ਨਸ਼ਿਆਂ ਦੀ ਰੋਕਥਾਮ ਲਈ ਐਨ.ਸੀ.ਓ.ਆਰ.ਡੀ. ਕਮੇਟੀ ਦੀ ਹੋਈ ਮੀਟਿੰਗ
---ਹਿਮਾਂਸ਼ੂ ਜੈਨ ਨੇ ਲੁਧਿਆਣਾ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਦਿੱਤੇ ਆਦੇਸ਼
---ਡਿਪਟੀ ਕਮਿਸ਼ਨਰ ਨੇ ਨਸ਼ਿਆਂ ਦੇ ਖਾਤਮੇ ਲਈ ਪੁਲਿਸ ਵਿਭਾਗ ਨੂੰ ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਅਤੇ ਫਲੈਗ ਮਾਰਚ ਕਰਨ ਦੇ ਦਿੱਤੇ ਹੁਕਮ
---ਨਸ਼ਿਆਂ ਖ਼ਿਲਾਫ਼ ਜਨਤਕ ਲਾਮਬੰਦੀ ਹੀ ਮੁਕੰਮਲ ਖਾਤਮੇ ਦਾ ਰਾਹ: ਹਿਮਾਂਸ਼ੂ ਜੈਨ
---ਲੋਕ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਹੈਲਪ ਲਾਈਨ ਨੰਬਰ 9779100200 ਦੀ ਵਰਤੋਂ ਕਰਨ - ਡਿਪਟੀ ਕਮਿਸ਼ਨਰ
ਸੁਖਮਿੰਦਰ ਭੰਗੂ
ਲੁਧਿਆਣਾ, 19 ਜੂਨ 2026
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਸ਼ੁਰੂ ਕੀਤੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਅੱਜ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵਲੋਂ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਆਫ਼ ਮੈਕਨੀਜ਼ਮ ਅਧੀਨ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਲੁਧਿਆਣਾ ਜ਼ਿਲ੍ਹੇ ਵਿੱਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚੁੱਕੇ ਗਏ ਕਦਮਾਂ ਦੀ ਸਮੀਖਿਆ ਕੀਤੀ ਗਈ।
ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਜਸ਼ਨਪ੍ਰੀਤ ਕੌਰ ਗਿੱਲ, ਵਧੀਕ ਡਿਪਟੀ ਕਮਿਸ਼ਨਰ ਜਗਰਾਉਂ ਮਨਜੀਤ ਸਿੰਘ ਚੀਮਾ, ਸਹਾਇਕ ਕਮਿਸ਼ਨਰ ਜਨਰਲ ਪਾਇਲ ਗੋਇਲ, ਨਗਰ ਨਿਗਮ ਦੇ ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਵਿਨੀਤ ਕੁਮਾਰ, ਏ.ਸੀ.ਪੀ ਲੁਧਿਆਣਾ ਹਰਸ਼ਪ੍ਰੀਤ ਸਿੰਘ, ਡੀ.ਐਸ.ਪੀ ਖੰਨਾ ਕਰਮਜੀਤ ਗਰੇਵਾਲ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੀ ਜਾ ਰਹੀ ਕਾਰਵਾਈ ਦੀ ਸਮੀਖਿਆ ਕਰਦਿਆਂ ਸਮੂਹ ਭਾਗੀਦਾਰ ਵਿਭਾਗਾਂ ਨੂੰ ਨਸ਼ਿਆਂ ਖਿਲਾਫ਼ ਜਾਗਰੂਕਤਾ ਗਤੀਵਿਧੀਆਂ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖ਼ਿਲਾਫ਼ ਜਾਗਰੂਕਤਾ, ਨਸ਼ਾ ਛੁਡਾਊ ਕੇਂਦਰਾਂ ਤੇ ਪੁਨਰ ਵਸੇਬਾ ਕੇਂਦਰਾਂ 'ਚ ਆਉਂਦੇ ਨਸ਼ਾ ਪੀੜਤਾਂ ਨੂੰ ਇਸ ਬੁਰਾਈ ਤੋਂ ਦ੍ਰਿੜ੍ਹਤਾ ਨਾਲ ਛੁਟਕਾਰਾ ਦਿਵਾਉਣ, ਉਨ੍ਹਾਂ ਦੀ ਉਚਿਤ ਕੌਂਸਲਿੰਗ ਆਦਿ ਜਿਹੇ ਤਰੀਕਿਆਂ 'ਤੇ ਵੀ ਜ਼ੋਰ ਦੇਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਵੇ ਤਾਂ ਜੋ ਲੁਧਿਆਣਾ ਜ਼ਿਲ੍ਹੇ ਵਿੱਚੋਂ ਮੁਕੰਮਲ ਤੌਰ 'ਤੇ ਨਸ਼ਿਆਂ ਦਾ ਖਾਤਮਾ ਕੀਤਾ ਜਾ ਸਕੇ।
ਹਿਮਾਂਸ਼ੂ ਜੈਨ ਨੇ ਖੇਡ, ਸਿੱਖਿਆ ਅਤੇ ਸਿਹਤ ਵਿਭਾਗਾਂ ਨੂੰ ਨਸ਼ਾ ਵਿਰੋਧੀ ਮੁਹਿੰਮ 'ਚ ਮੋਹਰੀ ਰੋਲ ਅਦਾ ਕਰਨ ਲਈ ਕਿਹਾ। ਇਹ ਵਿਭਾਗ ਜਮੀਨੀ ਪੱਧਰ 'ਤੇ ਨਸ਼ਿਆ ਦੀ ਹਰ ਗਤੀਵਿਧੀ ਨੂੰ ਰੋਕਣ ਦੇ ਸਮਰੱਥ ਹਨ। ਉਨ੍ਹਾਂ ਇਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਸਕੂਲਾਂ/ਕਾਲਜਾਂ ਵਿੱਚ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਹਰ ਸੰਭਵ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਹੋਰ ਕਿਹਾ ਕਿ ਨਸ਼ਾ ਪੀੜਤਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਸਾਡੀ ਤਰਜੀਹ ਹੈ। ਇਸ ਲਈ ਸਾਨੂੰ ਸਾਰਿਆਂ ਨੂੰ ਸਾਰਥਕ ਉਪਰਾਲੇ ਕਰਨੇ ਚਾਹੀਦੇ ਹਨ ।
ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਡਿਪਟੀ ਕਮਿਸ਼ਨਰ ਨੇ ਸਿਹਤ ਤੇ ਪੁਲਿਸ ਵਿਭਾਗ ਨੂੰ ਬਿਹਤਰ ਤਾਲਮੇਲ ਨਾਲ ਕੰਮ ਕਰਨ ਲਈ ਵੀ ਕਿਹਾ। ਉਨ੍ਹਾਂ ਪੁਲਿਸ ਵਿਭਾਗ ਨੂੰ ਨਸ਼ਿਆਂ ਖਿਲਾਫ਼ ਚੌਕਸੀ ਹੋਰ ਵਧਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਨਸ਼ਿਆਂ ਪੱਖੋਂ ਸੰਵੇਦਨਸ਼ੀਲ ਥਾਵਾਂ 'ਤੇ ਲਗਾਤਾਰ ਨਜ਼ਰ ਰੱਖੀ ਜਾਵੇ ਅਤੇ ਫਲੈਗ ਮਾਰਚ ਕੀਤੇ ਜਾਣ।
ਉਹਨਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਨਸ਼ਿਆਂ ਨਾਲ ਸਬੰਧਤ ਕੋਈ ਵੀ ਸੂਚਨਾ ਸਾਂਝੀ ਕਰਨ ਲਈ ਜਾਂ ਜਾਣਕਾਰੀ ਲੈਣ ਲਈ ਹੈਲਪ ਲਾਈਨ ਨੰਬਰ 9779100200 ਦੀ ਵਰਤੋਂ ਕਰ ਸਕਦੇ ਹਨ। ਇਸ ਨੰਬਰ ਉੱਤੇ ਫੋਨ ਕਰਨ ਵਾਲੇ ਦੀ ਹਰ ਤਰ੍ਹਾਂ ਦੀ ਪਛਾਣ ਗੁਪਤ ਰੱਖੀ ਜਾਂਦੀ ਹੈ।
- Download Babushahi App
-
-