰਹਿਣ ਨਾਲ ਜਿੱਤੀਆਂ ਜਾਂਦੀਆਂ ਹਨ। ਉਨ੍ਹਾਂ ਉਮੀਦਵਾਰਾਂ ਨੂੰ ਡੋਰ-ਟੂ-ਡੋਰ ਸੰਪਰਕ ਮੁਹਿੰਮ ਤੇਜ਼ ਕਰਨ, ਹਰ ਵੋਟਰ ਤੱਕ ਨਿੱਜੀ ਪਹੁੰਚ ਬਣਾਉਣ ਅਤੇ ਵਾਰਡਾਂ ਵਿੱਚ ਛੋਟੀਆਂ-ਛੋਟੀਆਂ ਡਰਾਇੰਗ ਰੂਮ ਮੀਟਿੰਗਾਂ ਰਾਹੀਂ ਲੋਕਾਂ ਨਾਲ ਸਿੱਧਾ ਸੰਵਾਦ ਕਰਨ ਲਈ ਪ੍ਰੇਰਿਤ ਕੀਤਾ।ਉਨ੍ਹਾਂ ਕਿਹਾ ਕਿ ਭਾਜਪਾ ਵਰਕਰਾਂ ਨੂੰ ਬੂਥ ਪੱਧਰ ਤੱਕ ਮਜ਼ਬੂਤ ਟੀਮਾਂ ਤਿਆਰ ਕਰਕੇ ਚੋਣ ਮੈਦਾਨ ਵਿੱਚ ਉਤਰਨਾ ਹੋਵੇਗਾ ਤਾਂ ਜੋ ਵੋਟਿੰਗ ਵਾਲੇ ਦਿਨ ਕਿਸੇ ਵੀ ਤਰ੍ਹਾਂ ਦੀ ਕਮੀ ਨਾ ਰਹੇ। ਗੁਪਤਾ ਨੇ ਦਾਅਵਾ ਕੀਤਾ ਕਿ ਸ਼ਹਿਰ ਵਿੱਚ ਭਾਜਪਾ ਦੇ ਹੱਕ ਵਿੱਚ ਮਾਹੌਲ ਬਣ ਰਿਹਾ ਹੈ ਅਤੇ ਜੇਕਰ ਵਰਕਰ ਪੂਰੀ ਮਿਹਨਤ ਅਤੇ ਲਗਨ ਨਾਲ ਮੈਦਾਨ ਵਿੱਚ ਡਟੇ ਰਹੇ ਤਾਂ ਨਗਰ ਨਿਗਮ ਵਿੱਚ ਭਾਜਪਾ ਉਮੀਦਾਰਾਂ ਦੀ ਜਿੱਤ ਤੈਅ ਹੈ।
ਜ਼ਿਲ੍ਹਾ ਪ੍ਰਧਾਨ ਸਰੂਪ ਚੰਦ ਸਿੰਗਲਾ ਨੇ ਵੀ ਉਮੀਦਵਾਰਾਂ ਨੂੰ ਵੋਟਿੰਗ ਦੇ ਦਿਨ ਆ ਸਕਣ ਵਾਲੀਆਂ ਸੰਭਾਵਿਤ ਦਿੱਕਤਾਂ ਅਤੇ ਉਨ੍ਹਾਂ ਦੇ ਹੱਲ ਬਾਰੇ ਜ਼ਰੂਰੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਵੋਟਿੰਗ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਪਰੇਸ਼ਾਨੀ ਨਾ ਆਵੇ, ਇਸ ਲਈ ਪਹਿਲਾਂ ਤੋਂ ਪੂਰੀ ਤਿਆਰੀ ਕਰਨਾ ਬਹੁਤ ਜ਼ਰੂਰੀ ਹੈ। ਉਨ੍ਹਾਂ ਵਰਕਰਾਂ ਨੂੰ ਬੂਥ ਪ੍ਰਬੰਧਨ, ਵੋਟਰ ਸਲਿੱਪਾਂ ਦੀ ਵੰਡ ਅਤੇ ਵੋਟਰਾਂ ਨੂੰ ਪੋਲਿੰਗ ਬੂਥ ਤੱਕ ਪਹੁੰਚਾਉਣ ਲਈ ਮਜ਼ਬੂਤ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।
ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਚੋਣ ਪ੍ਰਚਾਰ ਨੂੰ ਪੂਰੀ ਤਾਕਤ ਨਾਲ ਅੱਗੇ ਵਧਾਉਣ ਦਾ ਸੰਕਲਪ ਵੀ ਦੁਹਰਾਇਆ। ਇਸ ਮੌਕੇ ਜ਼ਿਲ੍ਹਾ ਜਨਰਲ ਸਕੱਤਰ ਉਮੇਸ਼ ਸ਼ਰਮਾ, ਉਪ ਪ੍ਰਧਾਨ ਵਰਿੰਦਰ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਅਤੇ ਉਮੀਦਵਾਰ ਹਾਜ਼ਰ ਸਨ।
- Download Babushahi App
-
-