ਕਪੂਰਥਲਾ : Lady ਦੇ ਨਸ਼ਾ ਕਰਦੇ ਹੋਏ ਵੀਡੀਓ ਵਾਇਰਲ ਹੋਣ ਮਗਰੋਂ ਹਰਕਤ ਵਿੱਚ ਆਈ ਪੁਲਿਸ, ਬੱਸ ਸਟੈਂਡ ਤੋਂ 3 ਵਿਅਕਤੀ ਕਾਬੂ
ਵਾਇਰਲ ਵੀਡੀਓ ਵਿੱਚ ਦਿਖਾਈ ਦਿੱਤੇ ਵਿਅਕਤੀਆਂ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ, ਨਸ਼ਾ ਛੁਡਾਊ ਕੇਂਦਰ ਭੇਜੇ; ਮਹਿਲਾ ਦੀ ਭਾਲ ਜਾਰੀ
ਬਾਬੂਸ਼ਾਹੀ ਬਿਊਰੋ
ਸੁਲਤਾਨਪੁਰ ਲੋਧੀ, 19 June 2026: ਸੋਸ਼ਲ ਮੀਡੀਆ 'ਤੇ ਕਥਿਤ ਤੌਰ 'ਤੇ ਨਸ਼ਾ ਕਰਦੇ ਹੋਏ ਇੱਕ ਔਰਤ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹਰਕਤ ਵਿੱਚ ਆ ਗਈ ਹੈ। ਪੁਲਿਸ ਵੱਲੋਂ ਬੱਸ ਸਟੈਂਡ ਇਲਾਕੇ ਵਿੱਚ ਕਾਰਵਾਈ ਕਰਦਿਆਂ ਵਾਇਰਲ ਵੀਡੀਓ ਵਿੱਚ ਦਿਖਾਈ ਦੇ ਰਹੇ ਤਿੰਨ ਵਿਅਕਤੀਆਂ ਖ਼ਿਲਾਫ਼ ਧਾਰਾ 27-61-85 ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪੁਲਿਸ ਵੱਲੋਂ ਜੁਗਰਾਜ ਸਿੰਘ ਉਰਫ਼ ਬਿੱਲਾ ਪੁੱਤਰ ਜੁਗਿੰਦਰ ਸਿੰਘ ਵਾਸੀ ਸ਼ਾਮੇਵਾਲੀ ਪਿੰਡ ਜੋਗੇਵਾਲ, ਥਾਣਾ ਮੱਖੂ ਜ਼ਿਲ੍ਹਾ ਫਿਰੋਜ਼ਪੁਰ, ਰੰਗਾ ਸਿੰਘ ਪੁੱਤਰ ਜੀਤ ਸਿੰਘ ਵਾਸੀ ਚੂਹੜਪੁਰ, ਥਾਣਾ ਕਬੀਰਪੁਰ ਅਤੇ ਮੁਸਤਾਖ ਪੁੱਤਰ ਰਮਜ਼ਾਨ ਮੁਹੰਮਦ ਵਾਸੀ ਕੰਦੋਲਾ ਖੁਰਦ, ਥਾਣਾ ਬਿਲਗਾ ਨੂੰ ਕਾਬੂ ਕੀਤਾ ਗਿਆ। ਪੁਲਿਸ ਨੇ ਤਿੰਨਾਂ ਨੂੰ ਨਸ਼ਾ ਛੁਡਾਊ ਕੇਂਦਰ ਵਿੱਚ ਭਰਤੀ ਕਰਵਾ ਦਿੱਤਾ ਹੈ।
ਡੀਐਸਪੀ ਨੇ ਦੱਸਿਆ ਕਿ ਵਾਇਰਲ ਵੀਡੀਓ ਦੇ ਆਧਾਰ 'ਤੇ ਮਾਮਲਾ ਦਰਜ ਕਰਕੇ ਲੋੜੀਂਦੀ ਕਾਰਵਾਈ ਕੀਤੀ ਗਈ ਹੈ ਅਤੇ ਤਿੰਨਾਂ ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰ ਭੇਜ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵੀਡੀਓ ਵਿੱਚ ਦਿਖਾਈ ਦੇ ਰਹੀ ਮਹਿਲਾ ਦੀ ਅਜੇ ਤੱਕ ਸ਼ਨਾਖਤ ਨਹੀਂ ਹੋ ਸਕੀ ਹੈ। ਪੁਲਿਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪਛਾਣ ਹੋਣ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਉਧਰ, ਇਸ ਪੂਰੇ ਮਾਮਲੇ ਨੇ ਪੁਲਿਸ ਦੀ ਕਾਰਗੁਜ਼ਾਰੀ ਨੂੰ ਲੈ ਕੇ ਵੀ ਚਰਚਾ ਛੇੜ ਦਿੱਤੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਥਾਣਾ ਸੁਲਤਾਨਪੁਰ ਲੋਧੀ ਅਤੇ ਬੱਸ ਸਟੈਂਡ ਵਿਚਕਾਰ ਦੂਰੀ ਮਹਿਜ਼ ਕਰੀਬ 200 ਮੀਟਰ ਹੈ ਅਤੇ ਇਸ ਦੇ ਬਾਵਜੂਦ ਕਥਿਤ ਤੌਰ 'ਤੇ ਖੁੱਲ੍ਹੇਆਮ ਨਸ਼ੇ ਦਾ ਸੇਵਨ ਕੀਤਾ ਜਾ ਰਿਹਾ ਸੀ, ਤਾਂ ਇਹ ਗੰਭੀਰ ਚਿੰਤਾ ਦਾ ਵਿਸ਼ਾ ਹੈ।
ਸਥਾਨਕ ਲੋਕਾਂ ਅਤੇ ਵਿਰੋਧੀ ਧਿਰਾਂ ਦਾ ਮੰਨਣਾ ਹੈ ਕਿ ਜੇਕਰ ਵੀਡੀਓ ਵਾਇਰਲ ਨਾ ਹੁੰਦੀ ਤਾਂ ਸ਼ਾਇਦ ਇਹ ਮਾਮਲਾ ਵੀ ਸਾਹਮਣੇ ਨਾ ਆਉਂਦਾ। ਇਸ ਕਰਕੇ ਹੁਣ ਇਹ ਚਰਚਾ ਵੀ ਜ਼ੋਰ ਫੜ ਰਹੀ ਹੈ ਕਿ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਦੇ ਦਾਅਵੇ ਜ਼ਮੀਨੀ ਪੱਧਰ 'ਤੇ ਕਿੰਨੇ ਪ੍ਰਭਾਵਸ਼ਾਲੀ ਹਨ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਲੋਕਾਂ ਦੀ ਨਜ਼ਰ ਹੁਣ ਮਹਿਲਾ ਦੀ ਪਛਾਣ ਅਤੇ ਅਗਲੀ ਕਾਰਵਾਈ 'ਤੇ ਟਿਕੀ ਹੋਈ ਹੈ।
- Download Babushahi App
-
-