ਆਪ੍ਰੇਸ਼ਨ ਬਲੂ ਸਟਾਰ 'ਤੇ ਮਹਾਰਾਸ਼ਟਰ ਦੇ ਮੰਤਰੀ ਦੇ ਬਿਆਨ ਨੂੰ ਲੈ ਕੇ ਛਿੜੀ ਸਿਆਸਤ! 'ਹਮਲਾ' ਤੇ 'ਬਲਿਦਾਨੀ' ਸ਼ਬਦ ਵਰਤਣ 'ਤੇ ਭਾਜਪਾ ਆਗੂਆਂ ਹੀ ਜਤਾਇਆ ਸਖ਼ਤ ਇਤਰਾਜ਼
ਸਾਬਕਾ ਮੰਤਰੀ ਲਕਸ਼ਮੀਕਾਂਤਾ ਚਾਵਲਾ ਨੇ ਜਤਾਇਆ ਸਖ਼ਤ ਇਤਰਾਜ਼; ਹਾਈਕਮਾਂਡ ਨੂੰ ਪੱਤਰ ਲਿਖ ਕੇ ਸਟੈਂਡ ਸਪੱਸ਼ਟ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ, 10 ਜੂਨ 2026-
ਮਹਾਰਾਸ਼ਟਰ ਦੇ ਜਲ ਸਰੋਤ ਮੰਤਰੀ ਗਿਰੀਸ਼ ਮਹਾਜਨ ਵੱਲੋਂ ਆਪ੍ਰੇਸ਼ਨ ਬਲੂ ਸਟਾਰ ਨੂੰ ‘ਫੌਜੀ ਹਮਲਾ’ ਕਰਾਰ ਦੇਣ ਅਤੇ ਇਸ ਦੌਰਾਨ ਮਾਰੇ ਗਏ ਲੋਕਾਂ ਨੂੰ ‘ਬਲਿਦਾਨੀ’ ਦੱਸਣ ਤੋਂ ਬਾਅਦ ਸਿਆਸੀ ਗਲਿਆਰਿਆਂ ਵਿੱਚ ਇੱਕ ਨਵੀਂ ਚਰਚਾ ਛਿੜ ਗਈ ਹੈ। ਭਾਜਪਾ ਦੇ ਸੀਨੀਅਰ ਆਗੂ ਦੇ ਇਸ ਬਿਆਨ ਤੋਂ ਬਾਅਦ ਪੰਜਾਬ ਭਾਜਪਾ ਦੇ ਜ਼ਿਆਦਾਤਰ ਆਗੂਆਂ ਨੇ ਇਸ ਸੰਵੇਦਨਸ਼ੀਲ ਮਾਮਲੇ ’ਤੇ ਕੋਈ ਵੀ ਟਿੱਪਣੀ ਕਰਨ ਤੋਂ ਪੂਰੀ ਤਰ੍ਹਾਂ ਪਰਹੇਜ਼ ਕੀਤਾ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮਹਿਤਾ ਸਥਿਤ ਦਮਦਮੀ ਟਕਸਾਲ ਵੱਲੋਂ ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇ ਓ.ਐੱਸ.ਡੀ. (OSD) ਡਾ. ਰਮੇਸ਼ਵਰ ਨਾਇਕ ਨਾਲ ਗਿਰੀਸ਼ ਮਹਾਜਨ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਣ ਪਹੁੰਚੇ ਸਨ। ਸਮਾਗਮ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਮਹਾਜਨ ਨੇ ਕਿਹਾ ਕਿ 6 ਜੂਨ 1984 ਦਾ ਦਿਨ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਉਸ ਸਮੇਂ ਪਵਿੱਤਰ ਧਾਰਮਿਕ ਸਥਾਨ ’ਤੇ ਫੌਜੀ ਹਮਲਾ ਕਰਵਾਇਆ ਗਿਆ ਸੀ, ਜਿਸ ਵਿੱਚ ਹਜ਼ਾਰਾਂ ਬੇਕਸੂਰ ਲੋਕਾਂ ਨੇ ਆਪਣੀਆਂ ਜਾਨਾਂ ਗੁਆਈਆਂ ਸਨ।
ਗਿਰੀਸ਼ ਮਹਾਜਨ ਦੇ ਇਸ ਬਿਆਨ ਨੇ ਪੰਜਾਬ ਭਾਜਪਾ ਲੀਡਰਸ਼ਿਪ ਨੂੰ ਅਸਹਿਜ ਕਰ ਦਿੱਤਾ ਹੈ। ਜਦੋਂ ਇਸ ਬਾਰੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਅਤੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨਾਲ ਸੰਪਰਕ ਕੀਤਾ ਗਿਆ, ਤਾਂ ਉਨ੍ਹਾਂ ਨੇ ਇਸ ਬਿਆਨ ਬਾਰੇ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਹੋਣ ਤੋਂ ਸਾਫ਼ ਇਨਕਾਰ ਕਰ ਦਿੱਤਾ ਅਤੇ ਕੋਈ ਟਿੱਪਣੀ ਨਹੀਂ ਕੀਤੀ।
ਦੂਜੇ ਪਾਸੇ, ਭਾਜਪਾ ਦੀ ਸੀਨੀਅਰ ਆਗੂ ਅਤੇ ਪੰਜਾਬ ਦੀ ਸਾਬਕਾ ਕੈਬਨਿਟ ਮੰਤਰੀ ਪ੍ਰੋ. ਲਕਸ਼ਮੀਕਾਂਤਾ ਚਾਵਲਾ ਨੇ ਇਸ ਬਿਆਨ ’ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਇੱਕ ਪੱਤਰ ਲਿਖਿਆ ਹੈ। ਚਾਵਲਾ ਨੇ ਮੰਗ ਕੀਤੀ ਹੈ ਕਿ ਪਾਰਟੀ ਹਾਈਕਮਾਂਡ ਇਸ ਬਿਆਨ ਦਾ ਨੋਟਿਸ ਲਵੇ ਅਤੇ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਪਾਰਟੀ ਦਾ ਅਧਿਕਾਰਤ ਸਟੈਂਡ ਪੂਰੀ ਤਰ੍ਹਾਂ ਸਪੱਸ਼ਟ ਕਰੇ।
ਮਹਾਜਨ ਦੇ ਇਸ ਬਿਆਨ ਅਤੇ ਪਾਰਟੀ ਦੇ ਅੰਦਰੋਂ ਹੀ ਉੱਠ ਰਹੇ ਵਿਰੋਧ ਕਾਰਨ ਆਉਣ ਵਾਲੇ ਦਿਨਾਂ ਵਿੱਚ ਭਾਜਪਾ ਲਈ ਇਸ ਮੁੱਦੇ 'ਤੇ ਸਥਿਤੀ ਸਪੱਸ਼ਟ ਕਰਨਾ ਇੱਕ ਵੱਡੀ ਚੁਣੌਤੀ ਬਣ ਸਕਦਾ ਹੈ।
- Download Babushahi App
-
-