ਫਲਦਾਰ ਬਾਗਾਂ ਵਿੱਚ ਸੂਖਮ ਤੱਤਾਂ ਦੀ ਘਾਟ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਕੈਂਪ
ਮਨਪ੍ਰੀਤ ਸਿੰਘ
ਰੂਪਨਗਰ, 23 ਜੂਨ:
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਫਾਰਮ ਸਲਾਹਕਾਰ ਸੇਵਾ ਕੇਂਦਰ (ਐੱਫ.ਏ.ਐੱਸ.ਸੀ.) ਰੂਪਨਗਰ ਵੱਲੋਂ ਪਿੰਡ ਹਰੀਪੁਰ ਵਿਖੇ ਫਲਦਾਰ ਪੌਦਿਆਂ ਵਿੱਚ ਸੂਖਮ ਤੱਤਾਂ ਦੀ ਘਾਟ ਦੀ ਪਛਾਣ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਸਬੰਧੀ ਇੱਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਿਪਟੀ ਐਕਸਟੈਂਸ਼ਨ ਸਪੈਸ਼ਲਿਸਟ (ਫਲ ਵਿਗਿਆਨ) ਡਾ. ਅਵਨੀਤ ਕੌਰ ਨੇ ਵੱਧ ਉਤਪਾਦਨ ਅਤੇ ਉੱਚ ਗੁਣਵੱਤਾ ਵਾਲੇ ਫਲ ਪ੍ਰਾਪਤ ਕਰਨ ਲਈ ਫਲਦਾਰ ਫਸਲਾਂ ਵਿੱਚ ਸੰਤੁਲਿਤ ਪੋਸ਼ਣ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿੰਕ, ਲੋਹਾ ਅਤੇ ਮੈਂਗਨੀਜ਼ ਵਰਗੇ ਸੂਖਮ ਤੱਤਾਂ ਦੀ ਘਾਟ ਬਾਗਾਂ ਵਿੱਚ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਪੌਦਿਆਂ ਦੀ ਵਾਧ, ਫੁੱਲਾਂ ਦੀ ਬਣਤਰ ਅਤੇ ਫਲਾਂ ਦੇ ਵਿਕਾਸ ਉੱਤੇ ਨਕਾਰਾਤਮਕ ਅਸਰ ਪੈਂਦਾ ਹੈ।
ਉਨ੍ਹਾਂ ਕਿਸਾਨਾਂ ਨੂੰ ਫਲ ਮੱਖੀ ਦੁਆਰਾ ਹੋਣ ਵਾਲੇ ਨੁਕਸਾਨ ਅਤੇ ਇਸ ਦੇ ਪ੍ਰਭਾਵਸ਼ਾਲੀ ਪ੍ਰਬੰਧਨ ਬਾਰੇ ਵੀ ਜਾਣੂ ਕਰਵਾਇਆ। ਇਸ ਦੇ ਨਾਲ ਹੀ ਪੋਸ਼ਣ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਬਾਗਬਾਨੀ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ।
ਇਸ ਕੈਂਪ ਦੌਰਾਨ ਸੀਨੀਅਰ ਐਕਸਟੈਂਸ਼ਨ ਸਪੈਸ਼ਲਿਸਟ (ਫਸਲ ਵਿਗਿਆਨ) ਡਾ. ਰਮਿੰਦਰ ਸਿੰਘ ਘੁੰਮਣ ਨੇ ਫਸਲੀ ਵਿਭਿੰਨਤਾ ਦੀ ਮਹੱਤਤਾ ਉੱਤੇ ਜ਼ੋਰ ਦਿੰਦਿਆਂ ਕਿਸਾਨਾਂ ਨੂੰ ਮੱਕੀ ਨੂੰ ਇੱਕ ਲਾਭਕਾਰੀ ਵਿਕਲਪਕ ਫਸਲ ਵਜੋਂ ਅਪਣਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਿਫ਼ਾਰਸ਼ਸ਼ੁਦਾ ਮੱਕੀ ਦੇ ਹਾਈਬ੍ਰਿਡਾਂ, ਉਤਪਾਦਨ ਤਕਨੀਕਾਂ ਅਤੇ ਕੀਟ ਪ੍ਰਬੰਧਨ ਸਬੰਧੀ ਅਹਿਮ ਜਾਣਕਾਰੀ ਸਾਂਝੀ ਕੀਤੀ।ਇਸ ਮੌਕੇ ਕਿਸਾਨਾਂ ਨੂੰ ਮੱਕੀ ਦੇ ਹਾਈਬ੍ਰਿਡ ਪੀ.ਐੱਮ.ਐੱਚ.-14 ਦਾ ਬੀਜ ਵੀ ਉਪਲਬਧ ਕਰਵਾਇਆ ਗਿਆ।
ਇਸ ਕੈਂਪ ਵਿੱਚ ਵਿਗਿਆਨੀਆਂ ਨੇ ਕਿਸਾਨਾਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਤਸੱਲੀਬਖ਼ਸ਼ ਜਵਾਬ ਦਿੱਤੇ ਅਤੇ ਖੇਤੀ ਆਮਦਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਯੂਨੀਵਰਸਿਟੀ ਦੀਆਂ ਸਿਫ਼ਾਰਸ਼ ਕੀਤੀਆਂ ਤਕਨੀਕਾਂ ਅਪਣਾਉਣ ਦੀ ਅਪੀਲ ਕੀਤੀ।
- Download Babushahi App
-
-