Gurdaspur Breaking: ਹਸਪਤਾਲ 'ਚ ਜ਼ੋਰਦਾਰ ਧਮਾਕਾ, ਹਮਲਾ ਕਰਕੇ ਭੱਜੇ ਸ਼ੱਕੀ
ਕਲਾਨੌਰ ਦੇ ਪ੍ਰਾਈਵੇਟ ਹਸਪਤਾਲ ਦੇ ਐਮਰਜੈਂਸੀ ਵਾਰਡ ਨੂੰ ਬਣਾਇਆ ਨਿਸ਼ਾਨਾ; ਖ਼ੁਸ਼ਕਿਸਮਤੀ ਨਾਲ ਜਾਨੀ ਨੁਕਸਾਨ ਤੋਂ ਬਚਾਅ
ਹਸਪਤਾਲ ਦੇ ਮਾਲਕ ਡਾ. ਐੱਸ.ਪੀ. ਸਿੰਘ ਨੂੰ ਪਿਛਲੇ ਇੱਕ ਸਾਲ ਤੋਂ ਮਿਲ ਰਹੀਆਂ ਸਨ ਫਿਰੌਤੀ ਦੀਆਂ ਧਮਕੀਆਂ
SSP ਅਦਿਤਿਆ ਸਮੇਤ ਭਾਰੀ ਪੁਲਿਸ ਫੋਰਸ ਅਤੇ ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚੀ; ਸੀਸੀਟੀਵੀ (CCTV) 'ਚ ਕੈਦ ਹੋਇਆ ਸ਼ੱਕੀ ਹਮਲਾਵਰ
ਰੋਹਿਤ ਗੁਪਤਾ
ਗੁਰਦਾਸਪੁਰ/ਕਲਾਨੌਰ, 2 June 2026- ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਵਿੱਚ ਅੱਜ ਬਾਅਦ ਦੁਪਹਿਰ ਉਸ ਸਮੇਂ ਭਾਰੀ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਥੋਂ ਦੇ ਇੱਕ ਨਿੱਜੀ ਹਸਪਤਾਲ ਦੇ ਐਮਰਜੈਂਸੀ ਵਾਰਡ ਵਿੱਚ ਇੱਕ ਅਣਪਛਾਤੇ ਵਿਅਕਤੀ ਨੇ ਦਾਖ਼ਲ ਹੋ ਕੇ ਬੰਬ ਨੁਮਾ ਕੋਈ ਵਸਤੂ ਸੁੱਟ ਦਿੱਤੀ। ਵਸਤੂ ਸੁੱਟਣ ਤੋਂ ਤੁਰੰਤ ਬਾਅਦ ਉੱਥੇ ਇੱਕ ਬਹੁਤ ਹੀ ਜ਼ੋਰਦਾਰ ਧਮਾਕਾ ਹੋਇਆ। ਖ਼ੁਸ਼ਕਿਸਮਤੀ ਇਹ ਰਹੀ ਕਿ ਇਸ ਖ਼ੌਫਨਾਕ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਇੱਕ ਬਹੁਤ ਵੱਡਾ ਹਾਦਸਾ ਹੋਣੋਂ ਟਲ ਗਿਆ।
ਹਸਪਤਾਲ ਦੇ ਮਾਲਕ ਡਾ. ਐੱਸ.ਪੀ. ਸਿੰਘ ਮੁਤਾਬਕ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਇਸ ਦੀ ਗੂੰਜ ਪੂਰੇ ਹਸਪਤਾਲ ਅਤੇ ਆਸ-ਪਾਸ ਦੇ ਇਲਾਕੇ ਵਿੱਚ ਸਾਫ਼ ਸੁਣਾਈ ਦਿੱਤੀ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਅੰਦਰ ਦਾਖ਼ਲ ਹੋ ਕੇ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲਾ ਇੱਕ ਸ਼ੱਕੀ ਨੌਜਵਾਨ ਉੱਥੇ ਲੱਗੇ ਸੀਸੀਟੀਵੀ (CCTV) ਕੈਮਰੇ ਵਿੱਚ ਵੀ ਕੈਦ ਹੋ ਗਿਆ ਹੈ।

ਡਾ. ਐੱਸ.ਪੀ. ਸਿੰਘ ਨੇ ਇੱਕ ਵੱਡਾ ਖ਼ੁਲਾਸਾ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਬੀਤੇ ਇੱਕ ਸਾਲ ਤੋਂ ਲਗਾਤਾਰ ਫਿਰੌਤੀ (Extortion) ਦੇਣ ਦੀਆਂ ਧਮਕੀਆਂ ਮਿਲ ਰਹੀਆਂ ਹਨ। ਇਸ ਬਾਰੇ ਉਨ੍ਹਾਂ ਵੱਲੋਂ ਪਹਿਲਾਂ ਹੀ ਪੁਲਿਸ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿੱਚ ਸੂਚਿਤ ਕੀਤਾ ਗਿਆ ਸੀ। ਪੁਲਿਸ ਨੇ ਪਹਿਲਾਂ ਹਸਪਤਾਲ ਨੂੰ ਸੁਰੱਖਿਆ ਵੀ ਮੁਹੱਈਆ ਕਰਵਾਈ ਸੀ, ਪਰ ਬੀਤੇ ਕੁਝ ਮਹੀਨਿਆਂ ਤੋਂ ਉਹ ਸੁਰੱਖਿਆ ਹਟਾ ਲਈ ਗਈ ਸੀ, ਜਿਸ ਤੋਂ ਬਾਅਦ ਅੱਜ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।
ਘਟਨਾ ਦੀ ਸੂਚਨਾ ਮਿਲਦੇ ਸਾਰ ਹੀ ਐੱਸ.ਐੱਸ.ਪੀ. (SSP) ਗੁਰਦਾਸਪੁਰ ਅਦਿਤਿਆ ਆਪਣੀ ਪੁਲਿਸ ਫੋਰਸ ਸਮੇਤ ਤੁਰੰਤ ਹਸਪਤਾਲ ਪਹੁੰਚੇ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਐੱਸ.ਐੱਸ.ਪੀ. ਨੇ ਦੱਸਿਆ ਕਿ ਪੁਲਿਸ ਵੱਲੋਂ ਹਸਪਤਾਲ ਅਤੇ ਆਸ-ਪਾਸ ਦੇ ਪੂਰੇ ਖੇਤਰ ਨੂੰ ਸੀਲ ਕਰਕੇ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਧਮਾਕੇ ਵਾਲੀ ਥਾਂ ਤੋਂ ਸਬੂਤ ਇਕੱਠੇ ਕਰਨ ਲਈ ਫੋਰੈਂਸਿਕ ਟੀਮ (Forensic Team) ਨੂੰ ਵੀ ਮੌਕੇ 'ਤੇ ਸੱਦਿਆ ਗਿਆ ਹੈ।
ਪੁਲਿਸ ਮੁਖੀ ਨੇ ਦਾਅਵਾ ਕੀਤਾ ਕਿ ਮਾਮਲੇ ਦੀ ਜਾਂਚ ਵੱਖ-ਵੱਖ ਪਹਿਲੂਆਂ ਤੋਂ ਕੀਤੀ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਲਦ ਹੀ ਹਮਲਾਵਰ ਦੀ ਪਛਾਣ ਕਰਕੇ ਉਸ ਨੂੰ ਸਲਾਖਾਂ ਪਿੱਛੇ ਧੱਕ ਦਿੱਤਾ ਜਾਵੇਗਾ।
- Download Babushahi App
-
-