ਦਿੱਲੀ ਕਮੇਟੀ ਦਾ ਵਫਦ ਕਰਨ ਪ੍ਰਯਾਗ ਮਾਮਲੇ ਵਿੱਚ ਮੁੱਖ ਮੰਤਰੀ ਉੱਤਰਾਖੰਡ ਨੂੰ ਮਿਲਿਆ: ਹਰਮੀਤ ਸਿੰਘ ਕਾਲਕਾ
ਮੁੱਖ ਮੰਤਰੀ ਵੱਲੋਂ 15 ਦਿਨਾਂ ਵਿਚ ਜਾਂਚ ਦਾ ਭਰੋਸਾ
ਦੇਹਰਾਦੂਨ 23 ਜੂਨ,2026
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨਾਲ ਮੀਟਿੰਗ ਕਰਕੇ 16 ਜੂਨ ਨੂੰ ਕਰਨਪ੍ਰਯਾਗ ਵਿਖੇ ਵਾਪਰੀ ਘਟਨਾ ਅਤੇ ਉਸ ਤੋਂ ਬਾਅਦ ਚਮੋਲੀ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸਬੰਧੀ ਸਿੱਖ ਭਾਈਚਾਰੇ ਦੀਆਂ ਚਿੰਤਾਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ।
ਵਫ਼ਦ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋ, ਸ. ਭੁਪਿੰਦਰ ਸਿੰਘ ਭੁੱਲਰ, ਸ. ਸੁਖਿੰਦਰ ਸਿੰਘ ਅਤੇ ਸ. ਇੰਦਰਜੀਤ ਸਿੰਘ ਵੀ ਸ਼ਾਮਲ ਸਨ।
ਮੀਟਿੰਗ ਉਪਰੰਤ ਜਾਣਕਾਰੀ ਦਿੰਦਿਆਂ ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਵਫ਼ਦ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਚਮੋਲੀ ਪੁਲਿਸ ਦੀ ਕਾਰਵਾਈ ਨੂੰ ਲੈ ਕੇ ਸਿੱਖ ਭਾਈਚਾਰੇ ਵਿੱਚ ਗਹਿਰਾ ਰੋਸ ਹੈ। ਉਨ੍ਹਾਂ ਕਿਹਾ ਕਿ ਜੇਕਰ ਦੋ ਧਿਰਾਂ ਵਿਚਕਾਰ ਕੋਈ ਵਿਵਾਦ ਜਾਂ ਝਗੜਾ ਹੋਇਆ ਸੀ ਤਾਂ ਕਾਨੂੰਨੀ ਕਾਰਵਾਈ ਨਿਰਪੱਖ ਅਤੇ ਦੋਵਾਂ ਪਾਸਿਆਂ ਦੇ ਤੱਥਾਂ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਜਾਣੀ ਚਾਹੀਦੀ ਸੀ, ਪਰ ਮਾਮਲੇ ਵਿੱਚ ਇਕਪੱਖੀ ਕਾਰਵਾਈ ਦੀ ਭਾਵਨਾ ਸਾਹਮਣੇ ਆਈ ਹੈ, ਜਿਸ ਕਾਰਨ ਸਿੱਖਾਂ ਵਿੱਚ ਬਹੁਤ ਰੋਸ ਪਾਇਆ ਜਾ ਰਿਹਾ ਹੈ।
ਸ. ਕਾਲਕਾ ਨੇ ਦੋਸ਼ ਲਾਇਆ ਕਿ ਹਿਰਾਸਤ ਵਿੱਚ ਲਏ ਗਏ ਸਿੱਖ ਨੌਜਵਾਨਾਂ ਨਾਲ ਕਥਿਤ ਤੌਰ ’ਤੇ ਦੁਰਵਿਵਹਾਰ ਅਤੇ ਉਨ੍ਹਾਂ ਨੂੰ ਬਿਨਾਂ ਦਸਤਾਰ ਅਦਾਲਤ ਵਿੱਚ ਪੇਸ਼ ਕਰਨ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਸਾਹਮਣੇ ਆਉਣੀ ਅਤੇ ਜ਼ਿੰਮੇਵਾਰਾਂ ਦੀ ਜਵਾਬਦੇਹੀ ਤੈਅ ਹੋਣੀ ਬਹੁਤ ਜ਼ਰੂਰੀ ਹੈ।
ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਪੂਰੇ ਮਾਮਲੇ ਦੀ ਜਾਂਚ ਡੀਜੀਪੀ ਪੱਧਰ ’ਤੇ ਕਰਵਾਈ ਜਾਵੇਗੀ ਅਤੇ 15 ਦਿਨਾਂ ਦੇ ਅੰਦਰ ਜਾਂਚ ਮੁਕੰਮਲ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਹਰਿਦੁਆਰ ਦੇ ਐੱਸਐੱਸਪੀ ਸ. ਨਵਨੀਤ ਸਿੰਘ ਭੁੱਲਰ ਨੂੰ ਜਾਂਚ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਸਰਦਾਰ ਕਾਲਕਾ ਨੇ ਦੱਸਿਆ ਕਿ ਮਾਮਲੇ ਵਿੱਚ ਕ੍ਰਾਸ ਐਫਆਈਆਰ ਦਰਜ ਕੀਤੀ ਗਈ ਹੈ ਤਾਂ ਜੋ ਸਾਰੇ ਪੱਖਾਂ ਦੀ ਨਿਰਪੱਖਤਾ ਨਾਲ ਜਾਂਚ ਹੋ ਸਕੇ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਮੰਗ ਕੀਤੀ ਕਿ ਜਿਨ੍ਹਾਂ ਪੁਲਿਸ ਅਧਿਕਾਰੀਆਂ ਦੀ ਭੂਮਿਕਾ ਸਬੰਧੀ ਸਵਾਲ ਉਠੇ ਹਨ, ਉਨ੍ਹਾਂ ਦੇ ਵਰਤਾਅ ਦੀ ਵੀ ਨਿਰਪੱਖ ਜਾਂਚ ਕੀਤੀ ਜਾਵੇ। ਇਸ ’ਤੇ ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਨ੍ਹਾਂ ਦੇ ਆਧਾਰ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੁੱਖ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਉੱਤਰਾਖੰਡ ਆਉਣ ਵਾਲੇ ਹਰ ਯਾਤਰੀ ਦੀ ਸੁਰੱਖਿਆ, ਸਨਮਾਨ ਅਤੇ ਧਾਰਮਿਕ ਆਜ਼ਾਦੀ ਦੀ ਰੱਖਿਆ ਉਤਰਾਖੰਡ ਸਰਕਾਰ ਦੀ ਜ਼ਿੰਮੇਂਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਭਾਈਚਾਰੇ ਨਾਲ ਵਿਤਕਰਾ ਨਹੀਂ ਹੋਣਾ ਚਾਹੀਦਾ ਅਤੇ ਅਜਿਹੇ ਬਿਆਨਾਂ ਜਾਂ ਕਦਮਾਂ ਤੋਂ ਵੀ ਬਚਣਾ ਚਾਹੀਦਾ ਹੈ ਜੋ ਸਮਾਜਿਕ ਸਦਭਾਵਨਾ ਨੂੰ ਨੁਕਸਾਨ ਪਹੁੰਚਾਉਣ।
ਸ. ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮੁੱਖ ਮੰਤਰੀ ਨਾਲ ਮੀਟਿੰਗ ਬਹੁਤ ਸਦਭਾਵਨਾਪੂਰਨ ਮਾਹੌਲ ਵਿੱਚ ਹੋਈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਗਏ ਭਰੋਸਿਆਂ ਨਾਲ ਵਫ਼ਦ ਨੂੰ ਸੰਤੁਸ਼ਟੀ ਮਿਲੀ ਹੈ ਅਤੇ ਉਮੀਦ ਹੈ ਕਿ ਜਾਂਚ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਮੁਕੰਮਲ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਯਾਤਰੀਆਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਰੱਖਿਆ ਲਈ ਹਮੇਸ਼ਾ ਵਚਨਬੱਧ ਰਹੇਗੀ ਅਤੇ ਸੱਚਾਈ ਸਾਹਮਣੇ ਆਉਣ ਤੱਕ ਇਸ ਮਾਮਲੇ ਦੀ ਲਗਾਤਾਰ ਪੈਰਵੀ ਕਰਦੀ ਰਹੇਗੀ।
- Download Babushahi App
-
-