ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬਠਿੰਡਾ ਵਿਖੇ ਪੰਜਾਬ ਦੀ ਪਹਿਲੀ ਬਾਇਓ-ਫਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਰਟਰੀ ਲੋਕ ਅਰਪਣ
ਬਠਿੰਡਾ ਵਿਖੇ ਬੀਜ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਰੱਖਿਆ
ਅਸ਼ੋਕ ਵਰਮਾ
ਬਠਿੰਡਾ, 26 ਜੂਨ 2026 : ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸਮੂਹ ਸਿਆਸੀ ਪਾਰਟੀਆਂ ਅਤੇ ਪੰਜਾਬ ਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਆਪਸੀ ਮਤਭੇਦਾਂ ਤੋਂ ਉੱਪਰ ਉੱਠ ਕੇ ਮਹਾਰਾਸ਼ਟਰ ਸਰਕਾਰ ਵੱਲੋਂ 1956 ਦੇ ਹਜ਼ੂਰ ਸਾਹਿਬ ਐਕਟ ਨੂੰ ਰੱਦ ਕਰਨ ਦੀ ਤਜਵੀਜ਼ ਦਾ ਵਿਰੋਧ ਕਰਨ।
ਅੱਜ ਇੱਥੇ ਸੂਬੇ ਦੀ ਪਹਿਲੀ ਬਾਇਓ-ਫਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਰਟਰੀ ਨੂੰ ਲੋਕਾਂ—ਖਾਸ ਕਰਕੇ ਸੂਬੇ ਦੇ ਕਿਸਾਨਾਂ—ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੀ ਖੁੱਡੀਆਂ ਨੇ ਕਿਹਾ ਕਿ ਮਹਾਰਾਸ਼ਟਰ ਸਰਕਾਰ ਨੂੰ 1956 ਦਾ ਇਹ ਕਾਨੂੰਨ ਰੱਦ ਨਹੀਂ ਕਰਨਾ ਚਾਹੀਦਾ, ਕਿਉਂਕਿ ਇਸ ਨਾਲ ਤਖ਼ਤ ਦੇ ਅਧਿਕਾਰ ਪ੍ਰਭਾਵਤ ਹੋਣਗੇ। ਉਨ੍ਹਾਂ ਡੱਬਵਾਲੀ ਰੋਡ ਸਥਿਤ ਖੇਤੀ ਭਵਨ ਵਿਖੇ ਬੀਜ ਪਰਖ ਪ੍ਰਯੋਗਸ਼ਾਲਾ ਦਾ ਨੀਂਹ ਪੱਥਰ ਵੀ ਰੱਖਿਆ।
ਲੈਬਾਰਟਰੀ ਨੂੰ ਲੋਕਾਂ ਨੂੰ ਸਮਰਪਿਤ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਖੇਤੀਬਾੜੀ ਖੇਤਰ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁੱਟਸ ਦੀ ਉਪਲਬਧਤਾ ਯਕੀਨੀ ਬਣਾਏਗੀ। ਸਮਾਗਮ ਨੂੰ ਸੰਬੋਧਨ ਕਰਦਿਆਂ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜ, ਖਾਦਾਂ ਅਤੇ ਹੋਰ ਖੇਤੀ ਇਨਪੁੱਟਸ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਬੀਜ ਪਰਖ ਪ੍ਰਯੋਗਸ਼ਾਲਾ ਦੀ ਸਥਾਪਨਾ ਨਾਲ ਬੀਜਾਂ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਹੋ ਸਕੇਗੀ, ਜਦਕਿ ਬਾਇਓ-ਫਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਰਟਰੀ ਰਾਹੀਂ ਜੈਵਿਕ ਖਾਦਾਂ ਦੀ ਮਿਆਰੀ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇਗਾ। ਇਸ ਨਾਲ ਕਿਸਾਨਾਂ ਨੂੰ ਭਰੋਸੇਯੋਗ ਅਤੇ ਮਿਆਰੀ ਖੇਤੀ ਸਮੱਗਰੀ ਉਪਲਬਧ ਹੋਵੇਗੀ।
