ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਨਾਲ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ: ਹਰਮੀਤ ਸਿੰਘ ਕਾਲਕਾ
ਨਵੀਂ ਦਿੱਲੀ 27 ਮਈ 2026 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਕੌਮੀ ਆਗੂ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾਂ ਸਿੱਖ ਕੌਮ ਦੀ ਚੜ੍ਹਦੀ ਕਲਾ, ਪੰਥਕ ਮਰਿਆਦਾਵਾਂ ਅਤੇ ਲੋਕ ਸੇਵਾ ਲਈ ਸਮਰਪਿਤ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੇ ਹਰ ਔਖੇ ਸਮੇਂ ਦੌਰਾਨ ਸੰਗਤ, ਕਿਸਾਨਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਡੱਟ ਕੇ ਆਵਾਜ਼ ਬੁਲੰਦ ਕੀਤੀ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਦੀ ਸੋਚ, ਸਿਧਾਂਤਾਂ ਅਤੇ ਪੰਥਕ ਸੇਵਾਵਾਂ ਪ੍ਰਤੀ ਲਗਾਤਾਰ ਵਧ ਰਿਹਾ ਹੈ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਅੱਜ ਵਾਰਡ ਨੰਬਰ 46 ਤੋਂ ਸਰਦਾਰ ਅਮਨਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੇ ਵੱਡੀ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਵਿੱਚ ਸ਼ਮੂਲੀਅਤ ਕੀਤੀ। ਉਨ੍ਹਾਂ ਸਾਰਿਆਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪਾਰਟੀ ਵੱਲੋਂ ਜੀ ਆਇਆਂ ਆਖਦਿਆਂ ਕਿਹਾ ਕਿ ਇਹ ਸ਼ਮੂਲੀਅਤ ਸਰਦਾਰ ਭੁਪਿੰਦਰ ਸਿੰਘ ਭੁੱਲਰ ਅਤੇ ਸਰਦਾਰ ਸ਼ਮਸ਼ੇਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ ਹੈ, ਜੋ ਇਸ ਗੱਲ ਦਾ ਪ੍ਰਮਾਣ ਹੈ ਕਿ ਨੌਜਵਾਨ ਅਤੇ ਸੰਗਤ ਪੰਥਕ ਵਿਚਾਰਧਾਰਾ ਨਾਲ ਵੱਡੇ ਪੱਧਰ ‘ਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਪਾਰਟੀ ਜੁੜ ਰਹੇ ਹਨ।
ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਨੁੱਖਤਾ ਦੀ ਸੇਵਾ ਦਾ ਵਿਲੱਖਣ ਇਤਿਹਾਸ ਰਚਿਆ। ਘਰ-ਘਰ ਲੰਗਰ ਅਤੇ ਰਾਸ਼ਨ ਪਹੁੰਚਾਉਣ ਤੋਂ ਲੈ ਕੇ ਮੁਫ਼ਤ ਡਾਇਲਸਿਸ, ਸਸਤੀ ਦਵਾਈਆਂ, ਐਮਆਰਆਈ, ਸੀਟੀ ਸਕੈਨ ਅਤੇ ਹੋਰ ਮੈਡੀਕਲ ਸਹੂਲਤਾਂ ਮੁਹੱਈਆ ਕਰਵਾ ਕੇ ਕਮੇਟੀ ਨੇ ਹਜ਼ਾਰਾਂ ਪਰਿਵਾਰਾਂ ਲਈ ਸੇਵਾ ਨਿਭਾਈ। ਉਨ੍ਹਾਂ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਪਬਲਿਕ ਹਸਪਤਾਲ ਅਤੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਚੱਲ ਰਹੀਆਂ ਸਿਹਤ ਸੇਵਾਵਾਂ ਦਾ ਲਾਭ ਲੱਖਾਂ ਲੋਕਾਂ ਨੂੰ ਮਿਲ ਰਿਹਾ ਹੈ ।
ਸਰਦਾਰ ਕਾਲਕਾ ਨੇ ਕਿਹਾ ਕਿ ਸਿੱਖਿਆ ਖੇਤਰ ਵਿੱਚ ਵੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਤਿਹਾਸਕ ਕੰਮ ਕੀਤੇ ਗਏ ਹਨ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ, ਕਾਲਜਾਂ ਅਤੇ ਇੰਜੀਨੀਅਰਿੰਗ ਸੰਸਥਾਵਾਂ ਨੂੰ ਆਧੁਨਿਕ ਸਹੂਲਤਾਂ ਨਾਲ ਮਜ਼ਬੂਤ ਕੀਤਾ ਗਿਆ ਹੈ, ਜਿਸ ਕਾਰਨ ਹਰ ਸਾਲ ਹਜ਼ਾਰਾਂ ਵਿਦਿਆਰਥੀ ਉੱਚ ਸਿੱਖਿਆ ਪ੍ਰਾਪਤ ਕਰਕੇ ਦੇਸ਼ ਦੀ ਤਰੱਕੀ ਵਿੱਚ ਯੋਗਦਾਨ ਪਾ ਰਹੇ ਹਨ।
ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਗੁਰਸਿੱਖੀ, ਪੰਜਾਬੀ ਭਾਸ਼ਾ ਅਤੇ ਸਿੱਖ ਇਤਿਹਾਸ ਨਾਲ ਜੋੜਨ ਲਈ ਲਗਾਤਾਰ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੇ ਸਾਲ 4 ਹਜ਼ਾਰ ਬੱਚਿਆਂ ਨੇ ਹਿੱਸਾ ਲਿਆ ਸੀ, ਜਦਕਿ ਪਿਛਲੇ ਸਾਲ 15 ਹਜ਼ਾਰ ਤੋਂ ਵੱਧ ਬੱਚਿਆਂ ਨੇ ਭਾਗ ਲਿਆ ਅਤੇ ਇਸ ਸਾਲ ਇਸ ਗਿਣਤੀ ਵਿੱਚ ਹੋਰ ਵੱਡਾ ਵਾਧਾ ਹੋਣ ਦੀ ਉਮੀਦ ਹੈ।
ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦ੍ਰਿੜਤਾ ਨਾਲ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਹਮੇਸ਼ਾਂ ਸਿੱਖ ਸਿਧਾਂਤਾਂ, ਕੌਮੀ ਅਸੂਲਾਂ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ‘ਤੇ ਪਹਿਰਾ ਦਿੰਦਾ ਰਹੇਗਾ ਅਤੇ ਕਿਸੇ ਵੀ ਹਾਲਤ ਵਿੱਚ ਪੰਥਕ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਮੂਹ ਆਗੂ ਅਤੇ ਵਰਕਰ ਨਿਸ਼ਕਾਮ ਭਾਵਨਾ ਨਾਲ ਸੰਗਤ ਦੀ ਸੇਵਾ ਅਤੇ ਪੰਥਕ ਕਦਰਾਂ-ਕੀਮਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰਦੇ ਰਹਿਣਗੇ।
- Download Babushahi App
-
-