ਜਲੰਧਰ 'ਚ ਨਿਤਿਨ ਨਬੀਨ ਦਾ ਰੋਡ ਸ਼ੋਅ! ਬੋਲੇ- "ਪੰਜਾਬ 'ਚ ਲਿਆਵਾਂਗੇ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ"
ਤਿੰਨ ਦਿਨਾਂ ਪੰਜਾਬ ਦੌਰੇ 'ਤੇ ਆਏ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੀ ਦਰਬਾਰ ਸਾਹਿਬ ਵਿਖੇ ਟੇਕਿਆ ਮੱਥਾ
ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਸਮੇਤ ਸਮੂਹ ਪੰਜਾਬ ਭਾਜਪਾ ਲੀਡਰਸ਼ਿਪ ਰੋਡ ਸ਼ੋਅ ਵਿੱਚ ਰਹੀ ਮੌਜੂਦ
"ਮੋਦੀ ਸਰਕਾਰ ਨੇ ਸਿੱਖ ਸਮਾਜ ਅਤੇ ਪੰਜਾਬੀਆਂ ਲਈ ਕੀਤੇ ਇਤਿਹਾਸਕ ਕੰਮ, ਅਗਲੀ ਸਰਕਾਰ ਭਾਜਪਾ ਦੀ ਹੋਵੇਗੀ" - ਨਬੀਨ
Babushahi Network
ਜਲੰਧਰ, 20 ਜੂਨ 2026: ਭਾਰਤੀ ਜਨਤਾ ਪਾਰਟੀ (BJP) ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਅੱਜ ਤੋਂ ਆਪਣੇ ਤਿੰਨ ਦਿਨਾਂ ਪੰਜਾਬ ਦੌਰੇ 'ਤੇ ਪਹੁੰਚ ਗਏ ਹਨ। ਉਨ੍ਹਾਂ ਦੇ ਪੰਜਾਬ ਆਉਣ 'ਤੇ ਸੂਬੇ ਦੇ ਸਿਆਸੀ ਹਲਕਿਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਹੀ ਹੈ। ਦੌਰੇ ਦੇ ਪਹਿਲੇ ਦਿਨ ਅੱਜ ਸਵੇਰੇ ਉਨ੍ਹਾਂ ਨੇ ਅੰਮ੍ਰਿਤਸਰ ਵਿਖੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਤੋਂ ਬਾਅਦ ਉਨ੍ਹਾਂ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਵੀ ਕੀਤੇ।
ਸ਼ਾਮ ਵੇਲੇ ਜਲੰਧਰ ਸ਼ਹਿਰ ਵਿੱਚ ਭਾਜਪਾ ਵੱਲੋਂ ਰੋਡ ਸ਼ੋਅ ਕੱਢਿਆ ਗਿਆ, ਜਿਸ ਵਿੱਚ ਭਾਜਪਾ ਵਰਕਰਾਂ ਅਤੇ ਆਮ ਲੋਕਾਂ ਦਾ ਭਾਰੀ ਸਮਰਥਨ ਦੇਖਣ ਨੂੰ ਮਿਲਿਆ। ਇਸ ਰੋਡ ਸ਼ੋਅ ਦੌਰਾਨ ਨਿਤਿਨ ਨਬੀਨ, ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਨਾਲ-ਨਾਲ ਸਮੂਹ ਪੰਜਾਬ ਭਾਜਪਾ ਲੀਡਰਸ਼ਿਪ ਵਿਸ਼ੇਸ਼ ਤੌਰ 'ਤੇ ਮੌਜੂਦ ਰਹੀ। ਰੋਡ ਸ਼ੋਅ ਦੌਰਾਨ ਸ਼ਹਿਰ ਵਿੱਚ ਥਾਂ-ਥਾਂ 'ਤੇ ਭਾਜਪਾ ਦੇ ਕੌਮੀ ਪ੍ਰਧਾਨ ਦਾ ਨਿੱਘਾ ਸਵਾਗਤ ਕੀਤਾ ਗਿਆ।
ਪੰਜਾਬ ਵਿੱਚ ਲਿਆਵਾਂਗੇ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ
ਰੋਡ ਸ਼ੋਅ ਦੌਰਾਨ ਭਾਰੀ ਜਨ-ਸਮੂਹ ਨੂੰ ਸੰਬੋਧਨ ਕਰਦਿਆਂ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਗਿਣਾਈਆਂ। ਉਨ੍ਹਾਂ ਵੱਡਾ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਸੂਬੇ ਵਿੱਚ ਅਗਲੀ ਸਰਕਾਰ ਭਾਰਤੀ ਜਨਤਾ ਪਾਰਟੀ ਦੀ ਬਣੇਗੀ। ਨਬੀਨ ਨੇ ਭਰੋਸਾ ਦਿਵਾਇਆ ਕਿ ਪੰਜਾਬ ਦੇ ਅੰਦਰ ਭਾਜਪਾ ਦੀ ਸਰਕਾਰ ਬਣਨ 'ਤੇ ਮਹਾਰਾਜਾ ਰਣਜੀਤ ਸਿੰਘ ਵਰਗਾ ਨਿਆਂਪੂਰਨ ਅਤੇ ਖੁਸ਼ਹਾਲ ਰਾਜ ਲਿਆਂਦਾ ਜਾਵੇਗਾ, ਜਿੱਥੇ ਹਰ ਵਰਗ ਸੁਰੱਖਿਅਤ ਅਤੇ ਖੁਸ਼ਹਾਲ ਹੋਵੇਗਾ।
ਸਿੱਖ ਜਗਤ ਅਤੇ ਪੰਜਾਬ ਨਾਲ ਕੇਂਦਰ ਦੇ ਰਿਸ਼ਤੇ ਦਾ ਜ਼ਿਕਰ ਕਰਦਿਆਂ ਨਿਤਿਨ ਨਬੀਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਸਿੱਖ ਸਮਾਜ ਅਤੇ ਪੰਜਾਬੀਆਂ ਦੇ ਲਈ ਬਹੁਤ ਸਾਰੇ ਇਤਿਹਾਸਕ ਕੰਮ ਕੀਤੇ ਹਨ, ਜੋ ਪਿਛਲੀਆਂ ਸਰਕਾਰਾਂ ਕਈ ਦਹਾਕਿਆਂ ਵਿੱਚ ਵੀ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਭਵਿੱਖ ਵਿੱਚ ਵੀ ਪੰਜਾਬ ਦੇ ਵਿਕਾਸ ਅਤੇ ਪੰਜਾਬੀਆਂ ਦੀ ਭਲਾਈ ਲਈ ਇਸੇ ਤਰ੍ਹਾਂ ਨਿਰੰਤਰ ਕੰਮ ਕਰਦੀ ਰਹੇਗੀ।
- Download Babushahi App
-
-