ਕੈਪਟਨ ਦੀ ਨਾਰਾਜ਼ਗੀ ਦੀਆਂ ਖ਼ਬਰਾਂ 'ਤੇ CM ਨਾਇਬ ਸੈਣੀ ਦਾ ਵੱਡਾ ਬਿਆਨ, ਬੋਲੇ- 'ਕੈਪਟਨ ਸਾਡੇ ਪਰਿਵਾਰ ਦੇ ਮੈਂਬਰ, ਪੰਜਾਬ 'ਚ ਬਣਾਵਾਂਗੇ BJP ਦੀ ਸਰਕਾਰ'
Babushahi Network
ਚੰਡੀਗੜ੍ਹ, 7 ਜੂਨ 2026: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਦੌਰਾਨ ਸਿਆਸੀ ਹਲਕਿਆਂ ਵਿੱਚੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਪਿਛਲੇ ਕਈ ਦਿਨਾਂ ਤੋਂ ਚੱਲ ਰਹੀਆਂ ਉਨ੍ਹਾਂ ਚਰਚਾਵਾਂ 'ਤੇ ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੂਰੀ ਤਰ੍ਹਾਂ ਵਿਰਾਮ ਲਗਾ ਦਿੱਤਾ ਹੈ, ਜਿਨ੍ਹਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਤੋਂ ਨਾਰਾਜ਼ ਚੱਲ ਰਹੇ ਹਨ ਅਤੇ ਮੁੜ ਕਾਂਗਰਸ ਵਿੱਚ ਵਾਪਸੀ ਕਰ ਸਕਦੇ ਹਨ। CM ਸੈਣੀ ਨੇ ਇਨ੍ਹਾਂ ਸਾਰੀਆਂ ਖ਼ਬਰਾਂ ਦਾ ਜ਼ੋਰਦਾਰ ਖੰਡਨ ਕਰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਾਡੇ ਪਰਿਵਾਰ ਦੇ ਸੀਨੀਅਰ ਮੈਂਬਰ ਹਨ।
ਪੰਜਾਬ ਪਹੁੰਚੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਵਿਰੋਧੀ ਪਾਰਟੀ ਕਾਂਗਰਸ 'ਤੇ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਵਿੱਚ ਕੋਈ ਸੱਚਾਈ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਭਾਜਪਾ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਸਾਰੇ ਮਿਲ ਕੇ ਪੰਜਾਬ ਦੇ ਵਿੱਚ ਭਾਰਤੀ ਜਨਤਾ ਪਾਰਟੀ (BJP) ਦੀ ਮਜ਼ਬੂਤ ਸਰਕਾਰ ਬਣਾਵਾਂਗੇ।
CM ਨਾਇਬ ਸਿੰਘ ਸੈਣੀ ਨੇ ਪੰਜਾਬ ਦੀ ਸਿਆਸੀ ਫ਼ਿਜ਼ਾ ਦਾ ਜ਼ਿਕਰ ਕਰਦਿਆਂ ਵੱਡਾ ਦਾਅਵਾ ਠੋਕਿਆ ਕਿ ਇਸ ਵੇਲੇ ਪੰਜਾਬ ਦੀ ਜਨਤਾ ਦਾ ਮੂਡ ਪੂਰੀ ਤਰ੍ਹਾਂ ਭਾਜਪਾ ਦੇ ਹੱਕ ਵਿੱਚ ਹੈ। ਲੋਕ ਵਿਕਾਸ ਦੀ ਰਾਜਨੀਤੀ ਚਾਹੁੰਦੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਵਿੱਚ ਭਾਜਪਾ ਪੂਰੇ ਬਹੁਮਤ ਨਾਲ ਆਵੇਗੀ ਅਤੇ ਸੂਬੇ ਵਿੱਚ 'ਡਬਲ ਇੰਜਣ' ਦੀ ਸਰਕਾਰ ਬਣਾ ਕੇ ਵਿਕਾਸ ਕਾਰਜਾਂ ਨੂੰ ਨਵੀਂ ਰਫ਼ਤਾਰ ਦਿੱਤੀ ਜਾਵੇਗੀ।
- Download Babushahi App
-
-