ਉਨ੍ਹਾਂ ਅੱਗੇ ਕਿਹਾ ਕਿ ਇਹ ਬਾਇਓ-ਫਰਟੀਲਾਈਜ਼ਰ ਕੁਆਲਿਟੀ ਕੰਟਰੋਲ ਪ੍ਰਯੋਗਸ਼ਾਲਾ ਹਰ ਸਾਲ ਘੱਟੋ-ਘੱਟ 1000 ਸੈਂਪਲਾਂ ਦੀ ਜਾਂਚ ਕਰਨ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਖੇਤੀਬਾੜੀ ਵਿੱਚ ਰਸਾਇਣਾਂ ਦੀ ਵਰਤੋਂ ਵਧੀ ਹੈ ਅਤੇ ਕਿਸਾਨ ਹੌਲੀ-ਹੌਲੀ ਬਾਇਓ-ਫਰਟੀਲਾਈਜ਼ਰਾਂ ਵੱਲ ਰੁਖ ਕਰ ਰਹੇ ਹਨ, ਉਸ ਸਮੇਂ ਇਹ ਲੈਬਾਰਟਰੀ ਬਹੁਤ ਮਹੱਤਵ ਰੱਖਦੀ ਹੈ। ਇਹ ਲੈਬਾਰਟਰੀ ਕਿਸਾਨਾਂ ਨੂੰ ਬਾਜ਼ਾਰ ਵਿੱਚ ਉਪਲਬਧ ਬਾਇਓ-ਫਰਟੀਲਾਈਜ਼ਰਾਂ ਦੀ ਗੁਣਵੱਤਾ ਦੀ ਜਾਂਚ ਕਰਨ ਵਿੱਚ ਮਦਦ ਕਰੇਗੀ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਾਇਰੈਕਟਰ ਡਾ. ਗੁਰਜੀਤ ਸਿੰਘ ਬਰਾੜ ਨੇ ਕਿਹਾ ਕਿ ਇਹ ਦੋਵੇਂ ਪ੍ਰੋਜੈਕਟ ਖੇਤੀਬਾੜੀ ਵਿਭਾਗ ਦੀ ਤਕਨੀਕੀ ਸਮਰੱਥਾ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਕਿਸਾਨਾਂ ਦੀਆਂ ਲੋੜਾਂ ਨੂੰ ਸਮੇਂ-ਸਿਰ ਪੂਰਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ।
ਖੇਤੀਬਾੜੀ (ਪੌਦਾ ਸੁਰੱਖਿਆ) ਪੰਜਾਬ ਦੇ ਸੰਯੁਕਤ ਡਾਇਰੈਕਟਰ ਡਾ. ਨਰਿੰਦਰ ਪਾਲ ਸਿੰਘ ਬੈਨੀਪਾਲ ਨੇ ਕਿਹਾ ਕਿ ਇਹ ਪੰਜਾਬ ਦੀ ਪਹਿਲੀ ਬਾਇਓ-ਫਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਰਟਰੀ ਹੈ, ਜਿੱਥੇ ਬਾਇਓ-ਫਰਟੀਲਾਈਜ਼ਰਾਂ ਦੇ ਸੈਂਪਲਾਂ ਦੀ ਜਾਂਚ ਸੁਵਿਧਾਜਨਕ ਢੰਗ ਨਾਲ ਕੀਤੀ ਜਾ ਸਕੇਗੀ।
ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਅਤੇ ਵਿਧਾਇਕ ਮਾਸਟਰ ਜਗਸੀਰ ਸਿੰਘ ਨੇ ਪੰਜਾਬ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਬੁਨਿਆਦੀ ਢਾਂਚਾਗਤ ਪ੍ਰੋਜੈਕਟ ਖੇਤੀਬਾੜੀ ਦੇ ਟਿਕਾਊ ਵਿਕਾਸ ਲਈ ਬਹੁਤ ਲਾਹੇਵੰਦ ਸਾਬਤ ਹੋਣਗੇ।
