ਖੰਨਾ ਵਿਖੇ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਹੇਠ 'ਆਪ' ਵੱਲੋਂ ਅਕਾਲੀ ਦਲ ਤੇ ਭਾਜਪਾ ਦਾ ਪੁਤਲਾ ਫੂਕ ਪ੍ਰਦਰਸ਼ਨ
Ravinder Singh
ਖੰਨਾ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕਥਿਤ ਵਾਇਰਲ ਵੀਡੀਓ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਦਾ ਗੁੱਸਾ ਲਗਾਤਾਰ ਵਧਦਾ ਜਾ ਰਿਹਾ ਹੈ। ਪੂਰੇ ਪੰਜਾਬ ਵਿੱਚ ਚੱਲ ਰਹੇ ਰੋਸ ਮੁਜ਼ਾਹਰਿਆਂ ਦੇ ਤਹਿਤ ਅੱਜ ਖੰਨਾ ਵਿਖੇ ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਅਗਵਾਈ ਵਿੱਚ 'ਆਪ' ਵਰਕਰਾਂ ਵੱਲੋਂ ਇਕੱਠੇ ਹੋ ਕੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ ਅਤੇ ਵਿਰੋਧੀਆਂ ਦੇ ਪੁਤਲੇ ਫੂਕੇ ਗਏ।
ਪ੍ਰਦਰਸ਼ਨ ਦੌਰਾਨ ਵਿਰੋਧੀ ਪਾਰਟੀਆਂ 'ਤੇ ਤਿੱਖੇ ਹਮਲੇ ਕਰਦਿਆਂ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਦੇ 3 ਕਰੋੜ ਲੋਕਾਂ ਦੇ ਮਨਾਂ ਵਿੱਚ ਰਾਜ ਕਰ ਰਹੇ ਹਨ। ਉਨ੍ਹਾਂ ਵੱਲੋਂ ਲੋਕ ਹਿਤ ਵਿੱਚ ਕੀਤੇ ਜਾ ਰਹੇ ਕੰਮ ਅਕਾਲੀ ਦਲ, ਭਾਜਪਾ ਅਤੇ ਬਾਕੀ ਰਵਾਇਤੀ ਪਾਰਟੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੇ, ਜਿਸ ਕਾਰਨ ਉਹ ਘਟੀਆ ਸਿਆਸਤ ਅਤੇ ਸਾਜ਼ਿਸ਼ਾਂ 'ਤੇ ਉਤਰ ਆਏ ਹਨ।
"ਬੇਅਦਬੀ ਕਰਵਾਉਣ ਵਾਲੇ ਅੱਜ ਮੁੱਖ ਮੰਤਰੀ 'ਤੇ ਦੋਸ਼ ਲਾ ਰਹੇ ਹਨ"
ਅਕਾਲੀ ਦਲ ਦੇ ਇਤਿਹਾਸ 'ਤੇ ਨਿਸ਼ਾਨਾ ਸਾਧਦਿਆਂ ਮੰਤਰੀ ਮੁੰਡੀਆਂ ਨੇ ਆਖਿਆ:
"ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਪੰਥ ਦੀ ਆੜ ਲੈ ਕੇ ਪੰਜਾਬ ਦੇ ਭੋਲੇ-ਭਾਲੇ ਲੋਕਾਂ ਅਤੇ ਪੰਜਾਬੀਆਂ ਨੂੰ ਗੁਮਰਾਹ ਕਰਨ ਦਾ ਕੰਮ ਕੀਤਾ ਹੈ। ਪਰ ਹੁਣ ਪੰਜਾਬ ਦੇ ਲੋਕ ਇਨ੍ਹਾਂ ਦੀ ਅਸਲ ਸੱਚਾਈ ਨੂੰ ਚੰਗੀ ਤਰ੍ਹਾਂ ਜਾਣ ਚੁੱਕੇ ਹਨ। ਜਿਨ੍ਹਾਂ ਦੇ ਆਪਣੇ ਰਾਜ ਵਿੱਚ ਗੁਰੂ ਸਾਹਿਬ ਦੀ ਬੇਅਦਬੀ ਹੋਈ ਅਤੇ ਜਿਹੜੇ ਖੁਦ ਬੇਅਦਬੀ ਕਰਵਾਉਣ ਦੇ ਜ਼ਿੰਮੇਵਾਰ ਹਨ, ਉਹ ਅੱਜ ਸਾਡੇ ਇਮਾਨਦਾਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਝੂਠੇ ਦੋਸ਼ ਲਗਾ ਰਹੇ ਹਨ।"
"2027 ਵਿੱਚ ਲੋਕ ਅਕਾਲੀ ਦਲ ਨੂੰ ਪਿੰਡਾਂ 'ਚ ਵੜਨ ਨਹੀਂ ਦੇਣਗੇ"
ਆਗਾਮੀ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਵਿਰੋਧੀਆਂ ਨੂੰ ਚੇਤਾਵਨੀ ਦਿੱਤੀ ਕਿ ਪੰਜਾਬ ਦੀ ਜਨਤਾ ਹੁਣ ਅਜਿਹੀਆਂ ਝੂਠੀਆਂ ਵੀਡੀਓਜ਼ ਅਤੇ ਸਾਜ਼ਿਸ਼ਾਂ ਦੇ ਬਹਿਕਾਵੇ ਵਿੱਚ ਨਹੀਂ ਆਉਣ ਵਾਲੀ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀਆਂ ਇਨ੍ਹਾਂ ਲੋਕ-ਵਿਰੋਧੀ ਚਾਲਾਂ ਕਾਰਨ ਸਾਲ 2027 ਦੀਆਂ ਚੋਣਾਂ ਵਿੱਚ ਪੰਜਾਬ ਦੇ ਲੋਕ ਅਕਾਲੀ ਦਲ ਦੇ ਆਗੂਆਂ ਨੂੰ ਪਿੰਡਾਂ ਦੇ ਅੰਦਰ ਵੜਨ ਤੱਕ ਨਹੀਂ ਦੇਣਗੇ ਅਤੇ ਇਨ੍ਹਾਂ ਦਾ ਮੁਕੰਮਲ ਸਫਾਇਆ ਕਰ ਦੇਣਗੇ।
- Download Babushahi App
-
-