ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਸਬੰਧੀ ਹੁਕਮ ਜਾਰੀ ਕੀਤੇ
ਬਾਬੂਸ਼ਾਹੀ ਬਿਊਰੋ
ਰੂਪਨਗਰ, 22 ਮਈ: ਵਧੀਕ ਜ਼ਿਲ੍ਹਾ ਮੈਜਿਸਟਰੇਟ ਰੂਪਨਗਰ ਸ਼੍ਰੀਮਤੀ ਅਕਸ਼ਿਤਾ ਗੁਪਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਤੇ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਸਟੈਂਡਰਡ ਓਪਰੇਟਿੰਗ ਪ੍ਰੋਸੀਜਰ ਅਨੁਸਾਰ 26 ਮਈ 2026 ਨੂੰ ਜ਼ਿਲ੍ਹਾ ਰੂਪਨਗਰ ਅੰਦਰ ਸਥਾਪਿਤ ਸਾਰੇ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪਾਬੰਦੀਆਂ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਪ੍ਰਚਾਰ ਕਰਨ, ਸੈਲੂਲਰ ਫੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਕਰਨ ਅਤੇ ਪ੍ਰਚਾਰ ਸਮੱਗਰੀ ਜਿਵੇਂ ਪੋਸਟਰ ਜਾਂ ਬੈਨਰ ਲਗਾਉਣ ਨਾਲ ਅਮਨ-ਕਾਨੂੰਨ ਦੀ ਸਥਿਤੀ ਪ੍ਰਭਾਵਿਤ ਹੋਣ ਦੀ ਸੰਭਾਵਨਾ ਹੈ। ਇਸ ਨਾਲ ਚੋਣ ਡਿਊਟੀ ’ਤੇ ਤਾਇਨਾਤ ਸੁਰੱਖਿਆ ਬਲਾਂ ਦੇ ਕੰਮ ਵਿੱਚ ਵਿਘਨ ਪੈ ਸਕਦਾ ਹੈ ਅਤੇ ਜਨਤਕ ਤੇ ਨਿੱਜੀ ਸੰਪਤੀ ਅਤੇ ਮਨੁੱਖੀ ਜੀਵਨ ਨੂੰ ਨੁਕਸਾਨ ਪਹੁੰਚਣ ਦਾ ਖਤਰਾ ਬਣ ਸਕਦਾ ਹੈ। ਇਸ ਲਈ ਚੋਣ ਪ੍ਰਕਿਰਿਆ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਸੰਪੰਨ ਕਰਵਾਉਣ ਅਤੇ ਅਮਨ-ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਤੁਰੰਤ ਪ੍ਰਭਾਵ ਨਾਲ ਲੋੜੀਂਦੇ ਉਪਰਾਲੇ ਕਰਨਾ ਜ਼ਰੂਰੀ ਹੈ।
ਇਨ੍ਹਾਂ ਹੁਕਮਾਂ ਅਨੁਸਾਰ ਕਿਸੇ ਵੀ ਉਮੀਦਵਾਰ ਜਾਂ ਉਸ ਦੇ ਸਮਰਥਕ ਵੱਲੋਂ ਪੋਲਿੰਗ ਬੂਥਾਂ ਜਾਂ ਕਿਸੇ ਵੀ ਜਨਤਕ ਜਾਂ ਨਿੱਜੀ ਸਥਾਨ ’ਤੇ ਚੋਣ ਪ੍ਰਚਾਰ ਨਹੀਂ ਕੀਤਾ ਜਾਵੇਗਾ ਅਤੇ ਨਾ ਹੀ ਪੋਲਿੰਗ ਬੂਥਾਂ ਦੇ ਨੇੜੇ ਸ਼ੋਰ-ਸ਼ਰਾਬਾ ਜਾਂ ਹੁੱਲੜਬਾਜ਼ੀ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਕਿਸੇ ਵੀ ਵਿਅਕਤੀ ਵੱਲੋਂ ਪੋਲਿੰਗ ਬੂਥਾਂ ਦੇ 200 ਮੀਟਰ ਦੇ ਘੇਰੇ ਅੰਦਰ ਸੈਲੂਲਰ ਫੋਨ, ਕੋਰਡਲੈੱਸ ਫੋਨ, ਵਾਇਰਲੈੱਸ ਸੈੱਟ, ਲਾਊਡ ਸਪੀਕਰ, ਮੈਗਾਫੋਨ ਆਦਿ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਹਾਲਾਂਕਿ ਇਹ ਪਾਬੰਦੀ ਚੋਣ ਡਿਊਟੀ ’ਤੇ ਤਾਇਨਾਤ ਅਬਜ਼ਰਵਰਾਂ, ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ, ਸੁਰੱਖਿਆ ਕਰਮਚਾਰੀਆਂ ਅਤੇ ਪੋਲਿੰਗ ਜਾਂ ਗਿਣਤੀ ਕਾਰਜ ਨਾਲ ਸਬੰਧਤ ਸਰਕਾਰੀ ਕਰਮਚਾਰੀਆਂ ’ਤੇ ਲਾਗੂ ਨਹੀਂ ਹੋਵੇਗੀ।
ਸ਼੍ਰੀਮਤੀ ਅਕਸ਼ਿਤਾ ਗੁਪਤਾ ਨੇ ਕਿਹਾ ਕਿ ਚੋਣ ਪ੍ਰਚਾਰ ਨਾਲ ਸਬੰਧਤ ਕਿਸੇ ਵੀ ਕਿਸਮ ਦੇ ਪੋਸਟਰ, ਬੈਨਰ ਜਾਂ ਹੋਰ ਪ੍ਰਚਾਰ ਸਮੱਗਰੀ ਨਹੀਂ ਲਗਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਚੋਣ ਲੜ ਰਿਹਾ ਉਮੀਦਵਾਰ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਪੋਲਿੰਗ ਬੂਥ ਜਾਂ ਟੈਂਟ ਨਹੀਂ ਲਗਾਏਗਾ।
ਇਸ ਤੋਂ ਇਲਾਵਾ ਰਾਜ ਚੋਣ ਕਮਿਸ਼ਨ, ਪੰਜਾਬ, ਜ਼ਿਲ੍ਹਾ ਚੋਣ ਅਫਸਰ, ਰੂਪਨਗਰ ਜਾਂ ਰਿਟਰਨਿੰਗ ਅਫਸਰ ਵੱਲੋਂ ਅਧਿਕਾਰਤ ਵਿਅਕਤੀਆਂ ਤੋਂ ਬਿਨਾਂ ਕੋਈ ਵੀ ਵਿਅਕਤੀ ਪੋਲਿੰਗ ਬੂਥ ਦੇ 200 ਮੀਟਰ ਦੇ ਘੇਰੇ ਅੰਦਰ ਆਪਣਾ ਨਿੱਜੀ ਵਾਹਨ ਨਹੀਂ ਲੈ ਕੇ ਜਾਵੇਗਾ।
- Download Babushahi App
-
-