Breaking: ਕੀ ਪੰਜਾਬ ਕਾਂਗਰਸ ਦੀ ਲੀਡਰਸ਼ਿਪ 'ਚ ਹੋਵੇਗਾ ਬਦਲਾਅ? ਪੜ੍ਹੋ ਭੁਪੇਸ਼ ਬਘੇਲ ਨੇ ਕੀ ਕਿਹਾ!
ਰਾਜਾ ਵੜਿੰਗ, ਚਰਨਜੀਤ ਚੰਨੀ ਅਤੇ ਰੰਧਾਵਾ ਸਮੇਤ ਪੰਜਾਬ ਕਾਂਗਰਸ ਦੇ ਪ੍ਰਮੁੱਖ ਆਗੂਆਂ ਨੇ ਕੀਤੀ ਸ਼ਿਰਕਤ
ਖੜਗੇ ਅਤੇ ਰਾਹੁਲ ਦੀ ਅਗਵਾਈ ਹੇਠ ਹੀ ਇਕਜੁੱਟ ਹੋ ਕੇ ਲੜੀ ਜਾਵੇਗੀ 2027 ਦੀ ਚੋਣ - ਭੁਪੇਸ਼ ਬਘੇਲ
ਨਵੀਂ ਦਿੱਲੀ/ਚੰਡੀਗੜ੍ਹ, 2 June 2026- ਆਗਾਮੀ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਅਤੇ ਜਥੇਬੰਦਕ ਮੁੱਦਿਆਂ ਨੂੰ ਲੈ ਕੇ ਦਿੱਲੀ ਵਿਖੇ ਕਾਂਗਰਸ ਹਾਈਕਮਾਂਡ ਦੀ ਇੱਕ ਬੇਹੱਦ ਅਹਿਮ ਅਤੇ ਵਿਸਥਾਰਤ ਮੀਟਿੰਗ ਹੋਈ। ਇਸ ਉੱਚ ਪੱਧਰੀ ਮੀਟਿੰਗ ਵਿੱਚ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਰਾਸ਼ਟਰੀ ਸੰਗਠਨ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਪੰਜਾਬ ਕਾਂਗਰਸ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ ਸਮੇਤ ਸੂਬੇ ਦੇ ਕਈ ਪ੍ਰਮੁੱਖ ਆਗੂਆਂ ਨੇ ਇਸ ਰਣਨੀਤਕ ਬੈਠਕ ਵਿੱਚ ਸ਼ਿਰਕਤ ਕੀਤੀ।
ਮੀਟਿੰਗ ਦੇ ਖ਼ਤਮ ਹੋਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਨੇ ਇੱਕ ਵੱਡਾ ਬਿਆਨ ਜਾਰੀ ਕਰਦਿਆਂ ਸੂਬਾ ਲੀਡਰਸ਼ਿਪ ਵਿੱਚ ਤਬਦੀਲੀ ਦੀਆਂ ਸਾਰੀਆਂ ਅਫ਼ਵਾਹਾਂ 'ਤੇ ਵਿਰਾਮ ਲਗਾ ਦਿੱਤਾ ਹੈ। ਬਘੇਲ ਨੇ ਸਪੱਸ਼ਟ ਕੀਤਾ ਕਿ ਪੰਜਾਬ ਕਾਂਗਰਸ ਦੀ ਮੌਜੂਦਾ ਲੀਡਰਸ਼ਿਪ 'ਚ ਫਿਲਹਾਲ ਕੋਈ ਵੀ ਬਦਲਾਅ ਨਹੀਂ ਕੀਤਾ ਜਾਵੇਗਾ ਅਤੇ ਮੌਜੂਦਾ ਟੀਮ ਹੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰਦੀ ਰਹੇਗੀ।
ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਭਵਿੱਖ ਦੀ ਰਣਨੀਤੀ ਬਾਰੇ ਖੁੱਲ੍ਹ ਕੇ ਚਰਚਾ ਹੋਈ। ਹਾਈਕਮਾਂਡ ਦੇ ਫੈਸਲੇ ਦੀ ਜਾਣਕਾਰੀ ਦਿੰਦਿਆਂ ਇੰਚਾਰਜ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਕਾਂਗਰਸ ਪੂਰੀ ਮਜ਼ਬੂਤੀ ਨਾਲ ਅੱਗੇ ਵਧੇਗੀ।
ਉਨ੍ਹਾਂ ਕਿਹਾ ਕਿ ਪਾਰਟੀ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਜਨ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੰਜਾਬ ਅੰਦਰ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਪੂਰੀ ਇਕਜੁੱਟਤਾ ਨਾਲ ਲੜੇਗੀ ਅਤੇ ਜਿੱਤ ਹਾਸਲ ਕਰੇਗੀ। ਪਾਰਟੀ ਸੂਤਰਾਂ ਮੁਤਾਬਕ ਹਾਈਕਮਾਂਡ ਨੇ ਪੰਜਾਬ ਦੇ ਸਾਰੇ ਸੀਨੀਅਰ ਆਗੂਆਂ ਨੂੰ ਆਪਸੀ ਮਤਭੇਦ ਭੁਲਾ ਕੇ ਜ਼ਮੀਨੀ ਪੱਧਰ 'ਤੇ ਵਰਕਰਾਂ ਨੂੰ ਲਾਮਬੰਦ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ।
- Download Babushahi App
-
-