CM ਸਿਹਤ ਯੋਜਨਾ ਤਹਿਤ ਇਲਾਜ ਕਰਵਾਉਣ ਵਿੱਚ ਜ਼ਿਲ੍ਹਾ ਬਠਿੰਡਾ ਪੰਜਾਬ ਵਿੱਚ ਮੋਹਰੀ
ਅਸ਼ੋਕ ਵਰਮਾ
ਬਠਿੰਡਾ, 8 ਜੂਨ 2026 : ਪੰਜਾਬ ਸਰਕਾਰ ਦੀ ਲੋਕ ਭਲਾਈ ਯੋਜਨਾ "ਮੁੱਖ ਮੰਤਰੀ ਸਿਹਤ ਯੋਜਨਾ" ਤਹਿਤ ਜ਼ਿਲ੍ਹਾ ਬਠਿੰਡਾ ਵੱਲੋਂ ਸ਼ਾਨਦਾਰ ਕਾਰਗੁਜ਼ਾਰੀ ਕਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਗਿਆ ਹੈ । ਜ਼ਿਲ੍ਹੇ ਦੇ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿੱਚ ਨਾ ਸਿਰਫ਼ ਬਠਿੰਡਾ ਬਲਕਿ ਹੋਰਨਾਂ ਜ਼ਿਲ੍ਹਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕ ਇਲਾਜ ਕਰਵਾਉਣ ਲਈ ਪਹੁੰਚ ਰਹੇ ਹਨ।ਸਿਵਲ ਸਰਜਨ ਡਾ. ਤਪਿੰਦਰਜੋਤ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਯੋਗ ਲਾਭਪਾਤਰੀਆਂ ਨੂੰ ਗੁਣਵੱਤਾ ਭਰਪੂਰ ਅਤੇ ਨਕਦੀ ਰਹਿਤ ਇਲਾਜ ਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਯੋਜਨਾ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਵੱਧ ਤੋਂ ਵੱਧ ਲਾਭਪਾਤਰੀਆਂ ਨੂੰ ਇਸ ਨਾਲ ਜੋੜਿਆ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦੇ ਸਿਹਤ ਅਦਾਰਿਆਂ ਵਿੱਚ ਮਾਹਿਰ ਡਾਕਟਰਾਂ, ਆਧੁਨਿਕ ਮੈਡੀਕਲ ਸਹੂਲਤਾਂ ਅਤੇ ਮਰੀਜ਼ਾਂ ਨੂੰ ਸਮੇਂ ਸਿਰ ਦਿੱਤੀਆਂ ਜਾ ਰਹੀਆਂ ਸੇਵਾਵਾਂ ਕਾਰਨ ਹੋਰ ਜ਼ਿਲ੍ਹਿਆਂ ਦੇ ਲੋਕ ਵੀ ਆਪਣਾ ਇਲਾਜ ਕਰਵਾਉਣ ਲਈ ਇੱਥੇ ਆ ਰਹੇ ਹਨ। ਇਹ ਜ਼ਿਲ੍ਹੇ ਦੇ ਸਿਹਤ ਸੇਵਾਵਾਂ ਪ੍ਰਤੀ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ।
ਉਹਨਾਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹਾ ਬਠਿੰਡਾ ਵੱਲੋਂ ਪੰਜਾਬ ਵਿੱਚ ਮੋਹਰੀ ਸਥਾਨ ਹਾਸਲ ਕਰਨਾ ਸਮੂਹ ਸਿਹਤ ਵਿਭਾਗ ਲਈ ਮਾਣ ਵਾਲੀ ਗੱਲ ਹੈ। ਉਹਨਾਂ ਇਸ ਮੌਕੇ ਮਾਸ ਮੀਡੀਆ ਵਿੰਗ ਨਾਲ ਮੀਟਿੰਗ ਕਰਦਿਆ ਕਿਹਾ ਕਿ ਇਸ ਉਪਲਬਧੀ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਮਾਸ ਮੀਡੀਆ ਵਿੰਗ ਦਾ ਅਹਿਮ ਯੋਗਦਾਨ ਰਿਹਾ ਹੈ ਉਹਨਾਂ ਇਸ ਉਪਲਬਧੀ ਲਈ ਸਮੂਹ ਮੈਡੀਕਲ , ਪੈਰਾਮੈਡੀਕਲ ਸਟਾਫ਼ ਅਤੇ ਆਸ਼ਾ ਵਰਕਰ ਨੂੰ ਵਧਾਈ ਦਿੱਤੀ । ਉਨ੍ਹਾਂ ਦੀ ਮਿਹਨਤ, ਲਗਨ ਅਤੇ ਟੀਮ ਭਾਵਨਾ ਸਦਕਾ ਹੀ ਬਠਿੰਡਾ ਦੇ ਨਾਲ-ਨਾਲ ਹੋਰਨਾਂ ਜ਼ਿਲ੍ਹਿਆਂ ਦੇ ਲੋਕ ਵੀ ਇੱਥੇ ਆ ਕੇ ਸਿਹਤ ਸੇਵਾਵਾਂ ਦਾ ਲਾਭ ਲੈ ਰਹੇ ਹਨ। ਸਾਡਾ ਉਦੇਸ਼ ਹਰ ਲੋੜਵੰਦ ਮਰੀਜ਼ ਨੂੰ ਸਮੇਂ ਸਿਰ, ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਹੈ । ਮੈਂ ਸਮੂਹ ਸਿਹਤ ਅਮਲੇ ਨੂੰ ਅਪੀਲ ਕਰਦਾ ਹਾਂ ਕਿ ਉਹ ਇਸੇ ਤਰ੍ਹਾਂ ਮਿਹਨਤ ਅਤੇ ਸਮਰਪਣ ਨਾਲ ਕੰਮ ਕਰਦੇ ਹੋਏ ਲੋਕਾਂ ਨੂੰ ਹੋਰ ਜਾਗਰੂਕ ਕਰਨ ਅਤੇ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਤਾਂ ਜੋ ਜ਼ਿਲ੍ਹਾ ਬਠਿੰਡਾ ਭਵਿੱਖ ਵਿੱਚ ਵੀ ਆਪਣੀ ਮੋਹਰੀ ਸਥਿਤੀ ਬਰਕਰਾਰ ਰੱਖ ਸਕੇ।"
- Download Babushahi App
-
-