SIR ਤਹਿਤ ਸੋਧੀ ਸਮਾਂ ਸਾਰਨੀ ਜਾਰੀ: ਜ਼ਿਲ੍ਹਾ ਚੋਣਕਾਰ ਅਫ਼ਸਰ ਬਠਿੰਡਾ
ਵੋਟਰ ਸੂਚੀ ਦਾ ਖਰੜਾ 3 ਅਗਸਤ 2026 ਨੂੰ ਕੀਤਾ ਜਾਵੇਗਾ ਪ੍ਰਕਾਸ਼ਿਤ
--ਦਾਅਵੇ ਅਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ
--ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਕੀਤੀ ਜਾਵੇਗੀ ਤਸਦੀਕ
--ਆਮ ਲੋਕਾਂ ਨੂੰ ਐੱਸ.ਆਈ.ਆਰ. ਕਰਨ ਲਈ ਆਉਣ ਵਾਲੇ ਬੀ.ਐੱਲ.ਓਜ਼. ਨਾਲ ਸਹਿਯੋਗ ਕਰਨ ਦੇ ਅਪੀਲ : ਜ਼ਿਲ੍ਹਾ ਚੋਣਕਾਰ ਅਫਸਰ
ਅਸ਼ੋਕ ਵਰਮਾ
ਬਠਿੰਡਾ, 1 ਜੂਨ 202 6:ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਦੀ ਸੋਧੀ ਹੋਈ ਸਮਾਂ ਸਾਰਣੀ ਜਾਰੀ ਕੀਤੀ ਗਈ ਹੈ। ਇਸ ਸਬੰਧੀ ਜਾਰੀ ਪ੍ਰੋਗਰਾਮ ਅਨੁਸਾਰ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦਿਆਂ ਵੋਟਰ ਸੂਚੀਆਂ ਦੀ ਸੁਧਾਈ ਕੀਤੀ ਜਾਵੇਗੀ।
ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਧੇ ਹੋਏ ਪ੍ਰੋਗਰਾਮ ਤਹਿਤ ਵੋਟਰ ਸੂਚੀਆਂ ਦਾ ਖਰੜਾ 31 ਜੁਲਾਈ ਦੀ ਜਗ੍ਹਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਦਾਅਵੇ ਅਤੇ ਇਤਰਾਜ਼ 31 ਜੁਲਾਈ ਤੋਂ 30 ਅਗਸਤ 2026 ਦੀ ਬਜਾਏ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ, ਜਦਕਿ ਇਨ੍ਹਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ।
ਬਾਕੀ ਪ੍ਰੋਗਰਾਮ ਪਹਿਲਾਂ ਵਾਂਗ ਹੀ ਰਹੇਗਾ, ਜਿਸ ਤਹਿਤ 15 ਜੂਨ ਤੋਂ 24 ਜੂਨ 2026 ਤੱਕ ਤਿਆਰੀ, ਸਿਖਲਾਈ ਅਤੇ ਛਪਾਈ ਦਾ ਕੰਮ ਕੀਤਾ ਜਾਵੇਗਾ, ਜਦਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰ (BLO) ਘਰ-ਘਰ ਜਾ ਕੇ ਵੋਟਰਾਂ ਦੀ ਜਾਣਕਾਰੀ ਦੀ ਤਸਦੀਕ ਕਰਨਗੇ ਅਤੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕਰਨਗੇ। ਅੰਤਿਮ ਵੋਟਰ ਸੂਚੀ 1 ਅਕਤੂਬਰ 2026 ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।
ਇਸ ਮੁਹਿੰਮ ਤਹਿਤ ਜ਼ਿਲ੍ਹੇ ਅੰਦਰ 1192 ਬੀ.ਐਲ.ਓਜ਼, 130 ਸੁਪਰਵਾਈਜ਼ਰ, 6 ਈ.ਆਰ.ਓਜ਼ ਅਤੇ 6 ਏ.ਈ.ਆਰ.ਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਇਨ੍ਹਾਂ ਨੂੰ ਐਸ.ਆਈ.ਆਰ ਲਈ ਵਿਸ਼ੇਸ਼ ਸਿਖਲਾਈ ਵੀ ਦਿੱਤੀ ਜਾਵੇਗੀ ਤਾਂ ਜੋ ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਸੁਚਾਰੂ ਢੰਗ ਨਾਲ ਮੁਕੰਮਲ ਹੋ ਸਕੇ।
ਉਨ੍ਹਾਂ ਦੱਸਿਆ ਕਿ ਜੇਕਰ ਕੋਈ ਵੋਟਰ ਐਨੁਮਿਰੇਸ਼ਨ ਫਰਮ ਨਹੀਂ ਭਰਦਾ ਹੈ ਤਾਂ ਉਸ ਨੂੰ ਡਰਾਫਟ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ। ਮੈਪ ਹੋ ਚੁੱਕੇ ਵੋਟਰਾਂ ਨੂੰ ਵੀ ਇਹ ਫਾਰਮ ਭਰਨਾ ਜ਼ਰੂਰੀ ਹੈ। ਐੱਸ.ਆਈ. ਆਰ. ਦੌਰਾਨ ਵੋਟਰਾਂ ਨੂੰ ਆਪਣੀ ਯੋਗਤਾ ਸਾਬਤ ਕਰਨ ਲਈ ਬੀ.ਐਲ.ਓ. ਨੂੰ ਨਿਰਧਾਰਤ ਦਸਤਾਵੇਜ਼ ਜਮ੍ਹਾਂ ਕਰਵਾਉਣੇ ਹੋਣਗੇ। ਇਨ੍ਹਾਂ ਵਿੱਚ ਜਨਮ ਸਰਟੀਫਿਕੇਟ, ਪਾਸਪੋਰਟ, ਮੈਟ੍ਰਿਕ/ਵਿਦਿਅਕ ਸਰਟੀਫਿਕੇਟ, ਸਥਾਈ ਨਿਵਾਸ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਸਰਕਾਰੀ ਕਰਮਚਾਰੀ ਜਾਂ ਪੈਨਸ਼ਨਰ ਪਛਾਣ ਪੱਤਰ, ਸਰਕਾਰੀ ਅਥਾਰਟੀ ਵੱਲੋਂ ਜਾਰੀ ਹੋਰ ਪਛਾਣ ਦਸਤਾਵੇਜ਼, ਜ਼ਮੀਨ ਜਾਂ ਮਕਾਨ ਅਲਾਟਮੈਂਟ ਸਰਟੀਫਿਕੇਟ ਆਦਿ ਸ਼ਾਮਲ ਹਨ।
ਜ਼ਿਲ੍ਹਾ ਚੋਣਕਾਰ ਅਫਸਰ ਨੇ ਸਮੂਹ ਯੋਗ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਪ੍ਰਕਿਰਿਆ ਦੌਰਾਨ ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ-ਸਿਰ ਬੀ.ਐਲ.ਓਜ਼ ਨੂੰ ਮੁਹੱਈਆ ਕਰਵਾਉਣ, ਤਾਂ ਜੋ ਵੋਟਰ ਸੂਚੀਆਂ ਨੂੰ ਹੋਰ ਸ਼ੁੱਧ ਬਣਾਇਆ ਜਾ ਸਕੇ। ਇਸ ਸਬੰਧੀ ਵਧੇਰੇ ਜਾਣਕਾਰੀ ਵੋਟਰ ਹੈਲਪਲਾਈਨ ਨੰਬਰ 1950 'ਤੇ ਪ੍ਰਾਪਤ ਕੀਤੀ ਜਾ ਸਕਦੀ ਹੈ।
*****
- Download Babushahi App
-
-