ਮਿਸਲ ਸਤਲੁਜ ਜਥੇਬੰਦੀ ਵੱਲੋਂ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਹੜ੍ਹ ਰੋਕੂ ਪ੍ਰਬੰਧਾਂ ਸਬੰਧੀ ਮੰਗ ਪੱਤਰ ਸੌਂਪਿਆ
ਬਾਬੂਸ਼ਾਹੀ ਬਿਊਰੋ
ਪਟਿਆਲਾ 21 ਮਈ, 2026 ਮਿਸਲ ਸਤਲੁਜ ਜਥੇਬੰਦੀ ਦਾ ਇੱਕ ਵਫ਼ਦ ਅੱਜ ਬੀਬੀ ਜਸਮੀਤ ਕੌਰ ਛੀਨਾ, ਹਲਕਾ ਇੰਚਾਰਜ ਸਨੌਰ ਦੀ ਅਗਵਾਈ ਵਿੱਚ ਜਿਨਾਂ ਵਿੱਚ ਸਰਦਾਰ ਅੰਗਰੇਜ਼ ਸਿੰਘ ਸ਼ੇਰਗਿੱਲ, ਅਤੇ ਸਰਦਾਰ ਯਾਦਵਿੰਦਰ ਸਿੰਘ ਯਾਦੂ ਪ੍ਰਧਾਨ ਯੂਥ ਵਿੰਗ ਮਿਸਲ ਸਤਲੁਜ ਸ਼ਾਮਲ ਸਨ,ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੂੰ ਮਿਲਿਆ। ਇਸ ਦੌਰਾਨ ਵਫ਼ਦ ਵੱਲੋਂ ਆਉਣ ਵਾਲੇ ਬਰਸਾਤੀ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਇੱਕ ਵਿਸਥਾਰਪੂਰਵਕ ਮੰਗ ਪੱਤਰ ਸੌਂਪਿਆ ਗਿਆ।
ਮੰਗ ਪੱਤਰ ਵਿੱਚ ਕਿਹਾ ਗਿਆ ਕਿ ਹਰ ਸਾਲ ਭਾਰੀ ਬਾਰਿਸ਼ਾਂ ਅਤੇ ਡੈਮਾਂ ਵਿੱਚ ਪਾਣੀ ਦੇ ਵਧਦੇ ਪੱਧਰ ਕਾਰਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੜ੍ਹਾਂ ਵਰਗੀ ਸਥਿਤੀ ਪੈਦਾ ਹੋ ਜਾਂਦੀ ਹੈ, ਜਿਸ ਨਾਲ ਲੋਕਾਂ ਨੂੰ ਵੱਡੇ ਪੱਧਰ ‘ਤੇ ਜਾਨੀ ਅਤੇ ਮਾਲੀ ਨੁਕਸਾਨ ਝੱਲਣਾ ਪੈਂਦਾ ਹੈ। ਇਥੇ ਦੱਸਿਆ ਜਾਂਦਾ ਹੈ ਕਿ ਪਿਛਲੇ ਸਾਲਾਂ ਦੌਰਾਨ ਪਟਿਆਲਾ ਜ਼ਿਲ੍ਹਾ ਵਿੱਚ ਵੀ ਇਸ ਕੁਦਰਤੀ ਆਫ਼ਤ ਨਾਲ ਲੋਕਾਂ ਦਾ ਭਾਰੀ ਨੁਕਸਾਨ ਹੋਇਆ ਸੀ ।
ਬੀਬੀ ਜਸਮੀਤ ਕੌਰ ਛੀਨਾ ਨੇ ਕਿਹਾ ਕਿ ਹੜ੍ਹਾਂ ਵਰਗੀ ਆਫ਼ਤ ਨੂੰ ਸਿਰਫ਼ ਸਮੇਂ ਸਿਰ ਕੀਤੀਆਂ ਤਿਆਰੀਆਂ ਰਾਹੀਂ ਹੀ ਕਾਬੂ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਨੂੰ ਚਾਹੀਦਾ ਹੈ ਕਿ ਨਿਕਾਸੀ ਨਾਲਿਆਂ ਦੀ ਤੁਰੰਤ ਸਫ਼ਾਈ ਕਰਵਾਈ ਜਾਵੇ, ਕੱਚੇ ਬੰਨ੍ਹਾਂ ਦੀ ਮੁਰੰਮਤ ਯਕੀਨੀ ਬਣਾਈ ਜਾਵੇ ਅਤੇ ਪਾਣੀ ਦੀ ਨਿਕਾਸੀ ਲਈ ਸੁਚੱਜੇ ਅਤੇ ਮਜ਼ਬੂਤ ਪ੍ਰਬੰਧ ਕੀਤੇ ਜਾਣ।ਵਫਦ ਨੇ ਇਹ ਵੀ ਮੰਗ ਕੀਤੀ ਕਿ ਜਿਹੜੇ ਇਲਾਕੇ ਹੜ੍ਹਾਂ ਤੋਂ ਵੱਧ ਪ੍ਰਭਾਵਿਤ ਹੋ ਸਕਦੇ ਹਨ, ਉਨ੍ਹਾਂ ਦੀ ਲਗਾਤਾਰ ਨਿਗਰਾਨੀ ਕੀਤੀ ਜਾਵੇ ਅਤੇ ਰਾਹਤ ਟੀਮਾਂ, ਮੈਡੀਕਲ ਟੀਮਾਂ, ਦਵਾਈਆਂ, ਐਮਰਜੈਂਸੀ ਸਹੂਲਤਾਂ ਅਤੇ ਬਚਾਅ ਸਾਮਾਨ ਪਹਿਲਾਂ ਤੋਂ ਤਿਆਰ ਰੱਖਿਆ ਜਾਵੇ ਤਾਂ ਜੋ ਕਿਸੇ ਵੀ ਸੰਕਟ ਦੀ ਘੜੀ ਵਿੱਚ ਲੋਕਾਂ ਤੱਕ ਤੁਰੰਤ ਮਦਦ ਪਹੁੰਚਾਈ ਜਾ ਸਕੇ।
ਮਿਸਲ ਸਤਲੁਜ ਜਥੇਬੰਦੀ ਨੇ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਚੇਤਾਵਨੀ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਵੀ ਮੰਗ ਕੀਤੀ, ਤਾਂ ਜੋ ਸੰਭਾਵੀ ਖ਼ਤਰੇ ਬਾਰੇ ਲੋਕਾਂ ਨੂੰ ਸਮੇਂ ਸਿਰ ਜਾਣਕਾਰੀ ਮਿਲ ਸਕੇ ਅਤੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।
- Download Babushahi App
-
-