ਸੇਵਾ ਕੇਂਦਰ ਦੇ ਹੜਤਾਲੀ ਮੁਲਾਜ਼ਮਾਂ ਦੇ ਹੱਕ ਵਿੱਚ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਨੇ ਮਾਰਿਆ ਹੱਕ ਵਿੱਚ ਨਾਅਰਾ
ਹੜਤਾਲ ਅੱਠਵੇਂ ਦਿਨ ਵਿਚ ਸ਼ਾਮਿਲ
ਰੋਹਿਤ ਗੁਪਤਾ
ਗੁਰਦਾਸਪੁਰ 3 ਜੂਨ-ਸੇਵਾ ਕੇਂਦਰ ਮੁਲਾਜ਼ਮ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੀ ਹੜਤਾਲ ਅੱਜ ਅਠਵੇਂ ਦਿਨ ਵੀ ਜਾਰੀ ਰਹੀ ਅਤੇ ਸੇਵਾ ਕੇਂਦਰਾਂ ਦਾ ਕੰਮ ਕਾਜ ਠੱਪ ਕਰਕੇ ਪੰਜਾਬ ਸਰਕਾਰ ਦੇ ਖਿਲਾਫ ਪ੍ਰਦਰਸ਼ਨ ਕੀਤਾ। ਇਸ ਮੌਕੇਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਵੱਲੋਂ ਆਪਣੇ ਸਮਰਥਨ ਦਾ ਐਲਾਨ ਕੀਤਾ ਗਿਆ । ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਦੇ ਪ੍ਰਧਾਨ ਮੈਡਮ ਬਲਵਿੰਦਰ ਕੌਰ ਰਾਵਲਪਿੰਡੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਝੂਠੇ ਵਾਅਦੇ ਕੀਤੇ ਜਾ ਰਹੇ ਹਨ। ਜਦੋਂ ਕਿ ਸੇਵਾ ਕੇਂਦਰਾਂ ਵਿੱਚ ਕੰਮ ਕਰਦੇ ਕਰਮਚਾਰੀ ਪਿਛਲੇ ਲੰਮੇ ਸਮੇਂ ਤੋਂ ਬਹੁਤ ਹੀ ਘੱਟ ਵੇਤਨ ਤੇ ਕੰਮ ਕਰ ਰਹੇ ਹਨ ਅਤੇ ਉਹਨਾਂ ਦਾ ਵੱਡੀ ਪੱਧਰ ਤੇ ਸ਼ੋਸ਼ਣ ਹੋ ਰਿਹਾ ਹੈ। ਅੱਜ ਦੇ ਮਹਿੰਗਾਈ ਦੇ ਸਮੇਂ ਵਿੱਚ ਨਿਗੂਣੀਆਂ ਤਨਖਾਹਾਂ ਨਾਲ ਘਰਾਂ ਦਾ ਗੁਜ਼ਾਰਾ ਕਰਨਾ ਬਹੁਤ ਹੀ ਮੁਸ਼ਕਿਲ ਹੈ। ਇੱਕ ਪਾਸੇ ਪੰਜਾਬ ਸਰਕਾਰ ਠੇਕੇਦਾਰੀ ਸਿਸਟਮ ਨੂੰ ਖਤਮ ਕਰਨ ਦਾ ਦਾਅਵਾ ਕਰਦੀ ਹੈ ਪਰ ਹਕੀਕਤ ਵਿੱਚ ਇਸ ਪ੍ਰਥਾ ਨੂੰ ਹੋਰ ਮਜ਼ਬੂਤ ਕਰਨ ਹਿੱਤ ਕਾਰਪੋਰੇਟ ਪੱਖੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਸੇਵਾ ਕੇਂਦਰ ਦੇ ਕਰਮਚਾਰੀਆਂ ਦੀ ਹੜਤਾਲ ਕਾਰਨ ਪੰਜਾਬ ਦਾ ਸਮੁੱਚਾ ਦਫ਼ਤਰੀ ਸਿਸਟਮ ਠੱਪ ਹੋ ਕੇ ਰਹਿ ਗਿਆ ਹੈ। ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਗੁਰਦਾਸਪੁਰ ਇਹਨਾਂ ਦੀਆਂ ਹੱਕੀ ਮੰਗਾਂ ਦਾ ਸਮੱਰਥਨ ਕਰਦਿਆਂ ਤੁਰੰਤ ਮੰਨਣ ਦੀ ਚੇਤਾਵਨੀ ਦਿੰਦੀ ਹੈ। ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰੈਸ ਸਕੱਤਰ ਅਮਰਜੀਤ ਸ਼ਾਸਤਰੀ ਨੇ ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਠੇਕੇਦਾਰੀ ਪ੍ਰਥਾ ਮਿਹਨਤਕਸ਼ ਜਨਤਾ ਦੇ ਹਿੱਤਾਂ ਦੇ ਵਿਰੁੱਧ ਹੈ ਇਸ ਨੂੰ ਤੁਰੰਤ ਬੰਦ ਕਰ ਕੇ ਸੇਵਾ ਕੇਂਦਰ ਦੇ ਕਰਮਚਾਰੀਆਂ ਨੂੰ ਵਿਭਾਗ ਵਿੱਚ ਪੱਕੇ ਤੌਰ ਤੇ ਭਰਤੀ ਕਰਨਾ ਚਾਹੀਦਾ ਹੈ।ਇਸ ਮੌਕੇ ਸੁਖਦੇਵ ਬਹਿਰਾਮਪੁਰ, ਜੋਗਿੰਦਰ ਪਾਲ ਘੁਰਾਲਾ ਇਫਟੂ ਦੇ ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਮੁਲਾਜ਼ਮਾਂ ਦੀਆਂ ਮੰਗਾਂ ਬਿਲਕੁਲ ਵਾਜਬ ਹਨ ਅਤੇ ਇਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਵਿਚਾਰਨਾ ਚਾਹੀਦਾ ਹੈ। ਇਫਟੂ ਆਗੂਆਂ ਹੜਤਾਲੀ ਮੁਲਾਜ਼ਮਾਂ ਨੂੰ ਪੂਰਨ ਸਹਿਯੋਗ ਕਰਨ ਦਾ ਭਰੋਸਾ ਦਿੱਤਾ।
- Download Babushahi App
-
-