ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ, ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ
ਮਨਪ੍ਰੀਤ ਸਿੰਘ / ਬਾਬੂਸ਼ਾਹੀ ਬਿਊਰੋ
ਰੂਪਨਗਰ, 1 ਜੂਨ:
ਰੋਪੜ ਪ੍ਰਸ਼ਾਸਨ ਵੱਲੋਂ ਗੈਰਕਾਨੂੰਨੀ ਮਾਈਨਿੰਗ ਖ਼ਿਲਾਫ਼ ਸਭ ਤੋਂ ਵੱਡੀ ਕਾਰਵਾਈ ਕਰਦਿਆਂ ਇੱਕ ਹੀ ਰਾਤ ਵਿੱਚ 7 ਪੋਕਲੈਨ ਮਸ਼ੀਨਾਂ ਜ਼ਬਤ ਕੀਤੀਆਂ ਗਈਆਂ ਹਨ।
ਡਿਪਟੀ ਕਮਿਸ਼ਨਰ ਰੂਪਨਗਰ ਅਦਿੱਤਿਆ ਡੇਚਲਵਾਲ ਅਤੇ ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ ਦੇ ਨਿਰਦੇਸ਼ਾਂ ਹੇਠ ਐਸ.ਡੀ.ਐਮ. ਨੰਗਲ ਸਚਿਨ ਪਾਠਕ, ਇੰਸਪੈਕਟਰ ਸੀਆਈਏ ਮਨਦੀਪ ਸਿੰਘ ਅਤੇ 8 ਪੁਲਿਸ ਅਧਿਕਾਰੀਆਂ ਦੀ ਟੀਮ ਵੱਲੋਂ ਅੱਧੀ ਰਾਤ ਨੂੰ ਨੰਗਲ ਦੇ ਸੈਂਸੋਵਾਲ–ਸਵਾਰਾ–ਹਰਸਾ ਬੇਲਾ ਖੇਤਰ ਵਿੱਚ ਛਾਪੇਮਾਰੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਚਿਨ ਪਾਠਕ ਨੇ ਦੱਸਿਆ ਕਿ ਟੀਮ ਨੂੰ ਦੋ ਹਿੱਸਿਆਂ ਵਿੱਚ ਵੰਡਿਆ ਗਿਆ ਅਤੇ ਦਰਿਆ ਦੇ ਦੋਵਾਂ ਪਾਸਿਆਂ ਤੋਂ ਮਸ਼ੀਨਾਂ ਦਾ ਪਿੱਛਾ ਕਰਦਿਆਂ 6 ਪੋਕਲੈਨ ਮਸ਼ੀਨਾਂ ਬਰਾਮਦ ਕੀਤੀਆਂ ਗਈਆਂ, ਜੋ ਕਿ ਇੱਕ ਵਾਰ ਵਿੱਚ ਕੀਤੀ ਗਈ ਸਭ ਤੋਂ ਵੱਡੀ ਬਰਾਮਦਗੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇੱਕ ਹੋਰ ਟੀਮ, ਜਿਸ ਦੀ ਅਗਵਾਈ ਐਕਸ.ਈ.ਐਨ. ਮਾਈਨਿੰਗ ਭਾਵੁਕ ਸ਼ਰਮਾ ਕਰ ਰਹੇ ਸਨ, ਵੱਲੋਂ ਸਵਾਂ ਦਰਿਆ ਵਿੱਚੋਂ ਇੱਕ ਹੋਰ ਪੋਕਲੈਨ ਮਸ਼ੀਨ ਜ਼ਬਤ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਮਿਲ ਰਹੀਆਂ ਸ਼ਿਕਾਇਤਾਂ ਦੇ ਮੱਦੇਨਜ਼ਰ ਸਿਵਲ ਅਤੇ ਪੁਲਿਸ ਟੀਮਾਂ ਵੱਲੋਂ ਇਹ ਸਾਂਝੀ ਕਾਰਵਾਈ ਕੀਤੀ ਗਈ ਹੈ।
ਸਚਿਨ ਪਾਠਕ ਨੇ ਦੱਸਿਆ ਕਿ ਇਹ ਛਾਪੇਮਾਰੀਆਂ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਮਦਦਗਾਰ ਸਾਬਤ ਹੋਣਗੀਆਂ ਜੋ ਕਿ ਮੁੱਖ ਮੰਤਰੀ ਪੰਜਾਬ ਵੱਲੋਂ ਅਪਣਾਈ ਗਈ “ਜ਼ੀਰੋ ਟੋਲਰੈਂਸ” ਨੀਤੀ ਦਾ ਹਿੱਸਾ ਹਨ।
ਡਿਪਟੀ ਕਮਿਸ਼ਨਰ ਨੇ ਇਸ ਕਾਰਵਾਈ ’ਤੇ ਸੰਤੁਸ਼ਟੀ ਜਤਾਉਂਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਰਕਾਨੂੰਨੀ ਮਾਈਨਿੰਗ ਦੇ ਮਾਮਲਿਆਂ ਦੀ ਜਾਣਕਾਰੀ ਪ੍ਰਸ਼ਾਸਨ ਨੂੰ ਦੇਣ ਅਤੇ ਇਸ ਨੂੰ ਰੋਕਣ ਲਈ ਸਹਿਯੋਗ ਕਰਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਐਨ.ਜੀ.ਟੀ. ਦੇ ਨਿਰਦੇਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਲਈ ਵਚਨਬੱਧ ਹੈ।
- Download Babushahi App
-
-