'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ "ਨਸ਼ਾ ਮੁਕਤੀ" ਈ ਰਿਕਸ਼ਾ ਰਵਾਨਾ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ/ਗੁਰਦਾਸਪੁਰ, 16 ਜੂਨ
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਡੇਰਾ ਬਾਬਾ ਨਾਨਕ ਤੋਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ "ਨਸ਼ਾ ਮੁਕਤੀ" ਈ ਰਿਕਸ਼ਾ ਰਵਾਨਾ ਕੀਤੇ ਗਏ।
ਇਸ ਮੌਕੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਦੇ ਸਪੁੱਤਰ ਮਨਰੂਪ ਸਿੰਘ ਰੰਧਾਵਾ ਨੇ ਨਸ਼ਾ ਮੁਕਤੀ ਮੋਰਚਾ ਟੀਮ ਦੇ ਨਾਲ ਮਿਲ ਕੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਲੋਕਾਂ ਨੂੰ ਜਾਗਰੂਕ ਕਰਨ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਆਓ ਸਾਰੇ ਮਿਲ ਕੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਅਤੇ ਤੰਦਰੁਸਤ ਪੰਜਾਬ ਦੀ ਉਸਾਰੀ ਲਈ ਆਪਣਾ ਯੋਗਦਾਨ ਪਾਈਏ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਮੰਤਵ ਨਾਲ ਨਸ਼ਾ ਮੁਕਤੀ ਈ ਰਿਕਸ਼ਾ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਮੁਕੰਮਲ ਤੌਰ 'ਤੇ ਖਤਮ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਗਿਆ ਹੈ। ਜਿਸ ਤਹਿਤ ਪੰਜਾਬ ਸਰਕਾਰ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਇਲਾਵਾ ਨਸ਼ੇ ਦੇ ਜਾਲ ਵਿੱਚ ਫਸੇ ਵਿਅਕਤੀਆਂ ਦਾ ਨਸ਼ਾ ਛੱਡਣ ਲਈ ਇਲਾਜ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਚਲਾਏ ਗਏ ਨਸ਼ਾ ਮੁਕਤੀ ਈ ਰਿਕਸ਼ਾ ਦਾ ਮੁੱਖ ਮੰਤਵ ਪਿੰਡਾਂ ਵਿੱਚ ਸ਼ਰਾਰਤੀ ਅਨਸਰਾਂ ਤੇ ਨਸ਼ਾ ਤਸਕਰਾਂ ਨੂੰ ਠੱਲ ਪਾਉਣਾ ਹੈ। ਪਿੰਡਾਂ ਦੇ ਲੋਕ ਬੇਫਿਕਰ ਹੋ ਕੇ ਇਹ ਰਿਕਸ਼ਾ ਵਿੱਚ ਲੱਗੇ ਸ਼ਿਕਾਇਤ ਬੋਕਸ ਵਿੱਚ ਆਪਣੀ ਸ਼ਿਕਾਇਤ ਪਾਉਣ ਤਾਂ ਜੋ ਸ਼ਰਾਰਤੀ ਅਨਸਰਾਂ ਵਿਰੁੱਧ ਕਾਰਵਾਈ ਹੋ ਸਕੇ।
ਉਹਨਾਂ ਕਿਹਾ ਕਿ ਨਸ਼ਾ ਮੁਕਤੀ ਦੀ ਸਮੁੱਚੀ ਟੀਮ ਇਸ ਮੁਹਿੰਮ ਦੇ ਨਾਲ ਜੁੜੀ ਹੋਈ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਲੋਕ ਸਹਿਯੋਗ ਕਰਨ ਤਾਂ ਜੋ ਨਸ਼ਿਆਂ ਨੂੰ ਮੁਕੰਮਲ ਤੌਰ ਤੇ ਠੱਲ ਪਾਈ ਜਾ ਸਕੇ।
- Download Babushahi App
-
-