ਸਮਾਗਮ ਦੇ ਅੰਤ ਵਿੱਚ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਸ੍ਰੀਮਤੀ ਹਰਪ੍ਰੀਤਪਾਲ ਕੌਰ ਨੇ ਧੰਨਵਾਦੀ ਮਤਾ ਪੇਸ਼ ਕਰਦਿਆਂ ਖੇਤੀਬਾੜੀ ਮੰਤਰੀ, ਵਿਧਾਇਕਾਂ, ਸੀਨੀਅਰ ਅਧਿਕਾਰੀਆਂ, ਕਿਸਾਨਾਂ ਅਤੇ ਹਾਜ਼ਰ ਸਮੂਹ ਮਹਿਮਾਨਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਨੂੰ ਬਿਹਤਰ ਸੇਵਾਵਾਂ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਰਹੇਗਾ।
ਇਸ ਮੌਕੇ ਜਤਿੰਦਰ ਸਿੰਘ ਭੱਲਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਬਠਿੰਡਾ, ਐਡਵੋਕੇਟ ਨਵਦੀਪ ਸਿੰਘ ਜੀਦਾ, ਚੇਅਰਮੈਨ ਸ਼ੂਗਰਫੈਡ ਬਠਿੰਡਾ, ਪਰਮਜੀਤ ਸਿੰਘ ਕੋਟ ਫੱਤਾ, ਚੇਅਰਮੈਨ ਜ਼ਿਲ੍ਹਾ ਕੋਆਪਰੇਟਿਵ ਖੇਤੀਬਾੜੀ ਵਿਕਾਸ ਬੈਂਕ ਅਤੇ ਚੇਅਰਮੈਨ, ਆਪ ਸਟੇਟ ਫਾਰਮਰ ਵਿੰਗ; ਐਡਵੋਕੇਟ ਹਰਦੀਪ ਸਿੰਘ ਸਰਾਂ, ਚੇਅਰਮੈਨ ਪਲਾਨਿੰਗ ਬੋਰਡ ਬਠਿੰਡਾ; ਰਾਕੇਸ਼ ਪੁਰੀ, ਚੇਅਰਮੈਨ ਵਣ ਵਿਭਾਗ, ਬਲਜੀਤ ਸਿੰਘ ਬੱਲੀ, ਚੇਅਰਮੈਨ ਮਾਰਕੀਟ ਕਮੇਟੀ ਬਠਿੰਡਾ, ਚੁਸ਼ਪਿੰਦਰ ਚਾਹਲ, ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਮਾਨਸਾ, ਡਾ. ਗੁਰਜੀਤ ਸਿੰਘ ਬਰਾੜ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ, ਡਾ. ਨਰਿੰਦਰ ਪਾਲ ਸਿੰਘ ਬੈਨੀਪਾਲ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਪੌਦਾ ਸੁਰੱਖਿਆ) ਪੰਜਾਬ, ਅਤੇ ਡਾ. ਗੁਰਨਾਮ ਸਿੰਘ, ਸੰਯੁਕਤ ਡਾਇਰੈਕਟਰ ਖੇਤੀਬਾੜੀ (ਇਨਪੁੱਟਸ) ਪੰਜਾਬ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।
ਇਸ ਤੋਂ ਇਲਾਵਾ ਡਾ. ਪ੍ਰਭਜੋਤ ਕੌਰ, ਜ਼ਿਲ੍ਹਾ ਸਿਖਲਾਈ ਅਫ਼ਸਰ, ਬਠਿੰਡਾ; ਡਾ. ਗੁਰਬਿੰਦਰ ਸਿੰਘ ਸੰਧੂ, ਸੀਨੀਅਰ ਐਨਾਲਿਸਟ, ਕੀਟਨਾਸ਼ਕ ਪਰਖ ਪ੍ਰਯੋਗਸ਼ਾਲਾ, ਬਠਿੰਡਾ; ਡਾ. ਦਵਿੰਦਰ ਸਿੰਘ ਸੰਧੂ, ਇੰਚਾਰਜ, ਬਾਇਓ-ਫਰਟੀਲਾਈਜ਼ਰ ਕੁਆਲਿਟੀ ਕੰਟਰੋਲ ਲੈਬਾਰਟਰੀ, ਬਠਿੰਡਾ; ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਅਧਿਕਾਰੀ ਅਤੇ ਕਰਮਚਾਰੀ, ਵੱਖ-ਵੱਖ ਪਿੰਡਾਂ ਦੇ ਪ੍ਰਮੁੱਖ ਕਿਸਾਨ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
- Download Babushahi App
-
-