ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਵੱਲ ਇੱਕ ਹੋਰ ਵੱਡਾ ਕਦਮ: ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ
ਸੁਖਮਿੰਦਰ ਭੰਗੂ / ਬਾਬੂਸ਼ਾਹੀ ਬਿਊਰੋ
ਲੁਧਿਆਣਾ, 27 ਜੂਨ 2026
ਪੰਜਾਬ ਦੇ ਮੁੱਖ ਮੰਤਰੀ ਨੇ ਨਸ਼ਿਆਂ ਖ਼ਿਲਾਫ਼ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅਗਲੇ ਪੜਾਅ ਤਹਿਤ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਨਸ਼ੇ ਦੀ ਲਤ ਤੋਂ ਪੂਰੀ ਤਰ੍ਹਾਂ ਮੁਕਤ ਹੋਏ ਨੌਜਵਾਨਾਂ ਨੂੰ ‘ਸੂਰਮਾ’ ਰਿੰਗਾਂ ਅਤੇ ਟੀ-ਸ਼ਰਟਾਂ ਦੇ ਕੇ ਸਨਮਾਨਿਤ ਕੀਤਾ ਗਿਆ।
ਮੁੱਖ ਮੰਤਰੀ ਨੇ ਕਿਹਾ ਕਿ ਦੋ ਸਾਲ ਜਾਂ ਇਸ ਤੋਂ ਵੱਧ ਸਮੇਂ ਤੋਂ ਨਸ਼ਾ-ਮੁਕਤ ਰਹਿ ਰਹੇ ਇਹ ਨੌਜਵਾਨ ਹੁਣ “ਉਮੀਦ ਦੇ ਦੂਤ” ਬਣ ਕੇ ਹੋਰਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਗੇ। ਸਰਕਾਰ ਵੱਲੋਂ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਵੀ ਮੁਹੱਈਆ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਨਸ਼ਾ ਇੱਕ ਬਿਮਾਰੀ ਹੈ, ਅਪਰਾਧ ਨਹੀਂ, ਇਸ ਲਈ ਇਸ ਦਾ ਇਲਾਜ ਅਤੇ ਪੁਨਰਵਾਸ ਜ਼ਰੂਰੀ ਹੈ। ਪੰਜਾਬ ਭਰ ਵਿੱਚ ਆਧੁਨਿਕ ਸਹੂਲਤਾਂ ਵਾਲੇ ਡੀ-ਐਡੀਕਸ਼ਨ ਅਤੇ ਪੁਨਰਵਾਸ ਕੇਂਦਰ ਸਥਾਪਤ ਕੀਤੇ ਜਾ ਰਹੇ ਹਨ।
ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨੂੰ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਦੱਸਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 15 ਜੁਲਾਈ ਤੱਕ ਪੰਜਾਬ ਦੇ 3,100 ਪਿੰਡਾਂ ਵਿੱਚ ਖੇਡ ਮੈਦਾਨ ਅਤੇ 3,000 ਜਿਮ ਚਾਲੂ ਹੋ ਜਾਣਗੇ।
ਉਨ੍ਹਾਂ ਕਿਹਾ ਕਿ ਸਿੱਖਿਆ, ਸਿਹਤ, ਖੇਡਾਂ ਅਤੇ ਪੁਨਰਵਾਸ ਦੇ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲੇ “ਰੰਗਲਾ ਪੰਜਾਬ” ਅਤੇ ਨਸ਼ਾ-ਮੁਕਤ ਪੰਜਾਬ ਦੀ ਮਜ਼ਬੂਤ ਨੀਂਹ ਰੱਖ ਰਹੇ ਹਨ। ‘ਸੂਰਮਾ’ ਮੁਹਿੰਮ ਹੁਣ ਪੰਜਾਬ ਦੇ ਹਰ ਜ਼ਿਲ੍ਹੇ ਅਤੇ ਪਿੰਡ ਤੱਕ ਪਹੁੰਚਾਈ ਜਾਵੇਗੀ ਤਾਂ ਜੋ ਨਸ਼ਿਆਂ ਖ਼ਿਲਾਫ਼ ਲੋਕਾਂ ਦੀ ਭਾਗੀਦਾਰੀ ਹੋਰ ਮਜ਼ਬੂਤ ਬਣੇ।
- Download Babushahi App
-
-