ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਨ ਲਈ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ: ਕੈਬਨਿਟ ਮੰਤਰੀ ਅਮਨ ਅਰੋੜਾ
*ਇੰਟਰਸਟੇਟ ਨਾਕਿਆਂ ’ਤੇ ਸਖ਼ਤ ਨਿਗਰਾਨੀ ਤੇ ਗਿਣਤੀ ਵਧਾਉਣ ਦੀ ਹਦਾਇਤ
*ਹਾਟਸਪਾਟ ਇਲਾਕਿਆਂ ਵਿੱਚ ਵਧੇਰੇ ਸੀਸੀਟੀਵੀ ਕੈਮਰੇ ਲਾਉਣ ਅਤੇ ਨਸ਼ਾ ਛੁੜਾਊ ਕੇਂਦਰਾਂ ਦੀ ਸਮਰੱਥਾ ਵਧਾਉਣ ਦੇ ਨਿਰਦੇਸ਼
*ਨਸ਼ਾ ਛੁਡਾਊ ਕੇਂਦਰਾਂ ਵਿੱਚ ਹੈਲਪ ਡੈਸਕ ਬਣਾਉਣ ਲਈ ਵੀ ਕਿਹਾ
ਸੰਗਰੂਰ, 26 ਜੂਨ:
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਮੱਦੇਨਜ਼ਰ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਇੱਕ ਅਹਿਮ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਨਾਲ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਹੋਰ ਮੁਸਤੈਦੀ ਨਾਲ ਕੰਮ ਕਰਨ ਦੇ ਨਿਰਦੇਸ਼ ਦਿੱਤੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਲੜਾਈ ਸਮਾਜ ਦੇ ਭਵਿੱਖ ਨੂੰ ਬਚਾਉਣ ਦੀ ਲੜਾਈ ਹੈ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਸਾਰੇ ਇੰਟਰਸਟੇਟ ਨਾਕਿਆਂ ’ਤੇ ਸਖ਼ਤ ਨਿਗਰਾਨੀ ਰੱਖਣ ਅਤੇ ਲੋੜ ਅਨੁਸਾਰ ਨਾਕਿਆਂ ਦੀ ਗਿਣਤੀ ਵਧਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨਸ਼ੀਲੇ ਪਦਾਰਥਾਂ ਦੀ ਆਵਾਜਾਈ ’ਤੇ ਪ੍ਰਭਾਵਸ਼ਾਲੀ ਰੋਕ ਲਗਾਈ ਜਾ ਸਕੇ।
ਸ਼੍ਰੀ ਅਮਨ ਅਰੋੜਾ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਨਸ਼ਿਆਂ ਨਾਲ ਪ੍ਰਭਾਵਿਤ ਹਾਟਸਪਾਟ ਇਲਾਕਿਆਂ ਵਿੱਚ ਵੱਧ ਤੋਂ ਵੱਧ ਸੀਸੀਟੀਵੀ ਕੈਮਰੇ ਲਗਾਉਣ ਯਕੀਨੀ ਬਣਾਏ ਜਾਣ ਤਾਂ ਜੋ ਸ਼ੱਕੀ ਗਤੀਵਿਧੀਆਂ ’ਤੇ ਨਿਗਰਾਨੀ ਰੱਖੀ ਜਾ ਸਕੇ ਅਤੇ ਪੁਲਿਸ ਕਾਰਵਾਈ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ।
ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਨਸ਼ਾ ਛੁੜਾਊ ਕੇਂਦਰਾਂ ਵਿੱਚ ਮਰੀਜ਼ਾਂ ਨੂੰ ਦਾਖਲ ਕਰਨ ਦੀ ਸਮਰੱਥਾ ਵਿੱਚ ਵਾਧਾ ਕੀਤਾ ਜਾਵੇ, ਤਾਂ ਜੋ ਇਲਾਜ ਲਈ ਆਉਣ ਵਾਲੇ ਹਰ ਵਿਅਕਤੀ ਨੂੰ ਸਮੇਂ ਸਿਰ ਅਤੇ ਵਧੀਆ ਸਿਹਤ ਸਹੂਲਤਾਂ ਮਿਲ ਸਕਣ। ਇਸ ਦੇ ਨਾਲ ਨਾਲ ਨਸ਼ਾ ਛੁੜਾਊ ਕੇਂਦਰਾਂ ਵਿੱਚ ਹੈਲਪ ਡੈਸਕ ਬਣਾਉਣੇ ਵੀ ਯਕੀਨੀ ਬਣਾਏ ਜਾਣ ਤਾਂ ਜੋ ਮਰੀਜ਼ਾਂ ਨੂੰ ਉੱਥੇ ਲੈ ਕੇ ਜਾਣ ਵਾਲੇ ਪਰਿਵਾਰਿਕ ਮੈਂਬਰਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਨਾ ਆਵੇ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਪੀੜਤ ਵਿਅਕਤੀਆਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਨਾਲ ਜੋੜਨਾ ਸਰਕਾਰ ਦੀ ਤਰਜੀਹ ਹੈ।
ਕੈਬਨਿਟ ਮੰਤਰੀ ਨੇ ਰੁਜ਼ਗਾਰ ਵਿਭਾਗ ਅਤੇ ਹੋਰ ਸਬੰਧਤ ਅਦਾਰਿਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਨਸ਼ਾ ਛੱਡ ਚੁੱਕੇ ਵਿਅਕਤੀਆਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਮੁਹੱਈਆ ਕਰਵਾਏ ਜਾਣ, ਤਾਂ ਜੋ ਉਹ ਆਪਣੇ ਜੀਵਨ ਦੀ ਨਵੀਂ ਸ਼ੁਰੂਆਤ ਕਰ ਸਕਣ ਅਤੇ ਆਤਮਨਿਰਭਰ ਬਣ ਸਕਣ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੇ ਸਮੂਹਕ ਖਾਤਮੇ ਲਈ ਵਚਨਬੱਧ ਹੈ ਅਤੇ ਇਸ ਮੁਹਿੰਮ ਵਿੱਚ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਪੂਨਮਦੀਪ ਕੌਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਸਮੇਤ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਅਧਿਕਾਰੀ ਅਤੇ ਨਸ਼ਿਆਂ ਵਿਰੁੱਧ ਬਣੀਆਂ ਕਮੇਟੀਆਂ ਦੇ ਅਹੁਦੇਦਾਰ ਵੀ ਹਾਜ਼ਰ ਸਨ।
- Download Babushahi App
-
-